
ਹੁਸ਼ਿਆਪਰੁਰ, 20 ਅਗਸਤ:
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਝੋਨੇ ਦੇ ਖ਼ਰੀਦ ਸੀਜ਼ਨ 2025-26 ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ। ਮੀਟਿੰਗ ਵਿਚ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ, ਮੰਡੀ ਬੋਰਡ ਦੇ ਅਧਿਕਾਰੀ, ਵੱਖ-ਵੱਖ ਖ਼ਰੀਦ ਏਜੰਸੀਆਂ, ਆੜ੍ਹਤੀਆ ਐਸੋਸੀਏਸ਼ਨ ਅਤੇ ਹੋਰ ਸਬੰਧਤ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ ਵੀ ਮੌਜੂਦ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਮੰਡੀਆਂ ਵਿਚ ਸਿਰਫ਼ ਸੁੱਕਾ ਝੋਨਾ ਹੀ ਲਿਆਉਣ ਲਈ ਪ੍ਰੇਰਿਤ ਕਰਨ, ਤਾਂ ਜੋ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਅਨੁਸਾਰ, ਸ਼ਾਮ 6 ਵਜੇ ਤੋਂ ਬਾਅਦ ਅਤੇ ਸਵੇਰੇ 10 ਵਜੇ ਤੋਂ ਪਹਿਲਾਂ ਝੋਨੇ ਦੀ ਕਟਾਈ ਨਹੀਂ ਕੀਤੀ ਜਾ ਸਕਦੀ, ਤਾਂ ਜੋ ਝੋਨੇ ਵਿਚ ਨਮੀ ਦੀ ਮਾਤਰਾ ਨਿਰਧਾਰਿਤ ਮਾਪਦੰਡਾਂ ਅਨੁਸਾਰ ਰਹੇ।
ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਪੱਧਰ ‘ਤੇ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇਗਾ ਅਤੇ ਹੋਰ ਮੁੱਦੇ ਰਾਜ ਮੁੱਖ ਦਫਤਰ ਦੇ ਸਾਹਮਣੇ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਸਾਰੇ ਐਸ.ਡੀ.ਐਮਜ਼ ਆਪਣੇ-ਆਪਣੇ ਖੇਤਰਾਂ ਵਿਚ ਆੜ੍ਹਤੀਆਂ ਅਤੇ ਹੋਰ ਹਿੱਸੇਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੀਟਿੰਗਾਂ ਕਰਨਗੇ, ਤਾਂ ਜੋ ਖ਼ਰੀਦ ਸੀਜ਼ਨ ਤੋਂ ਪਹਿਲਾਂ ਸਾਰੇ ਮਸਲੇ ਹੱਲ ਹੋ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਅਤੇ ਆੜ੍ਹਤੀਆਂ ਦੇ ਸਹਿਯੋਗ ਨਾਲ ਝੋਨੇ ਦੇ ਖਰੀਦ ਸੀਜ਼ਨ ਨੂੰ ਸਫਲ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਕਿਸਾਨਾਂ ਨੂੰ ਗੁਰਦੁਆਰਿਆਂ ਅਤੇ ਮੰਦਰਾਂ ਵਿਚ ਅਨਾਊਂਸਮੈਂਟਾਂ ਰਾਹੀਂ ਸੁੱਕਾ ਝੋਨਾ ਮੰਡੀਆਂ ਵਿਚ ਲਿਆਉਣ ਲਈ ਜਾਗਰੂਕ ਕੀਤਾ ਜਾਵੇਗਾ।
ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਲੱਗਭਗ 4.36 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਣ ਦੀ ਸੰਭਾਵਨਾ ਹੈ। ਪਿਛਲੇ ਸਾਲ ਵਾਂਗ ਇਸ ਵਾਰ ਵੀ ਮੰਡੀ ਬੋਰਡ ਵੱਲੋਂ ਕੁੱਲ 79 ਮੰਡੀਆਂ ਨੂੰ ਅਧਿਸੂਚਿਤ ਕੀਤਾ ਜਾਵੇਗਾ, ਜਿਨ੍ਹਾਂ ਵਿਚੋਂ 65 ਸਥਾਈ ਅਤੇ 14 ਅਸਥਾਈ ਮੰਡੀਆਂ ਹਨ। ਇਸ ਵਾਰ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2389 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ। ਮੀਟਿੰਗ ਵਿਚ ਆੜ੍ਹਤੀਆਂ ਨੇ ਆਪਣੇ ਮੁੱਦੇ ਉਠਾਏ, ਜਿਸ ਸਬੰਧੀ ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਸਾਰੇ ਮਸਲੇ ਸਮੇਂ ਸਿਰ ਹੱਲ ਕਰ ਲਏ ਜਾਣਗੇ। ਇਸ ਮੌਕੇ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਹਰਵੀਨ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਗੁਰਕਿਰਪਾਲ ਸਿੰਘ, ਡੀ.ਐਮ ਐਫ.ਸੀ.ਆਈ ਨਵੀਨ ਨੇਗੀ, ਡੀ.ਐਮ ਮਾਰਕਫੈੱਡ ਜਤਿੰਦਰ ਕੁਮਾਰ, ਡੀ.ਐਮ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਐਚ.ਐਸ ਔਲਖ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।