ਫਾਜ਼ਿਲਕਾ / ਅਬੋਹਰ 10 ਅਪ੍ਰੈਲ
ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਵੱਲੋਂ ਅੱਜ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ ਗਿਆ। ਉਨਾਂ ਵੱਲੋਂ ਅਬੋਹਰ ਦੀ ਮੁੱਖ ਅਨਾਜ ਮੰਡੀ ਤੋਂ ਇਲਾਵਾ ਪਿੰਡ ਦੁਤਾਰਾ ਵਾਲੀ ਅਤੇ ਸੀਤੋ ਗੁਨੋ ਵਿਖੇ ਬਣੀਆਂ ਅਨਾਜ ਮੰਡੀਆਂ ਦਾ ਦੌਰਾ ਵੀ ਕੀਤਾ ਗਿਆ ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ 96 ਖਰੀਦ ਕੇਂਦਰ ਬਣਾਏ ਗਏ ਹਨ। ਉਹਨਾਂ ਨੇ ਦੱਸਿਆ ਕਿ ਇਸ ਵਾਰ ਕਣਕ ਲਈ ਘੱਟੋ ਘੱਟ ਸਮਰਥਨ ਮੁੱਲ 2425 ਰੁਪਏ ਹੈ । ਉਹਨਾਂ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਖਰੀਦਣ ਲਈ ਸਾਰੇ ਢੁਕਵੇ ਪ੍ਰਬੰਧ ਕਰਨ ਦੇ ਨਿਰਦੇਸ਼ ਮਾਰਕੀਟ ਕਮੇਟੀਆਂ ਨੂੰ ਦਿੱਤੇ ਗਏ ਹਨ। ਉਹਨਾਂ ਨੇ ਕਿਹਾ ਕਿ ਮਾਰਕੀਟ ਕਮੇਟੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਮੰਡੀਆਂ ਵਿੱਚ ਪੀਣ ਦੇ ਪਾਣੀ, ਛਾਂ, ਸਾਫ ਸਫਾਈ ਆਦਿ ਸਾਰੇ ਪ੍ਰਬੰਧ ਕੀਤੇ ਜਾਣ । ਫਿਲਹਾਲ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਬਹੁਤ ਥੋੜੀ ਮਾਤਰਾ ਵਿੱਚ ਸ਼ੁਰੂ ਹੋਈ ਹੈ ਅਤੇ ਆਉਣ ਵਾਲੇ ਦੋ ਤਿੰਨ ਦਿਨਾਂ ਵਿੱਚ ਇਸ ਆਮਦ ਵਿੱਚ ਤੇਜ਼ੀ ਆਉਣ ਦੀ ਸੰਭਾਵਨਾ ਹੈ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਸੁੱਕੀ ਅਤੇ ਸਾਫ ਫਸਲ ਮੰਡੀ ਵਿੱਚ ਲਿਆਂਦੀ ਜਾਵੇ । ਉਨਾਂ ਨੇ ਕਿਹਾ ਕਿ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਖਰੀਦੀ ਗਈ ਕਣਕ ਦੀ ਅਦਾਇਗੀ ਕਿਸਾਨਾਂ ਨੂੰ ਨਾਲੋ ਨਾਲ ਕਰਨ ਦੇ ਨਾਲ ਨਾਲ ਮੰਡੀਆਂ ਵਿੱਚੋਂ ਕਣਕ ਦੀ ਲਿਫਟਿੰਗ ਵੀ ਤੇਜ਼ੀ ਨਾਲ ਕੀਤੀ ਜਾਵੇ। ਇਸ ਦੌਰਾਨ ਉਹਨਾਂ ਦੇ ਨਾਲ ਅਬੋਹਰ ਦੇ ਐਸਡੀਐਮ ਸ਼੍ਰੀ ਕ੍ਰਿਸ਼ਨਪਾਲ ਰਾਜਪੂਤ, ਮਾਰਕੀਟ ਕਮੇਟੀ ਅਬੋਹਰ ਦੇ ਚੇਅਰਮੈਨ ਉਪਕਾਰ ਸਿੰਘ ਜਾਖੜ ਅਤੇ ਜ਼ਿਲ੍ਹਾ ਮੰਡੀ ਅਫਸਰ ਸ੍ਰੀ ਸਲੋਧ ਬਿਸ਼ਨੋਈ ਵੀ ਹਾਜ਼ਰ ਸਨ।