ਬਰਨਾਲਾ, 18 ਜੂਨ
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ ਏ ਐੱਸ ਵਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਚ ਬਣੀ ਲਾਇਬ੍ਰੇਰੀ, ਕਾਨਫਰੰਸ ਹਾਲ, ਇੰਟਰਵਿਊ ਰੂਮ ਅਤੇ ਹੋਰ ਵੱਖ ਵੱਖ ਦਫਤਰਾਂ ਦਾ ਦੌਰਾ ਕੀਤਾ।
ਓਨ੍ਹਾਂ ਲਾਇਬ੍ਰੇਰੀ ਵਿਚ ਵੱਖ ਵੱਖ ਇਮਤਿਹਾਨਾਂ ਦੀ ਤਿਆਰੀ ਲਈ ਆਏ ਨੌਜਵਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਰੋਜ਼ਗਾਰ ਦਫ਼ਤਰ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਫੀਡਬੈਕ ਲਿਆ।
ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਉਤਪਤੀ ਅਫ਼ਸਰ ਨਵਜੋਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਲੋਂ ਜਿੱਥੇ ਸਮੇਂ ਸਮੇਂ ‘ਤੇ ਨੌਜਵਾਨਾਂ ਨੂੰ ਇਮਤਿਹਾਨਾਂ ਦੇ ਲਿਖਤੀ ਪੇਪਰ ਦੀ ਤਿਆਰੀ ਕਰਵਾਈ ਜਾਂਦੀ ਹੈ, ਓਥੇ ਪਲੇਸਮੈਂਟ ਕੈਂਪ ਲਾਉਣ ਤੋਂ ਇਲਾਵਾ ਨੌਜਵਾਨਾਂ ਦੀ ਕਰੀਅਰ ਕਾਊਂਸਲਿੰਗ ਵੀ ਕੀਤੀ ਜਾਂਦੀ ਹੈ।
ਓਨ੍ਹਾਂ ਦੱਸਿਆ ਕਿ ਡੀਬੀਈਈ ਬਰਨਾਲਾ ਵੱਲੋਂ ਪ੍ਰਾਰਥੀਆਂ ਨੂੰ ਵੱਖ ਵੱਖ ਥਾਈਂ ਕੈਂਪ ਲਗਾ ਕੇ ਮੁਫ਼ਤ ਇੰਟਰਨੈਟ ਸਰਵਿਸ, ਲਾਇਬੇ੍ਰੀ, ਪ੍ਰਾਈਵੇਟ ਕੰਪਨੀਆਂ ਦੁਆਰਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਏ ਜਾਂਦੇ ਪਲੇਸਮੈਟ ਕੈਂਪਾਂ, ਸਵੈ-ਰੋਜ਼ਗਾਰ ਲਈ ਲੋਨ, ਹੁਨਰ ਵਿਕਾਸ ਪ੍ਰੋਗਰਾਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ।
ਇਸ ਮੌਕੇ ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਸ੍ਰੀ ਸ਼ਿਵਾਂਸ਼ ਰਾਠੀ ਅਤੇ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਤੇ ਹੁਨਰ ਵਿਕਾਸ ਕੇਂਦਰ ਦਾ ਸਟਾਫ਼ ਹਾਜ਼ਰ ਸੀ।