
ਮਾਲੇਰਕੋਟਲਾ, 03 ਸਤੰਬਰ –
ਭਾਰੀ ਬਰਸਾਤ ਕਾਰਨ ਜ਼ਿਲ੍ਹੇ ਦੇ ਕਈ ਪਿੰਡਾਂ ਅਤੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਪਹਿਲ ਦੇਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਕਿਸੇ ਵੀ ਅਪਾਤ ਸਥਿਤੀ ਨੂੰ ਸੰਭਾਲਣ ਲਈ ਅਧਿਕਾਰੀ, ਕਰਮਚਾਰੀ ਅਤੇ ਰਾਹਤ ਟੀਮਾਂ ਮੁਸਤੈਦ ਹਨ।
ਡਿਪਟੀ ਕਮਿਸ਼ਨਰ ਨੇ ਅੱਜ ਪਿੰਡ ਫਰੀਦਪੁਰ ਕਲ੍ਹਾਂ,ਫਰੀਦਪੁਰ ਖੁਰਦ, ਹਥਣ,ਬੁਰਜ, ਨੌਧਰਾਣੀ ਆਦਿ ਵਿੱਚ ਖੁਦ ਪਾਣੀ ਦੇ ਪੱਧਰ ਦਾ ਨਿਰੀਖਣ ਕੀਤਾ। ਇਸ ਮੌਕੇ ਐਸ.ਡੀ.ਐਮ. ਗੁਰਮੀਤ ਕੁਮਾਰ ਬਾਂਸਲ ਸਮੇਤ ਕਈ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਣੀ ਨਿਕਾਸੀ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਟਰੋਲ ਰੂਮ ਨੂੰ ਪੂਰੀ ਤਰ੍ਹਾਂ ਸਚੇਤ ਕੀਤਾ ਗਿਆ ਹੈ ਅਤੇ ਪਾਣੀ ਦੇ ਪੱਧਰ ਉੱਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਲੋਕਾਂ ਵੱਲੋਂ ਦਿੱਤੀ ਜਾਣਕਾਰੀ ਦਾ ਤੁਰੰਤ ਨਿਪਟਾਰਾ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਅਵਾਮ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਜਾਣਕਾਰੀ ਲਈ ਸਿਰਫ਼ ਅਧਿਕਾਰਤ ਸਰੋਤਾਂ ‘ਤੇ ਹੀ ਨਿਰਭਰ ਕਰਨ ਤੇ ਅਫਵਾਹਾਂ ਤੋਂ ਦੂਰ ਰਹਿਣ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਗਲਤ ਜਾਣਕਾਰੀ ਫੈਲਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਪਿੰਡ ਪੱਧਰ ‘ਤੇ ਰਾਹਤ ਅਤੇ ਰੈਸਕਿਊ ਟੀਮਾਂ ਤੈਨਾਤ ਕੀਤੀਆਂ ਜਾ ਰਹੀਆਂ ਹਨ ਜੋ ਜਰੂਰਤ ਪੈਣ ‘ਤੇ ਲੋਕਾਂ ਦੀ ਤੁਰੰਤ ਸਹਾਇਤਾ ਕਰਨਗੀਆ। ਸਿਹਤ ਵਿਭਾਗ ਨੂੰ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਬਰਸਾਤੀ ਮੌਸਮ ਵਿੱਚ ਪਾਣੀ ਨਾਲ ਜੁੜੀਆਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਚਲਾਈ ਜਾਵੇ।
ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ “ਇਹ ਸਮਾਂ ਇੱਕ ਦੂਜੇ ਦਾ ਹੱਥ ਫੜ ਕੇ ਹਿੰਮਤ ਨਾਲ ਅੱਗੇ ਵਧਣ ਦਾ ਹੈ। ਪ੍ਰਸ਼ਾਸਨ ਤੁਹਾਡੇ ਨਾਲ ਹਰ ਪਲ ਖੜ੍ਹਾ ਹੈ। ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਲੋੜ ਨਹੀਂ, ਸਿਰਫ਼ ਸਾਵਧਾਨੀ ਤੇ ਜ਼ਿੰਮੇਵਾਰੀ ਨਾਲ ਕਦਮ ਚੁੱਕਣ ਦੀ ਜ਼ਰੂਰਤ ਹੈ। ਮਿਲ ਕੇ ਅਸੀਂ ਇਸ ਚੁਣੌਤੀ ‘ਤੇ ਕਾਬੂ ਪਾ ਸਕਦੇ ਹਾਂ।”
ਇਸ ਮੌਕੇ ਪਿੰਡ ਹਥਣ ਦੇ ਸਰਪੰਚ ਕਮਲਜੀਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਫੋਰੀ ਰਾਹਤ ਕਾਰਜਾਂ ਦੀ ਖਾਸ ਤੌਰ ‘ਤੇ ਸਲਾਹਣਾ ਕੀਤੀ।