ਹੁਸ਼ਿਆਰਪੁਰ, 2 ਜੁਲਾਈ: ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ ਨੇ ਕਿਹਾ ਕਿ 3 ਜੁਲਾਈ ਤੋਂ ਸ਼ੁਰੂ ਹੋਣ ਵਾਲੀ ਅਮਰਨਾਥ ਯਾਤਰਾ ਲਈ ਜ਼ਿਲ੍ਹੇ ਵਿੱਚੋਂ ਲੰਘਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਲਈ ਢੁਕਵੇਂ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਸਿਸਟਮ ਨੂੰ ਸੁਚਾਰੂ ਬਣਾਉਣ ਲਈ ਦਿਨ-ਰਾਤ ਸਾਂਝੇ ਤੌਰ ‘ਤੇ ਕੰਮ ਕਰ ਰਿਹਾ ਹੈ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਮਰਨਾਥ ਯਾਤਰਾ-2025 ਦੇ ਸੁਚਾਰੂ ਪ੍ਰਬੰਧਾਂ ਸਬੰਧੀ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ ਅਤੇ ਐਸ.ਡੀ.ਐਮ ਦਸੂਹਾ ਕੰਵਲਜੀਤ ਸਿੰਘ ਵੀ ਉਨ੍ਹਾਂ ਨਾਲ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਮਰਨਾਥ ਯਾਤਰਾ ਲਈ ਜਾਣ ਵਾਲੇ ਬਹੁਤ ਸਾਰੇ ਸ਼ਰਧਾਲੂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚੋਂ ਲੰਘਦੇ ਹਨ, ਇਸ ਲਈ ਉਨ੍ਹਾਂ ਦੀ ਸਹੂਲਤ ਅਤੇ ਸੁਰੱਖਿਆ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਆਰ.ਟੀ.ਓ ਨੂੰ ਬੱਸਾਂ ਅਤੇ ਟਰੱਕਾਂ ਦੀ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਜ਼ਰੂਰ ਧਿਆਨ ਰੱਖਿਆ ਜਾਵੇ ਕਿ ਸ਼ਰਧਾਲੂਆਂ ਦਾ ਜੱਥਾ ਭਾਰ ਢੋਣ ਵਾਲੇ ਵਾਹਨਾਂ ‘ਤੇ ਨਾ ਜਾਣ, ਕਿਉਂਕਿ ਇਨ੍ਹਾਂ ਵਾਹਨਾਂ ਨਾਲ ਦੁਰਘਟਨਾ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਯਾਤਰਾ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਭਾਰ ਢੋਣ ਵਾਲੇ ਵਾਹਨਾਂ ‘ਤੇ ਨਾ ਜਾਣ। ਇਸ ਤੋਂ ਇਲਾਵਾ ਉਨ੍ਹਾਂ ਆਰ. ਟੀ.ਓ. ਨੂੰ ਨਿਰਦੇਸ਼ ਦਿੱਤੇ ਕਿ ਪੁਲਿਸ ਨਾਲ ਤਾਲਮੇਲ ਕਰਕੇ ਰਿਕਵਰੀ ਵੈਨ ਦੀ ਵਿਵਸਥਾ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਇਲਾਕਿਆਂ ਵਿੱਚ ਲੰਗਰ ਸਥਾਨਾਂ ਦਾ ਦੌਰਾ ਕਰਨ ਅਤੇ ਢੁਕਵੇਂ ਪ੍ਰਬੰਧ, ਸੁਰੱਖਿਆ ਅਤੇ ਟ੍ਰੈਫਿਕ ਕੰਟਰੋਲ ਨੂੰ ਯਕੀਨੀ ਬਣਾਉਣ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਵਧੀਕ ਡਿਪਟੀ ਕਮਿਸ਼ਨਰ ਅਮਰਬੀਰ ਕੌਰ ਨੇ ਸਿਵਲ ਸਰਜਨ ਨੂੰ ਵੀ ਲੰਗਰ ਵਾਲੀਆਂ ਥਾਵਾਂ ‘ਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਵੀ ਦਿੱਤੇ, ਇਸ ਤੋਂ ਇਲਾਵਾ ਕਾਰਜਕਾਰੀ ਅਧਿਕਾਰੀਆਂ ਨੂੰ ਲੰਗਰ ਸਥਾਨਾਂ ‘ਤੇ ਸਫਾਈ ਯਕੀਨੀ ਬਣਾਉਣ ਅਤੇ ਫਾਇਰ ਟੈਂਡਰ ਤਾਇਨਾਤ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਨੂੰ ਇਹ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਲੰਗਰ ਦੌਰਾਨ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਨਾ ਹੋ ਸਕੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਇੱਕ ਦੂਜੇ ਨਾਲ ਤਾਲਮੇਲ ਕਰਕੇ ਆਪਣੀਆਂ ਡਿਊਟੀਆਂ ਨਿਭਾਉਣ।
ਇਸ ਦੌਰਾਨ ਮੌਜੂਦ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਯਾਤਰਾ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵੱਖ-ਵੱਖ ਥਾਵਾਂ ‘ਤੇ ਨਾਕੇ ਲਗਾ ਕੇ ਚੈਕਿੰਗ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਲੰਗਰ ਲਗਾਉਣ ਵਾਲੀਆਂ ਥਾਵਾਂ ‘ਤੇ ਵੀ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹੇ ਵਿੱਚ ਡੀ.ਐਸ.ਪੀ ਪੱਧਰ ‘ਤੇ ਸੁਰੱਖਿਆ ਉਪਾਵਾਂ ਅਤੇ ਟ੍ਰੈਫਿਕ ਪ੍ਰਬੰਧਨ ਵਰਗੇ ਮੁੱਦਿਆਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਸਮੂਹ ਡੀ.ਐਸ.ਪੀਜ਼, ਤਹਿਸੀਲਦਾਰ, ਕਾਰਜਕਾਰੀ ਅਧਿਕਾਰੀ, ਖੁਰਾਕ ਅਤੇ ਸਪਲਾਈ ਕੰਟਰੋਲਰ, ਸਹਾਇਕ ਆਰ.ਟੀ.ਓ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *