ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਕਿਸਾਨ : ਡਿਪਟੀ ਕਮਿਸ਼ਨਰ

ਬਠਿੰਡਾ, 4 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਝੋਨੇ ਦੀ ਖਰੀਦ ਦੇ ਮੱਦੇਨਜ਼ਰ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।

        ਸ੍ਰੀ ਸ਼ੌਕਤ ਅਹਿਮਦ ਪਰੇ ਨੇ ਕੰਬਾਇਨ ਮਾਲਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਨੂੰ ਨਾ ਕੱਟਣ। ਉਨ੍ਹਾਂ ਕਿਹਾ ਕਿ ਜੇਕਰ ਨਿਰਧਾਰਿਤ ਸਮੇਂ ਦੌਰਾਨ ਕੋਈ ਕੰਬਾਈਨ ਝੋਨੇ ਦੀ ਫ਼ਸਲ ਕੱਟਦੀ ਫੜੀ ਗਈ ਤਾਂ ਉਸ ਨੂੰ ਤੁਰੰਤ ਪੂਰੇ ਸੀਜ਼ਨ ਲਈ ਜਬਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੰਬਾਈਨਾਂ ਰਾਤ ਵੇਲੇ ਹਰਾ ਝੋਨਾ ਜੋ ਕਿ ਚੰਗੀ ਤਰ੍ਹਾਂ ਪੱਕਿਆ ਨਹੀਂ ਹੁੰਦਾ, ਕੱਚਾ ਦਾਣਾ ਹੀ ਕੱਟ ਦਿੰਦੀਆਂ ਹਨ, ਜਿਸ ਨਾਲ ਝੋਨੇ ਦੀ ਕੁਆਲਿਟੀ ਪ੍ਰਭਾਵਿਤ ਹੁੰਦੀ ਹੈ ਅਤੇ ਖ਼ਰੀਦ ਏਜੰਸੀਆਂ ਵੀ ਝੋਨੇ ਦੀ ਖ਼ਰੀਦ ਕਰਨ ਤੋਂ ਝਿਜਕਦੀਆਂ ਹਨ।

        ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਉਨਤ ਕਿਸਾਨ ਐਪ ਉਨ੍ਹਾਂ ਦੇ ਮੋਬਾਇਲਾਂ ਉਪਰ ਡਾਊਨਲੋਡ ਕਰਵਾਕੇ ਇਸ ਬਾਰੇ ਉਨ੍ਹਾਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਇਆ ਜਾਵੇ ਤਾਂ ਜੋ ਕਿਸਾਨ ਇਸ ਐਪ ਰਾਹੀਂ ਪਰਾਲੀ ਪ੍ਰਬੰਧਨ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਬਾਰੇ ਵੱਧ ਤੋਂ ਵੱਧ ਜਾਣਕਾਰੀ ਹਾਸਲ ਕਰਦਿਆਂ ਇਸ ਮਸ਼ੀਨਰੀ ਦੀ ਬੁਕਿੰਗ ਕਰਵਾ ਸਕਣ।

        ਇਸ ਦੌਰਾਨ ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਗੌਰਵ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਫ-ਸਫ਼ਾਈ ਅਤੇ ਪੀਣ ਵਾਲੇ ਸ਼ੁੱਧ ਪਾਣੀ ਤੋਂ ਇਲਾਵਾ ਬਿਜਲੀ ਆਦਿ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਗੋਨਿਆਣਾ ਦੀ ਅਨਾਜ ਮੰਡੀ ਵਿਚ ਇੱਕ ਕਿਸਾਨ ਵਲੋਂ ਜ਼ਿਆਦਾ ਨਮੀ ਵਾਲੇ ਝੋਨੇ ਦੀ ਫ਼ਸਲ ਲਿਆਂਦੀ ਸੀ, ਜਿਸ ਕਾਰਨ ਉਸ ਨੂੰ ਵਾਪਿਸ ਭੇਜਿਆ ਗਿਆ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਨੂੰ ਚੰਗੀ ਤਰ੍ਹਾਂ ਸੁਕਾ ਹੀ ਕੱਟਿਆ ਜਾਵੇ ਅਤੇ ਮੰਡੀ ਵਿਚ ਲਿਆਂਦਾ ਜਾਵੇ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਚ ਆਪਣੇ ਝੋਨੇ ਦੀ ਫ਼ਸਲ ਵੇਚਣ ਸਮੇਂ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।


Posted

in

, ,

by

Tags:

Comments

Leave a Reply

Your email address will not be published. Required fields are marked *