ਬਰਨਾਲਾ, 9 ਜੁਲਾਈ
ਸਰਕਾਰ ਵਲੋਂ ਬਜ਼ੁਰਗਾਂ, ਵਿਧਵਾ ਔਰਤਾਂ, ਦਿਵਿਆਂਗਜਨਾਂ ਤੇ ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਵਜੋਂ ਪ੍ਰਤੀ ਮਹੀਨਾ 1500 ਰੁਪਏ ਰਾਸ਼ੀ ਸਿੱਧੀ ਬੈਂਕ ਖਾਤਿਆਂ ‘ਚ ਪਾਉਣ ਦਾ ਪ੍ਰਬੰਧ ਹੈ, ਜਿਸ ਤਹਿਤ ਹਰ ਮਹੀਨੇ ਕਰੋੜਾਂ ਰੁਪਏ ਦੀ ਰਾਸ਼ੀ ਪੈਨਸ਼ਨਾਂ ਵਜੋਂ ਜਾਰੀ ਕੀਤੀ ਜਾ ਰਹੀ ਹੈ ਤਾਂ ਜੋ ਲੋੜਵੰਦਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਸਕੇ।
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ.ਬੈਨਿਥ ਆਈਏਐੱਸ ਨੇ ਦੱਸਿਆ ਕਿ ਸਰਕਾਰ ਵਲੋਂ ਜੂਨ ਮਹੀਨੇ ਦੀ ਪੈਨਸ਼ਨ ਵਜੋਂ ਸਮਾਜਿਕ ਸੁਰੱਖਿਆ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ ਬੁਢਾਪਾ ਪੈਨਸ਼ਨ ਦੇ 63,307 ਲਾਭਪਾਤਰੀਆਂ ਨੂੰ 9,49,60,500 ਰੁਪਏ, ਵਿਧਵਾ ਪੈਨਸ਼ਨ ਦੇ 14,561 ਲਾਭਪਾਤਰੀਆਂ ਨੂੰ 2,18,41,500 ਰੁਪਏ, ਆਸ਼ਰਿਤ ਬੱਚਿਆਂ ਦੀ ਪੈਨਸ਼ਨ ਦੇ 5329 ਲਾਭਪਾਤਰੀਆਂ ਨੂੰ 79,93,500 ਰੁਪਏ ਅਤੇ 8249 ਦਿਵਿਆਂਗਜਨਾਂ ਨੂੰ ਪੈਨਸ਼ਨ ਵਜੋਂ 1,23,73,500 ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ ਕੀਤੇ ਗਏ। ਜ਼ਿਲ੍ਹਾ ਬਰਨਾਲਾ ਵਿੱਚ ਪੈਨਸ਼ਨ ਵਜੋਂ ਕੁੱਲ 91,446 ਲਾਭਪਾਤਰੀਆਂ ਨੂੰ 13,71,69,000 ਰੁਪਏ ਜਾਰੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ, ਜਿਸ ਤਹਿਤ ਜਿੱਥੇ ਵੱਖ ਵੱਖ ਸਕੀਮਾਂ ਦਾ ਲਾਭ ਲੋੜਵੰਦਾਂ ਨੂੰ ਸਮਾਂਬੱਧ ਤਰੀਕੇ ਨਾਲ ਦਿੱਤਾ ਜਾ ਰਿਹਾ ਹੈ, ਓਥੇ ਵਿਕਾਸ ਕਾਰਜ ਵੀ ਵਿਆਪਕ ਪੱਧਰ ‘ਤੇ ਕਰਾਏ ਜਾ ਰਹੇ ਹਨ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਦਿਵਿਆਂਗਜਨ ਪੈਨਸ਼ਨ ਤੇ ਆਸ਼ਰਿਤ ਬੱਚਿਆਂ ਨੂੰ ਪ੍ਰਤੀ ਮਹੀਨਾ 1500 ਰੁਪਏ ਪੈਨਸ਼ਨ ਵਜੋਂ ਜਾਰੀ ਕੀਤੇ ਜਾਂਦੇ ਹਨ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਬਰਨਾਲਾ ਡਾ. ਤੇਅਵਾਸਪ੍ਰੀਤ ਕੌਰ ਨੇ ਦੱਸਿਆ ਕਿ ਪੈਨਸ਼ਨ ਲਈ ਯੋਗ ਵਿਅਕਤੀ ਜ਼ਿਲ੍ਹੇ ਵਿੱਚ ਕਿਸੇ ਵੀ ਸੇਵਾ ਕੇਂਦਰ ਰਾਹੀਂ ਆਨਲਾਈਨ ਅਪਲਾਈ ਕਰ ਸਕਦੇ ਹਨ। ਕਿਸੇ ਤਰੀਕੇ ਦੀ ਦਿੱਕਤ ਪੇਸ਼ ਆਉਣ ‘ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਤਹਿਸੀਲ ਕੰਪਲੈਕਸ ਵਿੱਚ ਸਥਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਬਰਨਾਲਾ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
