ਰੂਪਨਗਰ, 1 ਅਕਤੂਬਰ: ਸਿਹਤ ਵਿਭਾਗ ਰੂਪਨਗਰ ਵਿੱਚ ਲੰਬੇ ਸਮੇਂ ਤੱਕ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਸੇਵਾਵਾਂ ਨਿਭਾਉਣ ਵਾਲੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਮੀਤ ਕੌਰ ਦੀ ਸਨਮਾਨਤ ਸੇਵਾਮੁਕਤੀ ਮੌਕੇ ਵਿਭਾਗ ਵੱਲੋਂ ਵਿਸ਼ੇਸ਼ ਵਿਦਾਇਗੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅਧਿਕਾਰੀਆਂ ਅਤੇ ਸਹਿਕਰਮੀਆਂ ਨੇ ਉਨ੍ਹਾਂ ਦੀਆਂ ਲੰਬੀਆਂ ਤੇ ਸ਼ਲਾਘਾਯੋਗ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਸੇਵਾਮੁਕਤੀ ਉਪਰੰਤ ਸੁਖਮਈ ਤੇ ਤੰਦਰੁਸਤ ਜੀਵਨ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਉਨ੍ਹਾਂ ਨੇ ਆਪਣੀ ਸਰਕਾਰੀ ਸੇਵਾ ਦੀ ਸ਼ੁਰੂਆਤ 21 ਨਵੰਬਰ 2000 ਨੂੰ ਪ੍ਰਾਇਮਰੀ ਸਿਹਤ ਕੇਂਦਰ ਨੂਰਪੁਰ ਬੇਦੀ ਤੋਂ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਪੀ.ਪੀ. ਯੂਨਿਟ ਰੂਪਨਗਰ ਵਿਖੇ ਕਰੀਬ ਦੋ ਸਾਲ ਸੇਵਾਵਾਂ ਨਿਭਾਈਆਂ। ਉਨ੍ਹਾਂ ਦੀ ਮਿਹਨਤ ਅਤੇ ਕਾਰਗੁਜ਼ਾਰੀ ਨੂੰ ਦੇਖਦਿਆਂ 16 ਜਨਵਰੀ 2003 ਨੂੰ ਉਨ੍ਹਾਂ ਨੂੰ ਤਰੱਕੀ ਦੇ ਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਵਜੋਂ ਪ੍ਰਾਇਮਰੀ ਸਿਹਤ ਕੇਂਦਰ ਭਰਤਗੜ੍ਹ ਵਿਖੇ ਤਾਇਨਾਤ ਕੀਤਾ ਗਿਆ, ਜਿੱਥੇ ਉਨ੍ਹਾਂ ਨੇ ਲਗਭਗ ਨੌਂ ਸਾਲ ਤੱਕ ਸੇਵਾਵਾਂ ਨਿਭਾਈਆਂ।
ਸੇਵਾ ਦੌਰਾਨ ਉਨ੍ਹਾਂ ਨੇ ਸਿਹਤ ਜਾਗਰੂਕਤਾ ਮੁਹਿੰਮਾਂ, ਟੀਕਾਕਰਨ ਪ੍ਰੋਗਰਾਮਾਂ ਅਤੇ ਵੱਖ-ਵੱਖ ਲੋਕ-ਭਲਾਈ ਸਿਹਤ ਯੋਜਨਾਵਾਂ ਸਬੰਧੀ ਜਾਣਕਾਰੀ ਆਮ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਬਾਅਦ ਵਿੱਚ ਉੱਚੇ ਅਹੁਦੇ ’ਤੇ ਤਰੱਕੀ ਮਿਲਣ ਉਪਰੰਤ ਉਨ੍ਹਾਂ ਨੇ ਜ਼ਿਲ੍ਹਾ ਪੱਧਰ ’ਤੇ ਮਾਸ ਮੀਡੀਆ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਸਿਹਤ ਵਿਭਾਗ ਦੇ ਲੋਕ-ਹਿੱਤਕਾਰੀ ਸੁਨੇਹਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਮਹੱਤਵਪੂਰਨ ਯੋਗਦਾਨ ਪਾਇਆ।
ਇਸ ਮੌਕੇ ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਅੰਜਲੀ ਚੌਧਰੀ, ਡਾ. ਉਰਮਲ ਗਰਗ, ਡਾ. ਸਾਰਿਕਾ, ਡਾ. ਹਰਸ਼ਰਨ ਕਾਲੀਆ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਰਵਿੰਦਰ ਸਿੰਘ, ਮੀਡੀਆ ਵਿੰਗ ਦੀ ਟੀਮ ਅਤੇ ਹੋਰ ਸਹਿਕਰਮੀਆਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਅਧਿਕਾਰੀਆਂ ਅਤੇ ਸਹਿਕਰਮੀਆਂ ਨੇ ਉਨ੍ਹਾਂ ਦੀ ਇਮਾਨਦਾਰੀ, ਮਿਹਨਤ, ਲਗਨ ਅਤੇ ਸਮਰਪਿਤ ਸੇਵਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਲਈ ਚੰਗੀ ਸਿਹਤ, ਖੁਸ਼ਹਾਲੀ ਅਤੇ ਸੁਖਮਈ ਭਵਿੱਖ ਦੀ ਕਾਮਨਾ ਕੀਤੀ।
ਸਿਹਤ ਵਿਭਾਗ ਰੂਪਨਗਰ ਵੱਲੋਂ ਉਨ੍ਹਾਂ ਵੱਲੋਂ ਨਿਭਾਈਆਂ ਗਈਆਂ ਲੰਬੀਆਂ ਅਤੇ ਸਮਰਪਿਤ ਸੇਵਾਵਾਂ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਗਿਆ ਕਿ ਲੋਕਾਂ ਵਿੱਚ ਸਿਹਤ ਸਬੰਧੀ ਜਾਗਰੂਕਤਾ ਪੈਦਾ ਕਰਨ ਅਤੇ ਵਿਭਾਗ ਦੀਆਂ ਵੱਖ-ਵੱਖ ਮੁਹਿੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਉਨ੍ਹਾਂ ਦਾ ਯੋਗਦਾਨ ਹਮੇਸ਼ਾ ਯਾਦ ਰਹੇਗਾ।

Leave a Reply