ਬਜ਼ੁਰਗ ਮਾਂ ਦੀ ਪੁਕਾਰ ‘ਤੇ ਤੁਰੰਤ ਐਕਸ਼ਨ; ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਮਿਲਿਆ ਇਨਸਾਫ਼

ਚੰਡੀਗੜ੍ਹ, 10 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੇ ਸਨਮਾਨ, ਸੁਰੱਖਿਆ ਅਤੇ ਅਧਿਕਾਰਾਂ ਦੀ ਰਾਖੀ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਵਚਨਬੱਧਤਾ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਵਿਭਾਗ ਵੱਲੋਂ ਜ਼ਿਲ੍ਹਾ ਮਾਨਸਾ ਦੀ ਇੱਕ ਬਜ਼ੁਰਗ ਮਹਿਲਾ ਦੀ ਸ਼ਿਕਾਇਤ ‘ਤੇ ਤੁਰੰਤ ਦਖ਼ਲ ਦਿੰਦਿਆਂ ਮਾਮਲੇ ਦੀ ਜਾਂਚ ਕਰਵਾਈ ਗਈ ਅਤੇ ਦੋਸ਼ੀ ਵਿਰੁੱਧ ਕਾਨੂੰਨੀ ਕਾਰਵਾਈ ਨੂੰ ਤੇਜ਼ੀ ਨਾਲ ਅਮਲ ਵਿੱਚ ਲਿਆਉਂਦਿਆਂ ਉਸ ਦੀ ਗ੍ਰਿਫ਼ਤਾਰੀ ਯਕੀਨੀ ਬਣਾਈ ਗਈ, ਜਿਸ ਨਾਲ ਪੀੜਤ ਬਜ਼ੁਰਗ ਮਹਿਲਾ ਨੂੰ ਇਨਸਾਫ਼ ਮਿਲਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਬਜ਼ੁਰਗ ਮਹਿਲਾ ਵੱਲੋਂ ਕੀਤੀ ਗਈ ਸ਼ਿਕਾਇਤ ਵਿੱਚ ਦੱਸਿਆ ਗਿਆ ਸੀ ਕਿ ਪਰਿਵਾਰਕ ਵਿਵਾਦ ਅਤੇ ਜਾਇਦਾਦੀ ਮਾਮਲੇ ਨੂੰ ਲੈ ਕੇ ਉਸ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਮਾਨਸਿਕ ਤੌਰ ‘ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਸ਼ਿਕਾਇਤ ਮਿਲਦੇ ਹੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਮਾਨਸਾ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸੰਬੰਧਿਤ ਅਧਿਕਾਰੀਆਂ ਨਾਲ ਤਾਲਮੇਲ ਕੀਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਉਪਰੰਤ ਐਫ.ਆਈ.ਆਰ. ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਡਾ. ਬਲਜੀਤ ਕੌਰ ਨੇ ਕਿਹਾ ਕਿ ਕਿਸੇ ਵੀ ਬਜ਼ੁਰਗ ਮਾਂ-ਪਿਓ ਨਾਲ ਦੁਰਵਿਵਹਾਰ ਜਾਂ ਸ਼ੋਸ਼ਣ ਨਾ ਸਿਰਫ਼ ਕਾਨੂੰਨੀ ਤੌਰ ‘ਤੇ ਗਲਤ ਹੈ, ਸਗੋਂ ਸਾਡੇ ਸਮਾਜਿਕ ਅਤੇ ਨੈਤਿਕ ਮੁੱਲਾਂ ਦੇ ਵੀ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸਪੱਸ਼ਟ ਨੀਤੀ ਹੈ ਕਿ ਹਰ ਬਜ਼ੁਰਗ ਨੂੰ ਸੁਰੱਖਿਅਤ, ਸਨਮਾਨਯੋਗ ਅਤੇ ਨਿਰਭੈ ਜੀਵਨ ਦਾ ਅਧਿਕਾਰ ਮਿਲੇ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਪੀੜਤਾਂ ਨੂੰ ਤੁਰੰਤ ਰਾਹਤ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਮਾਮਲੇ ਦੀ ਪੈਰਵੀ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਮਾਨਸਾ ਨੇ ਬਜ਼ੁਰਗ ਮਹਿਲਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਅਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਨੂੰ ਜ਼ਿਲ੍ਹਾ ਮਾਨਸਾ ਵਿਖੇ ਚੱਲ ਰਹੇ “ਸਤਿਕਾਰ ਘਰ” ਬਾਰੇ ਵੀ ਜਾਣਕਾਰੀ ਦਿੱਤੀ ਗਈ, ਜਿੱਥੇ ਲੋੜ ਪੈਣ ‘ਤੇ ਸੁਰੱਖਿਅਤ ਰਿਹਾਇਸ਼, ਦੇਖਭਾਲ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਉਪਲਬਧ ਕਰਵਾਈਆਂ ਜਾ ਸਕਦੀਆਂ ਹਨ।

ਇਸ ਦੌਰਾਨ ਅਧਿਕਾਰੀਆਂ ਵੱਲੋਂ ਸਤਿਕਾਰ ਘਰ ਦਾ ਦੌਰਾ ਕਰਕੇ ਉੱਥੇ ਰਹਿ ਰਹੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਲੋੜਾਂ ਅਤੇ ਸੁਝਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਨਾਲ ਹੀ ਪ੍ਰਬੰਧਕਾਂ ਨੂੰ ਬਜ਼ੁਰਗਾਂ ਦੀ ਸਿਹਤ, ਸੁਰੱਖਿਆ ਅਤੇ ਭਲਾਈ ਨਾਲ ਸਬੰਧਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਲੋੜੀਂਦੇ ਨਿਰਦੇਸ਼ ਦਿੱਤੇ ਗਏ।

ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਬਜ਼ੁਰਗ ਨਾਗਰਿਕ ਨਾਲ ਦੁਰਵਿਵਹਾਰ, ਅਣਦੇਖੀ ਜਾਂ ਜਾਇਦਾਦ ਸਬੰਧੀ ਸ਼ੋਸ਼ਣ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਤੁਰੰਤ ਸੰਬੰਧਿਤ ਅਧਿਕਾਰੀਆਂ ਜਾਂ ਬਜ਼ੁਰਗ ਹੈਲਪਲਾਈਨ ਨੰਬਰ 14567 ‘ਤੇ ਸੰਪਰਕ ਕੀਤਾ ਜਾਵੇ।

ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨਯੋਗ ਜੀਵਨ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਲੋੜਵੰਦ ਬਜ਼ੁਰਗਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਜਾਰੀ ਰੱਖੇ ਜਾ ਰਹੇ ਹਨ।


Posted

in

,

by

Comments

Leave a Reply

Your email address will not be published. Required fields are marked *