ਮਾਲੇਰਕੋਟਲਾ 07 ਜੁਲਾਈ
ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਅਤੇ ਜ਼ੁਰਮਾਂ ਖਿਲਾਫ਼ ਜਾਗਰੂਕ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪੁਲਿਸ ਵਲੋਂ ਅੱਜ ਸਥਾਨਕ ਉਰਦੂ ਅਕਾਦਮੀ ਵਿਖੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਗੋਰਵ ਯਾਦਵ ਦੇ ਦਿਸ਼ਾ ਨਿਰਦੇਸਾਂ ਤਹਿਤ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੀ ਮੌਜੂਦਗੀ ਵਿੱਚ “ ਸੰਪਰਕ ” ਪ੍ਰੋਗਰਾਮ ਅਧੀਨ ਮੁੜ ਮੀਟਿੰਗਾਂ ਦੀ ਸ਼ੁਰੂਆਤ ਹੈ , ਇਸ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਤੋਂ ਮੋਹਤਬਰਾਂ ਨੇ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਦਾ ਸਾਥ ਦੇਣ ਦਾ ਭਰੋਸਾ ਦਿੱਤਾ ।
ਪ੍ਰਭਾਵਸ਼ਾਲੀ ਪ੍ਰੋਗਰਾਮ ਦੌਰਾਨ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਪੰਜਾਬ ਦੀ ਜਵਾਨੀ ਨੂੰ ਬਚਾਉਂਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪੁਲਿਸ-ਪਬਲਿਕ ਅਤੇ ਸਿਵਲ ਪ੍ਰਸ਼ਾਸਨ ਦੇ ਮੋਢੇ ਨਾਲ ਮੋਢਾ ਲਾ ਕੇ ਬਣਦਾ ਯੋਗਦਾਨ ਪਾਇਆ ਜਾਵੇ ਤਾਂ ਜੋ ਮਾੜੇ ਅਨਸਰਾਂ ਨੂੰ ਸਖਤੀ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਕਿਹਾ ਕਿ “ ਸੰਪਰਕ ” ਪ੍ਰੋਗਰਾਮ ਦਾ ਮਕਸਦ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨਾ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਪੀਲ ਹੈ ਕਿ ਉਹ ਪੱਧਰ ’ਤੇ ਆਪਣਾ ਬਣਦਾ ਯੋਗਦਾਨ ਪਾਉਣ, ਸਹਿਯੋਗ, ਤਾਲਮੇਲ ਨੂੰ ਯਕੀਨੀ ਬਣਾਉਣ ਤਾਂ ਜੋ ਪੁਲਿਸ ਵੀ ਹੋਰ ਠੋਸ ਢੰਗ ਨਾਲ ਕਾਰਵਾਈ ਅਮਲ ਵਿਚ ਲਿਆਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਦੇ ਨਾਲ-ਨਾਲ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਖਾਸਕਰ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਅਤੇ ਮਾਰੂ ਰੁਝਾਨਾਂ ਪ੍ਰਤੀ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਪਿਛਲੇ ਸਮਿਆਂ ਦੌਰਾਨ ਨਸ਼ਾ ਸਮਗਲਰਾਂ ’ਤੇ ਪੂਰਾ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਜਿਸ ਤਹਿਤ ਇਨ੍ਹਾਂ ਸਮਗਲਰਾਂ ਦੀ 34,67,000 ਰੁਪਏ ਤੋਂ ਵੱਧ ਦੀ ਪ੍ਰਾਪਰਟੀ ਨੂੰ ਅਟੈਚ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਸ਼ੁਰੂ ਕੀਤੇ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਣ ਤੱਕ 409 ਮੁਕੱਦਮੇ ਦਰਜ ਕਰਕੇ 457 ਡਰੱਗ ਸਮਗਲਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੰਪਰਕ ਮੁਹਿੰਮ ਨਾਲ ਜੁੜ ਕੇ ਇਸ ਸਮਾਜਿਕ ਕਾਰਜ ਵਿਚ ਅਹਿਮ ਰੋਲ ਅਦਾ ਕਰਨ।
ਕਪਤਾਨ ਪੁਲਿਸ (ਸਥਾਨਕ) ਗੁਰਸ਼ਰਨਜੀਤ ਸਿੰਘ ਕਿ ਇਸ ਅਲਾਮਤ ਨੂੰ ਠੱਲ੍ਹ ਪਾਉਣ ਲਈ ਤਿੰਨ ਨੁਕਾਤੀ ਪ੍ਰੋਗਰਾਮ ਨਸ਼ਿਆਂ ਵਿਰੁੱਧ ਸਖਤ ਕਾਰਵਾਈ, ਨਸ਼ਾ ਛੁਡਾਉਣਾ ਤੇ ਮੁੜ ਵਸੇਬਾ ਅਤੇ ਨਸ਼ਿਆਂ ਦੀ ਰੋਕਥਾਮ ਨੂੰ ਅਸਰਦਾਰ ਢੰਗ ਨਾਲ ਜ਼ਿਲ੍ਹੇ ਵਿਚ ਲਾਗੂ ਕੀਤਾ ਜਾ ਰਿਹਾ ਹੈ। ਐਸ.ਪੀ ਨੇ ਲੋਕਾਂ ਨੂੰ ਬਿਨਾ ਕਿਸੇ ਪ੍ਰਭਾਵ ਜਾਂ ਡਰ ਤੋਂ ਨਸ਼ਿਆਂ ਸਬੰਧੀ ਜਾਣਕਾਰੀਆਂ ਸਾਂਝੀਆਂ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿੱਤੀ ਜਾਣਕਾਰੀ ਪੂਰਨ ਤੌਰ ’ਤੇ ਗੁਪਤ ਰੱਖਦਿਆਂ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇਗਾ।
ਕਪਤਾਨ ਪੁਲਿਸ (ਸਥਾਨਕ) ਨੇ ਅਵਾਮ ਨੂੰ ਅਪੀਲ ਕੀਤੀ ਕਿ ਉਹ ਸੇਫ ਪੰਜਾਬ ਐਂਟੀ ਡਰੱਗ ਹੈਲਪ ਲਾਈਨ ਦੇ ਮੋਬਾਇਲ ਨੰ. 97791-00200 ਤੇ ਨਸ਼ਿਆਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਬਿਨਾਂ ਕਿਸੇ ਡਰ ਤੋਂ ਦੇ ਸਕਦੇ ਹਨ । ਉਨ੍ਹਾਂ ਹੋਰ ਦੱਸਿਆ ਕਿ ਇਸ ਮੋਬਾਇਲ ਨੰਬਰ ਤੇ ਫ਼ੋਨ ਕਰਨ ਵਾਲੇ ਦਾ ਨਾਮ ਸਾਹਮਣੇ ਨਹੀਂ ਆਉਂਦਾ ਅਤੇ ਇਥੇ ਕੇਵਲ ਮੈਂਸਜ ਕਰਕੇ ਹੀ ਜਾਣਕਾਰੀ ਦਿੱਤੀ ਜਾ ਸਕਦੀ ਹੈ। ਜਿਸ ਉਪਰੰਤ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ ’ਤੇ ਰਾਜ ਭਰ ਵਿਚ ਸ਼ੁਰੂ ਹੋਈ ਇਹ ਮੁਹਿੰਮ ਜ਼ਿਲ੍ਹੇ ਵਿਚ ਵੀ ਜੰਗੀ ਪੱਧਰ ’ਤੇ ਜਾਰੀ ਹੈ।
ਇਸ ਮੌਕੇ ਉਪ ਕਪਤਾਨ ਪੁਲਿਸ (ਸਥਾਨਕ) ਮਾਲੇਰਕੋਟਲਾ ਵਾਧੂ ਚਾਰਜ ਉਪ ਕਪਤਾਨ ਪੁਲਿਸ ਸਬ-ਡਵੀਜਨ ਮਾਲੇਰਕੋਟਲਾ ਮਾਨਵਜੀਤ ਸਿੰਘ , ਐਸ.ਐਚ.ਓ ਥਾਣਾ ਸਿਟੀ-1 ਬਲਜੀਤ ਸਿੰਘ, ਐਸ.ਐਚ.ਓ ਸੰਦੌੜ ਗਗਨਦੀਪ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੇ ਮੋਹਤਬਰ ਵਿਅਕਤੀ ਮੌਜੂਦ ਸਨ ।