ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਜਨਵਰੀ, 2024: 

 ਮੁੱਖ ਮੰਤਰੀ ਤੀਰਥ ਯਾਤਰਾ ਦੀ ਨਿਰੰਤਰਤਾ ਵਿੱਚ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮਾਘੀ ਦੇ ਪਵਿੱਤਰ ਦਿਹਾੜੇ ‘ਤੇ ਜ਼ਿਲ੍ਹਾ ਲਾਲੜੂ ਦੇ ਪਿੰਡ ਬੱਲੋਪੁਰ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ-ਤਲਵੰਡੀ ਸਾਬੋ ਲਈ ਜ਼ਿਲੇ ਦੀ ਨੌਵੀਂ ਬੱਸ ਨੂੰ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤਾ ਗਿਆ ਨੇਕ ਕਾਰਜ ਸ਼ਰਧਾਲੂਆਂ ਲਈ ਲਾਹੇਵੰਦ ਸਾਬਤ ਹੋ ਰਿਹਾ ਹੈ। ਇਹ ਬੱਸ 43 ਸ਼ਰਧਾਲੂਆਂ ਨੂੰ ਲੈ ਕੇ ਦੋ ਦਿਨਾਂ ਯਾਤਰਾ ਲਈ ਸ੍ਰੀ ਅੰਮ੍ਰਿਤਸਰ ਸਾਹਿਬ-ਤਲਵੰਡੀ ਸਾਬੋ ਧਾਰਮਿਕ ਸਰਕਟ ਲਈ ਰਵਾਨਾ ਹੋਈ ਹੈ। ਸ਼ਰਧਾਲੂਆਂ ਨੂੰ ਬੱਸ ਵਿੱਚ ਚੜ੍ਹਨ ਤੋਂ ਪਹਿਲਾਂ ਕੰਬਲ, ਸਿਰਹਾਣਾ, ਬੈੱਡ-ਸ਼ੀਟ ਅਤੇ ਟਾਇਲਟਰੀ ਕਿੱਟ ਸਮੇਤ ਜ਼ਰੂਰੀ ਸਾਮਾਨ ਦੀਆਂ ਕਿੱਟਾਂ ਸੌਂਪੀਆਂ ਗਈਆਂ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਲਈ ਬਣਾਏ ਗਏ ਹੋਰ ਧਾਰਮਿਕ ਸਰਕਟਾਂ ਵਿੱਚ ਸ੍ਰੀ ਅਨੰਦਪੁਰ ਸਾਹਿਬ-ਸ੍ਰੀ ਅੰਮਿ੍ਤਸਰ ਸਾਹਿਬ, ਮਾਤਾ ਨੈਣਾ ਦੇਵੀ-ਸ੍ਰੀ ਅਨੰਦਪੁਰ ਸਾਹਿਬ-ਮਾਤਾ ਚਿੰਤਪੁਰਨੀ-ਮਾਤਾ ਜਵਾਲਾ ਜੀ, ਸ੍ਰੀ ਅਨੰਦਪੁਰ ਸਾਹਿਬ-ਤਲਵੰਡੀ ਸਾਬੋ ਅਤੇ ਤਲਵੰਡੀ ਸਾਬੋ-ਸ੍ਰੀ ਅਨੰਦਪੁਰ ਸਾਹਿਬ, ਸਾਲਾਸਰ ਧਾਮ-ਖਾਟੂ-ਸ਼ਿਆਮ ਧਾਮ ਆਦਿ ਸ਼ਾਮਿਲ ਹਨ। ਵਿਧਾਇਕ ਰੰਧਾਵਾ ਨੇ ਦੱਸਿਆ ਕਿ ਹਰੇਕ ਵਿਧਾਨ ਸਭਾ ਹਲਕੇ ਨੂੰ ਪਹਿਲੇ ਪੜਾਅ ਲਈ ਅੱਠ ਬੱਸਾਂ ਅਲਾਟ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦਾ ਲੋਕ ਪੱਖੀ ਨੀਤੀਆਂ ਨੂੰ ਲਾਗੂ ਕਰਨ ਲਈ ਪੰਜਾਬ ਦੇ ਲੋਕਾਂ ਲਈ ਸਪੱਸ਼ਟ ਦ੍ਰਿਸ਼ਟੀਕੋਣ ਹੈ। ਉਨ੍ਹਾਂ ਕਿਹਾ ਕਿ ਘਰੇਲੂ ਖਪਤਕਾਰਾਂ ਨੂੰ 600 ਯੂਨਿਟ ਤੱਕ ਮੁਫਤ ਬਿਜਲੀ, ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦੀ ਪੇਸ਼ਕਸ਼, ਭ੍ਰਿਸ਼ਟਾਚਾਰ ਵਿਰੁੱਧ ਲੜਾਈ, 1076 ਡਾਇਲ ਕਰਕੇ ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਘਰ-ਘਰ ਪਹੁੰਚਾਉਣਾ, ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਆਮ ਆਦਮੀ ਕਲੀਨਿਕ ਆਦਿ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਯਾਤਰਾ ਮੁਫਤ ਹੋਣ ਦੇ ਨਾਲ ਨਾਲ ਰਹਿਣ ਅਤੇ ਖਾਣੇ ਦੀ ਵਿਵਸਥਾ ਪੰਜਾਬ ਸਰਕਾਰ ਵੱਲੋਂ ਕੀਤੀ ਜਾਂਦੀ ਹੈ। ਸ਼ਰਧਾਲੂਆਂ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦੀ ਸਹੂਲਤ ਮੁਫਤ ਪ੍ਰਦਾਨ ਕਰਨ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋੜਵੰਦ ਲੋਕਾਂ ਦੀ ਮਜਬੂਰੀ ਨੂੰ ਸਮਝਿਆ ਹੈ ਜੋ ਵੱਖ-ਵੱਖ ਕਾਰਨਾਂ ਕਰਕੇ ਆਪਣੇ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦਾ ਲਾਭ ਨਹੀਂ ਲੈ ਸਕੇ ਅਤੇ ਉਨ੍ਹਾਂ ਦੀ ਮਦਦ ਲਈ ਸ਼ਲਾਘਾਯੋਗ ਸਕੀਮ ਲੈ ਕੇ ਆਏ ਹਨ।

Leave a Reply

Your email address will not be published. Required fields are marked *