
ਚੰਡੀਗੜ੍ਹ, 2 ਸਤੰਬਰ:
ਪੰਜਾਬ ਦੇ ਜੇਲ੍ਹ ਤੇ ਆਵਾਜਾਈ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਅਤੇ ਪਿੰਡ ਜੱਲੋਕੇ ਦੇ ਲੋਕਾਂ ਨੂੰ ਰਾਹਤ ਸਮੱਗਰੀ ਵੰਡੀ।
ਦਰਿਆਈ ਪਾਣੀ ਦੀ ਮਾਰ ਕਰਕੇ ਮੌਜੂਦਾ ਸਥਿਤੀ ਅਤੇ ਨੁਕਸਾਨ ਦੀ ਭਰਪਾਈ ਕਰਨ ਦਾ ਭਰੋਸਾ ਦਿੰਦਿਆਂ ਉਨ੍ਹਾਂ ਨੇ ਲੋੜਵੰਦ ਲੋਕਾਂ ਨੂੰ ਫੂਡ ਕਿੱਟਾਂ, ਪਾਣੀ, ਰਾਸ਼ਨ ਆਦਿ ਰਾਹਤ ਸਮੱਗਰੀ ਵੰਡੀ ਅਤੇ ਪਸ਼ੂਆਂ ਲਈ ਚਾਰਾ, ਤੂੜੀ ਤੇ ਫੀਡ ਦਾ ਪ੍ਰਬੰਧ ਵੀ ਕੀਤਾ।
ਇਸ ਮੌਕੇ ਸ. ਭੁੱਲਰ ਨੇ ਲੋਕਾਂ ਨੂੰ ਕਿਹਾ ਕਿ ਕਿ ਮੀਂਹ ਦੀ ਤਾਜ਼ਾ ਸਥਿਤੀ ਅਨੁਸਾਰ ਦਰਿਆਈ ਪਾਣੀ ਹੋਰ ਵਧਣ ਦੀ ਸੰਭਾਵਨਾਂ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਨੂੰ ਜ਼ਿਲ੍ਹੇ ਵਿੱਚ ਪ੍ਰਭਾਵਿਤ ਲੋਕਾਂ ਲਈ ਲੋੜੀਂਦੇ ਪ੍ਰਬੰਧ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਖ-ਵੱਖ ਪਿੰਡਾਂ ਦੇ ਗੁਰੂ ਘਰਾਂ ‘ਚ ਬਣਾਏ ਕੈਂਪਾਂ ਵਿਖੇ ਲੋਕਾਂ ਨੂੰ ਪਹੁੰਚਾਉਣ ਅਤੇ ਲੋੜੀਂਦੇ ਪ੍ਰਬੰਧ ਵੀ ਕਰ ਰਿਹਾ ਹੈ।
ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਇਹਨਾਂ ਮੁਸ਼ਕਿਲ ਹਾਲਾਤਾਂ ਵਿੱਚ ਸਾਨੂੰ ਸਭ ਨੂੰ ਇੱਕ ਪਰਿਵਾਰ ਦੀ ਤਰ੍ਹਾਂ ਹੜ੍ਹ ਪੀੜਤਾਂ ਦੀ ਮੱਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤਾਂ ਰਾਹਤ ਕਾਰਜਾਂ ਦਾ ਕੰਮ ਕਰ ਹੀ ਰਹੇ ਹਨ, ਇਸ ਦੇ ਨਾਲ ਸਮਾਜ ਸੇਵੀ ਸੰਸਥਾਵਾਂ ਵੀ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਲਈ ਸਹਿਯੋਗ ਦੇ ਰਹੀਆਂ ਹਨ।
ਕੈਬਨਿਟ ਮੰਤਰੀ ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਮੁਸ਼ਕਿਲ ਵਿੱਚ ਰਾਜ ਦੇ ਪ੍ਰਭਾਵਿਤ ਲੋਕਾਂ ਦੇ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਹੜਾਂ ਕਾਨ ਹੋਏ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ, ਪ੍ਰਸ਼ਾਸਨ, ਸਮਾਜਿਕ ਸੰਗਠਨ ਅਤੇ ਆਮ ਲੋਕ ਸਾਰੇ ਮਿਲ ਕੇ ਵੱਡੇ ਪੱਧਰ ‘ਤੇ ਪ੍ਰਭਾਵਤਿ ਲੋਕਾਂ ਦੀ ਮੱਦਦ ਕਰ ਰਹੇ ਹਨ।
ਉਨ੍ਹਾਂ ਅਪੀਲ ਕੀਤੀ ਕਿ ਇਸ ਸਮੇਂ ਹਰ ਕਿਸੇ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਕੱਠੇ ਹੋ ਕੇ ਲੋੜਵੰਦ ਲੋਕਾਂ ਦੀ ਮੱਦਦ ਕਰਨੀ ਚਾਹੀਦੀ ਹੈ। “ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ, ਸਗੋਂ ਮਨੁੱਖਤਾ ਨਿਭਾਉਣ ਦਾ ਹੈ। ਜਦੋਂ ਲੋਕ ਮੁਸ਼ਕਲ ਵਿੱਚ ਹਨ, ਤਾਂ ਸਾਡਾ ਫ਼ਰਜ਼ ਹੈ ਕਿ ਉਨ੍ਹਾਂ ਦੇ ਨਾਲ ਖੜ੍ਹ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰੀਏ।”