
Oplus_16908288
ਡੇਰਾ ਬਾਬਾ ਨਾਨਕ/ਗੁਰਦਾਸਪੁਰ, 09 ਅਗਸਤ ( ) – ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿੰਡ-ਪਿੰਡ ਨਸ਼ਾ ਮੁਕਤੀ ਯਾਤਰਾ ਕੱਢ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੀ ਨਸ਼ਿਆਂ ਦੇ ਖਿਲਾਫ਼ ਇਹ ਆਰ-ਪਾਰ ਦੀ ਲੜਾਈ ਹੈ ਅਤੇ ਲੋਕਾਂ ਨੂੰ ਇਸ ਲੜਾਈ ਵਿੱਚ ਸਰਕਾਰ ਦਾ ਪੂਰਨ ਸਾਥ ਦੇਣਾ ਚਾਹੀਦਾ ਹੈ।
ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਅੱਜ ਸ਼ਾਮ ਹਲਕੇ ਦੇ ਪਿੰਡ ਬੂਲੇਵਾਲ, ਕੋਟਲਾ ਖੁਰਦ ਤੇ ਪੀਰਮਨਾ ਵਿਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕਰਦਿਆਂ ਕੀਤਾ। ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ-ਪੈਗੰਬਰਾਂ ਅਤੇ ਦੇਵੀ-ਦੇਵਤਿਆਂ ਦੀ ਪਵਿੱਤਰ ਧਰਤੀ ਹੈ, ਜਿੱਥੋਂ ਦੇ ਲੋਕ ਗੈਰਤ ਨਾਲ ਰਹਿੰਦੇ ਹਨ, ਪਰ ਨਸ਼ਿਆਂ ਦੀ ਭੈੜੀ ਅਲਾਮਤ ਨੇ ਸੂਬੇ ਅਤੇ ਸਮਾਜ ਨੂੰ ਆਪਣੀ ਗ੍ਰਿਫਤ ਵਿੱਚ ਲੈ ਲਿਆ ਸੀ। ਪੰਜਾਬ ਕੌਮਾਂਤਰੀ ਸਰਹੱਦ ਨਾਲ ਲਗਦਾ ਹੋਣ ਕਰ ਕੇ ਨਸ਼ੇ ਦੇ ਤਸਕਰਾਂ ਲਈ ਇਹ ਡਰੱਗ ਰੂਟ ਬਣਿਆ ਹੋਇਆ ਸੀ, ਜਿਸ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਸਖ਼ਤ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਮਾਜ ਨੂੰ ਇਕਜੁਟ ਹੋਣਾ ਚਾਹੀਦਾ ਹੈ।
ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਵਿੱਚ ਨਸ਼ਿਆਂ ਦਾ ਕਾਰੋਬਾਰ ਕਰਨ ਵਿੱਚ ਲੱਗੇ ਹੋਏ ਵਿਅਕਤੀਆਂ ਨੂੰ ਵੱਡੇ ਪੱਧਰ ’ਤੇ ਕਾਬੂ ਕੀਤਾ ਜਾ ਰਿਹਾ ਹੈ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਵੱਲੋਂ ਨਸ਼ੇ ਵੇਚ ਕੇ ਬਣਾਈਆਂ ਨਾਜਾਇਜ਼ ਜਾਇਦਾਦਾਂ ਨੂੰ ਢਾਹਿਆ ਜਾ ਰਿਹਾ ਹੈ ਅਤੇ ਕਈ ਮਾਮਲਿਆਂ ਵਿੱਚ ਜ਼ਬਤ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਦੇ ਘਰ ਵਿੱਚ ਸੱਥਰ ਵਿਛਾ ਕੇ ਖੁਸ਼ੀਆਂ ਮਨਾਉਣ ਵਾਲੇ ਨਸ਼ਾ ਤਸਕਰ ਪੂਰੇ ਸਮਾਜ ਦੇ ਦੁਸ਼ਮਣ ਹਨ। ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ੇ ਦੀ ਅਲਾਮਤ ਤੋਂ ਦੂਰ ਰੱਖਣ ਲਈ ਹਰੇਕ ਪਿੰਡ ਵਿੱਚ ਖੇਡ ਮੈਦਾਨ ਬਣਾਏ ਅਤੇ ਜਿੰਮ ਖੋਲ੍ਹੇ ਜਾ ਰਹੇ ਹਨ।
ਸ. ਰੰਧਾਵਾ ਨੇ ਕਿਹਾ ਕਿ ਜੇਕਰ ਕੋਈ ਵੀ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਪ੍ਰਸ਼ਾਸਨ ਨੂੰ ਦਿੱਤੀ ਜਾਵੇ, ਬਾਕੀ ਕਾਰਵਾਈ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਸੂਚਨਾ ਦੇਣ ਵਾਲੇ ਦੀ ਪਛਾਣ ਬਿਲਕੁਲ ਗੁਪਤ ਰੱਖੀ ਜਾਂਦੀ ਹੈ। ਪੰਜਾਬ ਸਰਕਾਰ ਨੇ ਨਸ਼ੇ ਬਾਰੇ ਸੂਚਨਾ ਦੇਣ ਲਈ ਵਟਸਐਪ ਨੰਬਰ 97791-00200 ਵੀ ਜਾਰੀ ਕੀਤਾ ਹੋਇਆ ਹੈ।