ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਮਾਹਲ ਤੇ ਗੋਸਲ ਵਿੱਚ ਕੀਤੀਆਂ ਜਾਗਰੂਕਤਾ ਸਭਾਵਾਂ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 3 ਜੂਨ (            ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਨਸ਼ਾ ਮੁਕਤੀ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਤਹਿਤ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਮਾਹਲ ਤੇ ਗੋਸਲ ਵਿੱਚ ਜਾਗਰੂਕਤਾ ਸਭਾਵਾਂ ਦੌਰਾਨ ਹਾਜ਼ਰੀਨ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਗਈ।

ਇਸ ਮੌਕੇ ਜਨਤਕ ਸਭਾਵਾਂ ਨੂੰ ਸੰਬੋਧਨ ਹੁੰਦੇ ਹੋਏ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ਦਾ ਲੋਕਾਂ ਵੱਲੋਂ ਭਰਪੂਰ ਸਮਰਥਨ ਕੀਤਾ ਜਾ ਰਿਹਾ ਹੈ ਅਤੇ ਅਸੀਂ ਸਾਰੇ ਮਿਲ ਨਸ਼ਿਆਂ ਵਿਰੁੱਧ ਇਸ ਯੁੱਧ ਨੂੰ ਜਿੱਤ ਕੇ ਹੀ ਰਹਾਂਗੇ। ਉਨ੍ਹਾਂ ਕਿਹਾ ਕਿ ਇਹ ‘ਨਸ਼ਾ ਮੁਕਤੀ ਯਾਤਰਾ’ ਕੋਈ ਸਿਆਸੀ ਯਾਤਰਾ ਨਹੀਂ, ਸਗੋਂ ਨਸ਼ੇ ਦੇ ਖ਼ਾਤਮੇ ਦਾ ਸਮਾਜਿਕ ਸੰਕਲਪ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਲੜਾਈ ਪਿੰਡ-ਪਿੰਡ ਤੋਂ ਸ਼ੁਰੂ ਹੋ ਚੁੱਕੀ ਹੈ, ਜਿਸ ਤਹਿਤ ਹਰੇਕ ਪਿੰਡ ਵਾਸੀ ਆਪਣੇ ਪਿੰਡ ਦਾ ਪਹਿਰੇਦਾਰ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਕਿਸਮ ਦੀ ਸਿਆਸੀ ਸਰਪ੍ਰਸਤੀ ਨਹੀਂ ਮਿਲੇਗੀ ਤੇ ਨਾ ਹੀ ਉਨ੍ਹਾਂ ਦੀ ਕੋਈ ਜ਼ਮਾਨਤ ਦੇਵੇਗਾ। ਉਨ੍ਹਾਂ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਕਰਨ ਲਈ ਕਿਹਾ।

ਇਸ ਮੌਕੇ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ. ਗੁਰਮੰਦਰ ਸਿੰਘ, ਹਲਕਾ ਕੋਆਰਡੀਨੇਟਰ ਅਰਸ਼ਦੀਪ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰ, ਪੰਚ-ਸਰਪੰਚ ਅਤੇ ਵੱਡੀ ਗਿਣਤੀ ਪਿੰਡ ਵਾਸੀ ਤੇ ਇਲਾਕੇ ਦੇ ਮੁਹਤਬਰ ਹਾਜ਼ਰ ਸਨ।

Comments

Leave a Reply

Your email address will not be published. Required fields are marked *