
ਹੁਸ਼ਿਆਰਪੁਰ, 4 ਸਤੰਬਰ:
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਇਲਾਕੇ ਦੇ ਵਲੰਟੀਅਰਾਂ ਅਤੇ ਸਮਾਜਿਕ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਉਨ੍ਹਾਂ ਸਾਰਿਆਂ ਨੂੰ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਜਲਦੀ ਰਾਹਤ ਪ੍ਰਦਾਨ ਕਰਨ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ ਅਤੇ ਸਾਨੂੰ ਮਿਲ ਕੇ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨੀ ਪਵੇਗੀ।
ਵਿਧਾਇਕ ਜਿੰਪਾ ਨੇ ਮੌਕੇ ‘ਤੇ ਹੀ ਵਲੰਟੀਅਰਾਂ ਨੂੰ ਰਾਹਤ ਸਮੱਗਰੀ ਸੌਂਪੀ ਅਤੇ ਉਨ੍ਹਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਭੇਜਿਆ। ਉਨ੍ਹਾਂ ਕਿਹਾ ਕਿ ਸਰਕਾਰ ਦੇ ਯਤਨਾਂ ਦੇ ਨਾਲ-ਨਾਲ ਸਮਾਜਿਕ ਸੰਗਠਨਾਂ ਅਤੇ ਸਥਾਨਕ ਨੌਜਵਾਨਾਂ ਦੀ ਭਾਗੀਦਾਰੀ ਵੀ ਬਹੁਤ ਸ਼ਲਾਘਾਯੋਗ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸੇ ਵੀ ਪ੍ਰਭਾਵਿਤ ਪਰਿਵਾਰ ਨੂੰ ਇਕੱਲਾ ਨਹੀਂ ਛੱਡਿਆ ਜਾਵੇਗਾ ਅਤੇ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ।
ਵਿਧਾਇਕ ਨੇ ਕਿਹਾ ਕਿ ਇਸ ਆਫ਼ਤ ਦਾ ਸਾਹਮਣਾ ਇਕਜੁੱਟ ਹੋ ਕੇ ਹੀ ਕੀਤਾ ਜਾ ਸਕਦਾ ਹੈ। ਉਨ੍ਹਾਂ ਵਲੰਟੀਅਰਾਂ ਨੂੰ ਸੁਨੇਹਾ ਦਿੱਤਾ ਕਿ ਉਹ ਮਨੁੱਖੀ ਸੰਵੇਦਨਾਵਾਂ ਨੂੰ ਸਭ ਤੋਂ ਉੱਪਰ ਰੱਖ ਕੇ ਹਰ ਪ੍ਰਭਾਵਿਤ ਪਰਿਵਾਰ ਨੂੰ ਮਦਦ ਪ੍ਰਦਾਨ ਕਰਨ ਵਿੱਚ ਯੋਗਦਾਨ ਪਾਉਣ।
ਮੀਟਿੰਗ ਵਿੱਚ ਬਲਾਕ ਪ੍ਰਧਾਨ ਜਸਪਾਲ ਸੁਮਨ, ਸਰਪੰਚ ਅਮਰਜੀਤ ਬਾਜਵਾ, ਯੂਥ ਕਲੱਬ ਪ੍ਰਧਾਨ ਪ੍ਰਿਤਪਾਲ, ਸਮਾਜ ਸੇਵਕ ਮਦਨ ਲਾਲ ਮਾਹੀ, ਪਵਨ ਸ਼ਰਮਾ ਅਤੇ ਬਲਾਕ ਪ੍ਰਧਾਨ ਰਾਜਨ ਸੈਣੀ ਸਮੇਤ ਕਈ ਪਤਵੰਤੇ ਮੌਜੂਦ ਸਨ। ਇਨ੍ਹਾਂ ਸਾਰਿਆਂ ਨੇ ਵਿਧਾਇਕ ਜਿੰਪਾ ਨੂੰ ਭਰੋਸਾ ਦਿੱਤਾ ਕਿ ਉਹ ਆਪਣੇ ਪੱਧਰ ‘ਤੇ ਪੂਰੀ ਤਿਆਰੀ ਨਾਲ ਹੜ੍ਹ ਪੀੜਤਾਂ ਦੀ ਮਦਦ ਕਰਨਗੇ ਅਤੇ ਲੋੜਵੰਦਾਂ ਨੂੰ ਰਾਹਤ ਸਮੱਗਰੀ ਪ੍ਰਦਾਨ ਕਰਨਗੇ।