ਭਵਾਨੀਗੜ੍ਹ, 05 ਜੁਲਾਈ
ਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਵਿਖੇ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ ਤੇ ਇਸ ਹਲਕੇ ਨੂੰ ਨਮੂਨੇ ਦਾ ਹਲਕਾ ਬਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸ ਲੜੀ ਤਹਿਤ ਘਰਾਚੋਂ ਵਿਖੇ 04 ਕੱਚੇ ਰਸਤਿਆਂ ਨੂੰ ਪੱਕੀਆਂ ਸੜਕਾਂ ਵਜੋਂ ਵਿਕਸਤ ਕਰਨ ਹਿਤ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਕਰੀਬ 03 ਕਰੋੜ 64 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਨਾਲ ਪਿੰਡ ਵਾਸੀਆਂ ਨੂੰ ਲਾਭ ਹੋਵੇਗਾ ਤੇ ਉਹਨਾਂ ਦੀ ਚਿਰਕੋਣੀ ਮੰਗ ਪੂਰੀ ਹੋਈ ਹੈ।
ਇਸ ਮੌਕੇ ਹਲਕਾ ਵਿਧਾਇਕ ਨੇ ਦੱਸਿਆ ਕਿ ਹਲਕੇ ਦੀਆਂ ਵੱਡੀ ਗਿਣਤੀ ਸੜਕਾਂ ਦੀ ਕਾਇਆ ਕਲਪ ਕੀਤੀ ਗਈ ਹੈ ਤੇ ਕਾਫੀ ਸੜਕਾਂ ਦੇ ਵਿਕਾਸ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ। ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਪਿੰਡਾਂ ਵਿੱਚ ਜਿੱਥੇ ਚੰਗੀਆਂ ਸਿਹਤ ਸਹੂਲਤਾਂ ਦੇਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਉੱਥੇ ਵਧੀਆ ਖੇਡ ਮੈਦਾਨ ਵੀ ਬਣਾਏ ਜਾ ਰਹੇ ਹਾਂ। ਪਿੰਡਾਂ ਦੇ ਪਾਣੀ ਦੀ ਨਿਕਾਸੀ ਅਤੇ ਟੋਭਿਆਂ ਦੀ ਸਫਾਈ ਲਈ ਕੰਮ ਲਗਾਤਾਰ ਜਾਰੀ ਹਨ।
ਸ਼੍ਰੀਮਤੀ ਭਰਾਜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਮਾਣ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਅਤੇ ਜੇਕਰ ਕਿਤੇ ਕੋਈ ਤਰੁਟੀ ਲਗਦੀ ਹੈ ਤਾਂ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਹਨਾਂ ਨੇ ਭਰੋਸਾ ਦਿਵਾਇਆ ਕਿ ਨਿਰਮਾਣ ਅਧੀਨ ਪ੍ਰੋਜੈਕਟ ਤੈਅ ਸਮੇਂ ਵਿੱਚ ਪੂਰੇ ਕਰ ਕੇ ਲੋਕ ਅਰਪਣ ਕੀਤੇ ਜਾਣਗੇ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਨੇ ਅਪਣੇ ਹੁਣ ਤਕ ਦੇ ਕਾਰਜ ਕਾਲ ਦੌਰਾਨ ਮਿਸਾਲੀ ਕੰਮ ਕੀਤਾ ਹੈ ਤੇ ਅੱਗੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ।
ਇਸ ਮੌਕੇ ਐਕਸੀਅਨ ਪੁਨੀਤ ਸ਼ਰਮਾ, ਐੱਸ.ਡੀ. ਓ. ਜਤਿਨ ਸਿੰਗਲਾ, ਜੇ.ਈ. ਸ਼ਰਨਪ੍ਰੀਤ ਤੇ ਜਗਬੀਰ ਸਿੰਘ ਸਮੇਤ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਵੱਖੋ-ਵੱਖ ਅਹੁਦੇਦਾਰ, ਪਤਵੰਤੇ, ਪਿੰਡਾਂ ਦੇ ਲੋਕ ਹਾਜ਼ਰ ਸਨ।