ਮਾਲੇਰਕੋਟਲਾ 09 ਜੁਲਾਈ
ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਅੱਜ ਇਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਨਸ਼ਿਆਂ ਦੀ ਰੋਕਥਾਮ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ,ਨਸ਼ਿਆਂ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਲਈ ਠੋਸ ਉਪਰਾਲਿਆਂ ਤੋਂ ਇਲਾਵਾ ਨਸ਼ਿਆਂ ਵਿਰੁੱਧ ਜਨਤਕ ਮੁਹਿੰਮ ਨੂੰ ਅਮਲ ਵਿਚ ਲਿਆਉਣ ਦੀ ਲੋੜ ‘ਤੇ ਜ਼ੋਰ ਦਿੱਤਾ।
ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਪੰਜਾਬ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਤੇ ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਾਨਿਜ਼ਮ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਦੀ ਮਹੀਨੇਵਾਰ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਸਾਰਿਆਂ ਨੂੰ ਆਪਣੀ ਨੈਤਿਕ ਅਤੇ ਸਮਾਜਿਕ ਜਿੰਮੇਵਾਰੀ ਸਮਝਦੇ ਹੋਏ ਇੱਕਮੁੱਠ ਹੋਕੇ ਉਪਰਾਲੇ ਕਰਨੇ ਚਾਹੀਦੇ ਹਨ । ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨੌਜਵਾਨਾਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਅਤੇ ਉਨ੍ਹਾਂ ਦੀ ਉਚਿੱਤ ਸਮੇਂ ਤੇ ਪੁਖੱਤਾ ਕੌਂਸਲਿੰਗ, ਧਾਰਮਿਕ ਸਿੱਖਿਆ ਨਾਲ ਜੋੜਨ ਅਤੇ ਉਨ੍ਹਾਂ ਦੀ ਉਰਜਾ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਲਈ ਕਿਹਾ ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਗ੍ਰਿਫਤ ਵਿਚ ਆ ਚੁੱਕੇ ਵਿਅਕਤੀਆਂ ਨੂੰ ਇਲਾਜ ਲਈ ਪ੍ਰੇਰਿਤ ਕੀਤਾ ਜਾਵੇ ।ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਮੁਹਿੰਮ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿਚ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਇਨ੍ਹਾਂ ਯਤਨਾਂ ਨੂੰ ਜਨਤਕ ਮੁਹਿੰਮ ਬਣਾਇਆ ਜਾਵੇ।
ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਨਸ਼ਾ ਮੁਕਤੀ ਕੇਂਦਰ ਬਾਰੇ ਜਾਣਕਾਰੀ ਲੈਂਦਿਆਂ ਡਿਪਟੀ ਕਮਿਸ਼ਨਰ ਨੂੰ ਅਵਗਤ ਕਰਵਾਇਆ ਕਿ ਪਿਛਲੇ ਤਿੰਨ ਮਹੀਨਿਆਂ ਦੌਰਾਨ ਇਲਾਜ ਕਰਵਾਉਂਣ ਵਾਲੇ ਮਰੀਜਾਂ ਦੀ ਦਰ ਵਿੱਚ ਇਜ਼ਾਫਾ ਹੋਇਆ ਹੈ । ਉਨ੍ਹਾਂ ਦੱਸਿਆ ਕਿ ਨਸ਼ਾ ਛੁਡਾਊ ਕੇਂਦਰਾਂ ਵਿਚ ਦਾਖਲ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਤੰਦਰੁਸਤ ਕਰਨ ਲਈ ਯੋਗਾ ਦੀਆਂ ਕਲਾਸਾਂ ਵੀ ਲਗਾਈਆ ਜਾ ਰਹੀਆਂ ਹਨ ਤਾਂ ਜੋ ਇਹ ਨੌਜਵਾਨ ਪੂਰੀ ਤਰ੍ਹਾਂ ਰਿਸ਼ਟ-ਪੁਸ਼ਟ ਹੋ ਸਕਣ।
ਪੁਲਿਸ ਵਿਭਾਗ ਤੋਂ ਪਿਛਲੇ ਦਿਨੀਂ ਕੀਤੀ ਕਾਰਵਾਈ ਬਾਰੇ ਜਾਣਕਾਰੀ ਲੈਂਦਿਆਂ ਐਸ.ਪੀ ਸਤਪਾਲ ਸ਼ਰਮਾ ਨੇ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਕਿ ਜ਼ਿਲ੍ਹਾ ਪੁਲਿਸ ਵਲੋਂ ਜੂਨ ਮਹੀਨੇ ਦੌਰਾਨ ਕਰੀਬ 32 ਹਜ਼ਾਰ 100 ਰੁਪਏ ਦੀ ਡਰੱਗ ਮਨੀ, 18 ਕਿੱਲੋ ਭੁੱਕੀ, 4450 ਗੋਲੀਆਂ/ਕੈਪਸੂਲ, 596ਗ੍ਰਾਮ ਹੈਰੋਇਨ,21 ਸ਼ੀਸ਼ੀਆਂ, ਅਤੇ 2 ਵਹੀਕਲ ਰਿਕਵਰ ਕੀਤੇ ਗਏ ਹਨ । ਕਮਰਸ਼ੀਅਲ ਮੁਕੱਦਮਿਆਂ ਤਹਿਤ 11 ਮੁਕੱਦਮੇ ਦਰਜ ਕਰਕੇ 17 ਦੋਸ਼ੀ ਗ੍ਰਿਫਤਾਰ ਕੀਤੇ ਗਏ ਹਨ । ਡਿਪਟੀ ਕਮਿਸ਼ਨਰ ਨੇ ਸਿਹਤ ਅਤੇ ਪੁਲਿਸ ਵਿਭਾਗ ਨੂੰ ਨਸ਼ੀਲੇ ਪਦਾਰਥਾਂ ਦੀ ਵਿਕਰੀ ਵਿਰੁੱਧ ਸਾਂਝੀ ਚੈਕਿੰਗ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਕਪਤਾਨ ਪੁਲਿਸ (ਇੰਨਵੈਸਟੀਗੇਸਨ) ਸੱਤਪਾਲ ਸ਼ਰਮਾ, ਸਿਵਲ ਸਰਜਨ ਮਾਲੇਰਕੋਟਲਾ ਡਾ. ਸੰਜੇ ਗੋਇਲ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਿਸ਼ਮਾ ਭੌਰਾ, ਜਿਲਾ ਖੇਡ ਅਫਸਰ ਗੁਰਦੀਪ ਸਿੰਘ, ਆਬਕਾਰੀ ਵਿਭਾਗ ਦੇ ਸਹਾਇਕ ਕਮਿਸ਼ਨਰ ਗੁਲਸ਼ਨ ਹੁਰੀਆ, ਕਰ ਅਤੇ ਆਬਕਾਰੀ ਇੰਸਪੈਕਟਰ ਦਲਜੀਤ ਸਿੰਘ, ਖੇਤੀਬਾੜੀ ਅਫਸਰ ਡਾ. ਕੁਲਬੀਰ ਸਿੰਘ, ਵਣ ਰੇਂਜ ਅਫ਼ਸਰ ਇਕਬਾਲ ਸਿੰਘ, ਜੋਨਲ ਲਾਇਸੈਂਸਿੰਗ ਅਥਾਰਟੀ ਨਵਜੋਤ ਕੌਰ ਅਤੇ ਡਰੱਗ ਇੰਸਪੈਕਟਰ ਨਵਪ੍ਰੀਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
