ਕੁਦਰਤੀ ਅਤੇ ਗੈਰ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਦੀ ਤਿਆਰੀ ਵਜੋਂ ਐਨ.ਡੀ.ਆਰ.ਐੱਫ. ਦੀ ਟੀਮ ਕਰੇਗੀ ਮਾਨਸਾ ਵਿੱਚ ਜਾਗਰੂਕਤਾ ਗਤੀਵਿਧੀਆਂ 

ਮਾਨਸਾ, 28 ਅਪ੍ਰੈਲ:- ਕੁਦਰਤੀ ਜਾਂ ਗੈਰ ਕੁਦਰਤੀ ਆਫ਼ਤਾਂ ਦੇ ਸੰਭਾਵੀ ਖ਼ਤਰਿਆਂ ਨਾਲ ਨਜਿੱਠਣ ਅਤੇ ਜ਼ਿਲ੍ਹੇ ਦੀ ਤਿਆਰੀ ਨੂੰ ਵਧੇਰੇ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਐਨ.ਡੀ.ਆਰ.ਐੱਫ. ਬਠਿੰਡਾ ਦੀ 7ਵੀਂ ਬਟਾਲੀਅਨ ਦੀ 26 ਮੈਂਬਰੀ ਟੀਮ 4 ਤੋਂ 16 ਮਈ ਤੱਕ ਜ਼ਿਲ੍ਹਾ ਮਾਨਸਾ ਵਿਖੇ ਮੌਕ ਡਰਿੱਲ ਅਤੇ ਜਾਗਰੂਕਤਾ ਅਭਿਆਨ ਚਲਾਏਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਨ.ਡੀ.ਆਰ.ਐੱਫ. ਅਤੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ । 

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਐਨ.ਡੀ.ਆਰ.ਐੱਫ. ਵੱਲੋਂ ਵੱਖ-ਵੱਖ ਥਾਵਾਂ ‘ਤੇ ਮੌਕ ਡਰਿੱਲਾਂ ਅਤੇ ਜਾਗਰੂਕਤਾ ਪ੍ਰੋਗਰਾਮ ਚਲਾਏ ਜਾਣਗੇ ਜਿਸ ਤਹਿਤ ਸਮੂਹ ਉਪ ਮੰਡਲ ਮੈਜਿਸਟਰੇਟ ਅਤੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਇਸ ਅਭਿਆਸ ਦੌਰਾਨ ਐਨ.ਡੀ.ਆਰ.ਐੱਫ. ਟੀਮ ਨੂੰ ਪੂਰਨ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਇਸ ਅਭਿਆਸ ਦਾ ਮੁੱਖ ਉਦੇਸ਼ ਕਿਸੇ ਵੀ ਅਣਸੁਖਾਵੀਂ ਸਥਿਤੀ ਦੌਰਾਨ ਵੱਖ-ਵੱਖ ਸਰਕਾਰੀ ਏਜੰਸੀਆਂ, ਪੁਲਿਸ, ਸਿਹਤ ਵਿਭਾਗ ਅਤੇ ਫਾਇਰ ਬ੍ਰਿਗੇਡ ਵਿਚਕਾਰ ਤਾਲਮੇਲ ਨੂੰ ਬਿਹਤਰ ਬਣਾਉਣਾ ਅਤੇ ਬਚਾਅ ਕਾਰਜਾਂ ਦੀ ਗਤੀ ਨੂੰ ਤੇਜ਼ ਕਰਨਾ ਹੈ।

ਐਨ.ਡੀ.ਆਰ.ਐੱਫ. ਦੀ ਸਬ ਟੀਮ ਦੇ ਸਬ ਇੰਸਪੈਕਟਰ ਸ਼੍ਰੀ ਧਰਮਾਂਸ਼ੁ ਯਾਦਵ ਨੇ ਦੱਸਿਆ ਕਿ ਟੀਮ, ਜ਼ਮੀਨੀ ਪੱਧਰ ‘ਤੇ ਜ਼ਿਲ੍ਹੇ ਦੇ ਵੱਖ-ਵੱਖ ਤੱਥਾਂ ਅਤੇ ਸਥਿਤੀਆਂ ਦਾ ਜਾਇਜ਼ਾ ਲਵੇਗੀ ਅਤੇ ਸਕੂਲਾਂ ਤੇ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਸੁਰੱਖਿਆ ਦੇ ਨੁਕਤੇ ਸਿਖਾਉਣ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾਣਗੇ। ਉਨ੍ਹਾਂ ਦੱਸਿਆ ਕਿ 

ਪਿੰਡਾਂ ਵਿੱਚ ਲੋਕਾਂ ਨੂੰ ਕੁਦਰਤੀ ਆਫ਼ਤਾਂ ਤੋਂ ਬਚਾਅ ਲਈ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਇਲਾਵਾ ਐਮਰਜੰਸੀ ਹਾਲਾਤ ਵਿੱਚ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ ਲਈ ਵਿਸਤ੍ਰਿਤ ਯੋਜਨਾਬੰਦੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਤਿਆਰੀ ਕੁਦਰਤੀ ਆਫ਼ਤਾਂ ਜਿਵੇਂ ਕਿ ਹੜ੍ਹ, ਭੂਚਾਲ, ਲੂ ਅਤੇ ਅੱਤ ਦੀ ਗਰਮੀ, ਸੋਕਾ ਹੋਣ ਵਰਗੀਆਂ ਸਥਿਤੀਆਂ ਅਤੇ ਗੈਰ ਕੁਦਰਤੀ ਆਫ਼ਤਾਂ ਜਿਵੇਂ ਅੱਗ ਲੱਗਣ ਦੀਆਂ ਘਟਨਾਵਾਂ ਜਾਂ ਉਦਯੋਗਿਕ ਹਾਦਸੇ ਤੋਂ ਬਚਾਅ ਉਤੇ ਕੇਂਦਰਿਤ ਹੋਵੇਗੀ। ਇਸ ਵਿੱਚ ਲੋਕਾਂ ਨੂੰ ਸੁਰੱਖਿਅਤ ਰੱਖਣ ਅਤੇ ਜ਼ਖਮੀਆਂ ਨੂੰ ਤੁਰੰਤ ਮੈਡੀਕਲ ਸਹਾਇਤਾ ਪ੍ਰਦਾਨ ਕਰਨ ਦਾ ਅਭਿਆਸ ਕੀਤਾ ਜਾਵੇਗਾ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਚੁਣੌਤੀ ਦਾ ਸਾਹਮਣਾ ਪੇਸ਼ੇਵਰ ਢੰਗ ਨਾਲ ਕੀਤਾ ਜਾ ਸਕੇ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਐਸ.ਡੀ.ਐਮ. ਮਾਨਸਾ ਬਲਜੀਤ ਕੌਰ, ਐਸ.ਡੀ.ਐਮ. ਬੁਢਲਾਡਾ  ਗਗਨਦੀਪ ਸਿੰਘ, ਐਸ.ਡੀ.ਐਮ. ਹਰਜਿੰਦਰ ਸਿੰਘ ਜੱਸਲ, ਐਸ.ਪੀ. ਪ੍ਰਦੀਪ ਸਿੰਘ ਸੰਧੂ ਅਤੇ ਹੋਰ ਵਿਭਾਗਾਂ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ।


Posted

in

,

by

Comments

Leave a Reply

Your email address will not be published. Required fields are marked *