ਚੰਡੀਗੜ੍ਹ, 13 ਫਰਵਰੀ 2026:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੀਨੀਅਰ ਨਾਗਰਿਕਾਂ ਦੀ ਸਿਹਤ, ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਮੀਨੀ ਪੱਧਰ ‘ਤੇ ਕੀਤੇ ਜਾ ਰਹੇ ਉਪਰਾਲਿਆਂ ਰਾਹੀਂ ਉਨ੍ਹਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਲਗਾਤਾਰ ਹੋਰ ਮਜ਼ਬੂਤ ਕਰ ਰਹੀ ਹੈ। ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਸੂਬਾ ਪੱਧਰੀ ਪਹੁੰਚ ਦੇ ਵੇਰਵੇ ਸਾਂਝੇ ਕਰਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੀ ਬਜ਼ੁਰਗ ਆਬਾਦੀ ਦਾ ਸਨਮਾਨ ਅਤੇ ਸਹਾਇਤਾ ਕਰਨ ਪ੍ਰਤੀ ਸੂਬਾ ਸਰਕਾਰ ਦੀ ਲੋਕ-ਪੱਖੀ ਪਹੁੰਚ ਨੂੰ ਦਰਸਾਉਂਦੀ ਹੈ।
ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੀਨੀਅਰ ਨਾਗਰਿਕਾਂ ਨੂੰ ਸਮਾਜ ਦੀ ਕੀਮਤੀ ਸੰਪਤੀ ਮੰਨਦੀ ਹੈ ਅਤੇ ਉਨ੍ਹਾਂ ਦੀ ਸਿਹਤ, ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ‘ਤੇ ਪ੍ਰਭਾਵੀ ਅਤੇ ਲੋਕ-ਕੇਂਦ੍ਰਿਤ ਕਦਮ ਚੁੱਕ ਰਹੀ ਹੈ। ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ, ਹੁਣ ਤੱਕ ਲਗਭਗ 9,000 ਸੀਨੀਅਰ ਨਾਗਰਿਕ ਰਜਿਸਟਰਡ ਹੋਏ ਹਨ ਅਤੇ ਉਨ੍ਹਾਂ ਨੂੰ ਸੂਬੇ ਭਰ ਵਿੱਚ ਲਗਾਏ ਗਏ ਜ਼ਿਲ੍ਹਾ-ਵਾਰ ਸਿਹਤ ਕੈਂਪਾਂ ਤੋਂ ਸਿੱਧੇ ਤੌਰ ‘ਤੇ ਲਾਭ ਮਿਲਿਆ ਹੈ।
ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਨੇ ਮੁਹਿੰਮ ਦੇ ਪ੍ਰਭਾਵੀ ਨਤੀਜਿਆਂ ਨੂੰ ਉਜਾਗਰ ਕਰਦਿਆਂ ਵਿਸਥਾਰਤ ਅੰਕੜੇ ਸਾਂਝੇ ਕੀਤੇ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਜਿਸਟਰਡ ਲਾਭਪਾਤਰੀਆਂ ਵਿੱਚੋਂ 2,268 ਸੀਨੀਅਰ ਨਾਗਰਿਕਾਂ ਨੇ ਆਮ ਸਿਹਤ ਜਾਂਚ, 1,241 ਨੇ ਆਰਥੋਪੀਡਿਕ ਅਤੇ 2,607 ਸੀਨੀਅਰ ਨਾਗਰਿਕਾਂ ਨੇ ਅੱਖਾਂ ਦੀ ਜਾਂਚ ਕਰਵਾਈ। ਇਸ ਤੋਂ ਇਲਾਵਾ 631 ਸੀਨੀਅਰ ਨਾਗਰਿਕਾਂ ਨੇ ਯੋਗਾ ਸੈਸ਼ਨਾਂ ਵਿੱਚ ਹਿੱਸਾ ਲਿਆ, 551 ਨੇ ਹੋਮਿਓਪੈਥਿਕ ਇਲਾਜ ਕਰਵਾਇਆ ਅਤੇ 791 ਨੇ ਆਯੁਰਵੈਦਿਕ ਸਿਹਤ ਸੇਵਾਵਾਂ ਤੋਂ ਲਾਭ ਉਠਾਇਆ। ਇਹ ਅੰਕੜੇ ਪੰਜਾਬ ਭਰ ਵਿੱਚ ਮੁਹਿੰਮ ਦੀ ਵਿਆਪਕ ਪਹੁੰਚ ਅਤੇ ਪ੍ਰਭਾਵੀ ਲਾਗੂਕਰਨ ਨੂੰ ਦਰਸਾਉਂਦੇ ਹਨ।
ਹੋਰਨਾਂ ਭਲਾਈ ਸੇਵਾਵਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਏ.ਐਲ.ਆਈ.ਐਮ.ਸੀ.ਓ. ਸਕੀਮ ਤਹਿਤ, 243 ਸੀਨੀਅਰ ਨਾਗਰਿਕ ਰਜਿਸਟਰ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ 89 ਨੂੰ ਵ੍ਹੀਲਚੇਅਰ, ਐਨਕਾਂ ਅਤੇ ਸੁਣਨ ਵਾਲੀਆਂ ਮਸ਼ੀਨਾਂ ਵਰਗੇ ਸਹਾਇਕ ਉਪਕਰਣ ਪ੍ਰਦਾਨ ਕੀਤੇ ਗਏ ਸਨ। ਇਸ ਤੋਂ ਇਲਾਵਾ ਕੈਂਪਾਂ ਦੌਰਾਨ 233 ਸੀਨੀਅਰ ਨਾਗਰਿਕਾਂ ਦੇ ਬੁਢਾਪਾ ਪੈਨਸ਼ਨ ਫਾਰਮ ਭਰਨ ਸਬੰਧੀ ਪ੍ਰਕਿਰਿਆ ਕੀਤੀ ਗਈ ਅਤੇ 306 ਲਾਭਪਾਤਰੀਆਂ ਨੂੰ ਸੀਨੀਅਰ ਸਿਟੀਜ਼ਨ ਕਾਰਡ ਜਾਰੀ ਕੀਤੇ ਗਏ।
ਜ਼ਿਲ੍ਹਾਵਾਰ ਵੇਰਵੇ ਦਿੰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਸਾਹਿਬ, ਬਰਨਾਲਾ, ਬਠਿੰਡਾ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਹੁਸ਼ਿਆਰਪੁਰ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਮੋਗਾ, ਮਾਨਸਾ, ਪਟਿਆਲਾ, ਰੂਪਨਗਰ ਅਤੇ ਐਸ.ਏ.ਐਸ. ਨਗਰ ਜ਼ਿਲ੍ਹਿਆਂ ਵਿੱਚ ਪਹਿਲਾਂ ਹੀ ਸੀਨੀਅਰ ਨਾਗਰਿਕਾਂ ਲਈ ਸਿਹਤ ਜਾਂਚ ਕੈਂਪ ਸਫਲਤਾਪੂਰਵਕ ਲਗਾਏ ਜਾ ਚੁੱਕੇ ਹਨ। ਜ਼ਿਲ੍ਹਾਵਾਰ ਸਿਹਤ ਜਾਂਚ ਕੈਂਪ ਪੜਾਅਵਾਰ ਢੰਗ ਨਾਲ ਲਗਾਏ ਜਾ ਰਹੇ ਹਨ ਅਤੇ ਫਰਵਰੀ ਮਹੀਨੇ ਦੌਰਾਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਇਹ ਕੈਂਪ ਲਗਾਏ ਜਾਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਸਿਹਤ ਕੈਂਪਾਂ ਵਿੱਚ ਬਜ਼ੁਰਗ ਨਾਗਰਿਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਫਰੀਦਕੋਟ, ਗੁਰਦਾਸਪੁਰ, ਪਠਾਨਕੋਟ, ਜਲੰਧਰ, ਕਪੂਰਥਲਾ, ਮਲੇਰਕੋਟਲਾ, ਸ਼ਹੀਦ ਭਗਤ ਸਿੰਘ ਨਗਰ, ਸੰਗਰੂਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਵੀ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਨੂੰ ਜਲਦ ਤੋਂ ਜਲਦ ਲਗਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।
ਇਸ ਪਹਿਲਕਦਮੀ ਦੀ ਵਿੱਤੀ ਫੰਡਾਂ ‘ਤੇ ਚਾਨਣਾ ਪਾਉਂਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ, ਸੀਨੀਅਰ ਸਿਟੀਜ਼ਨਜ਼ ਲਈ ਰਾਜ ਕਾਰਜ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਕੈਂਪਾਂ ਅਤੇ ਸਬੰਧਿਤ ਗਤੀਵਿਧੀਆਂ ਲਈ 7.86 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਕੀਤਾ ਗਿਆ ਹੈ। ਇਹ ਕੈਂਪ ਨਾ ਸਿਰਫ਼ ਡਾਕਟਰੀ ਜਾਂਚ ਪ੍ਰਦਾਨ ਕਰਦੇ ਹਨ ਬਲਕਿ ਮੋਤੀਆਬਿੰਦ ਸਰਜਰੀ, ਸਹਾਇਕ ਉਪਕਰਣਾਂ ਦੀ ਮੁਫਤ ਵੰਡ, ਬੁਢਾਪਾ ਪੈਨਸ਼ਨ ਫਾਰਮ ਭਰਨ, ਸੀਨੀਅਰ ਸਿਟੀਜ਼ਨ ਕਾਰਡ ਜਾਰੀ ਕਰਨ ਅਤੇ ਸੀਨੀਅਰ ਨਾਗਰਿਕਾਂ ਦੇ ਕਾਨੂੰਨੀ ਅਤੇ ਸਮਾਜਿਕ ਅਧਿਕਾਰਾਂ ਬਾਰੇ ਜਾਗਰੂਕਤਾ ਦੀ ਸਹੂਲਤ ਵੀ ਪ੍ਰਦਾਨ ਕਰਦੇ ਹਨ।
ਬਜ਼ੁਰਗਾਂ ਦੀ ਦੇਖਭਾਲ ਦੇ ਭਾਵਨਾਤਮਕ ਅਤੇ ਸਮਾਜਿਕ ਮਹੱਤਵ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਬਜ਼ੁਰਗ ਨਾਗਰਿਕ ਸਮਾਜ ਦੀ ਜੀਵੰਤ ਵਿਰਾਸਤ ਹਨ, ਜਿਨ੍ਹਾਂ ਦੇ ਤਜਰਬੇ, ਸੇਧ ਅਤੇ ਕੁਰਬਾਨੀਆਂ ਨੇ ਨੌਜਵਾਨ ਪੀੜ੍ਹੀਆਂ ਨੂੰ ਆਕਾਰ ਦਿੱਤਾ ਹੈ। ਮਾਨ ਸਰਕਾਰ ਦਾ ਮੰਨਣਾ ਹੈ ਕਿ ਬਜ਼ੁਰਗਾਂ ਦੀ ਦੇਖਭਾਲ ਕਰਨਾ ਸਿਰਫ਼ ਇੱਕ ਜ਼ਿੰਮੇਵਾਰੀ ਨਹੀਂ ਹੈ, ਸਗੋਂ ਇੱਕ ਨੈਤਿਕ ਫਰਜ਼ ਹੈ ਅਤੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਵਰਗੀਆਂ ਪਹਿਲਕਦਮੀਆਂ ਸਰਕਾਰ ਦੇ ਇਸ ਸੰਕਲਪ ਨੂੰ ਦਰਸਾਉਂਦੀਆਂ ਹਨ ਕਿ ਹਰ ਸੀਨੀਅਰ ਨਾਗਰਿਕ ਦੇਖਭਾਲ ਅਤੇ ਸਨਮਾਨ ਨਾਲ ਆਪਣਾ ਜੀਵਨ ਜੀਵੇ।
ਸੂਬੇ ਭਰ ਦੇ ਪਰਿਵਾਰਾਂ ਨੂੰ ਅਪੀਲ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੈਂ ਪਰਿਵਾਰਾਂ ਨੂੰ ਅਪੀਲ ਕਰਦੀ ਹਾਂ ਕਿ ਉਹ ਆਪਣੇ ਬਜ਼ੁਰਗਾਂ ਨੂੰ ਇਨ੍ਹਾਂ ਸਿਹਤ ਕੈਂਪਾਂ ਵਿੱਚ ਲਿਆਉਣ ਤਾਂ ਜੋ ਵੱਧ ਤੋਂ ਵੱਧ ਸੀਨੀਅਰ ਨਾਗਰਿਕ ਪੰਜਾਬ ਸਰਕਾਰ ਦੀਆਂ ਭਲਾਈ ਪਹਿਲਕਦਮੀਆਂ ਦਾ ਲਾਭ ਉਠਾ ਸਕਣ। ਦੱਸਣਯੋਗ ਹੈ ਕਿ ਸੀਨੀਅਰ ਨਾਗਰਿਕਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣਾ ਭਗਵੰਤ ਮਾਨ ਸਰਕਾਰ ਦੀ ਜਨਤਕ ਸੇਵਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
