ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਉੱਤੇ ਪਹਿਰਾ ਦਿੰਦੇ ਹੋਏ ਲੋਕ ਸੇਵਾ ਨਾਲ ਜੁੜਨ ਦਾ ਸੱਦਾ

ਬਰਨਾਲਾ/ਮਹਿਲ ਕਲਾਂ, 27 ਸਤੰਬਰ-         ਪੰਜਾਬ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ (ਪੀ.ਐਸ.ਐਚ.ਆਰ.ਸੀ.) ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਅੱਜ ਚੰਨਣਵਾਲ ਪੁੱਜੇ ਅਤੇ ਕਮਿਊਨਿਟੀ ਹੱਲ ਚੰਨਣਵਾਲ ਵਿਖੇ ਇਲਾਕਾ ਵਾਸੀਆਂ ਦੇ ਰੂਬਰੂ ਹੋਏ। ਇਸ ਮੌਕੇ ਗ੍ਰਾਮ ਪੰਚਾਇਤ ਪਿੰਡ ਚੰਨਣਵਾਲ ਅਤੇ ਸਮੂਹ ਇਲਾਕਾ ਵਾਸੀਆਂ ਵਲੋਂ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।

    ਇਸ ਮੌਕੇ ਸੰਬੋਧਨ ਕਰਦੇ ਹੋਏ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਮਹਾਨ ਕੁਰਬਾਨੀ ਦਾ ਜ਼ਿਕਰ ਕਰਦੇ ਹੋਏ ਓਹਨਾਂ ਦੀ ਸੋਚ ਉੱਤੇ ਪਹਿਰਾ ਦਿੰਦੇ ਹੋਏ ਲੋਕ ਸੇਵਾ ਨਾਲ ਜੁੜਨ ਦਾ ਸੱਦਾ ਦਿੱਤਾ।

ਓਹਨਾਂ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਲੋਕਾਂ ਦੀਆਂ ਦੁੱਖ ਤਕਲੀਫ਼ ਦੀ ਸੁਣਵਾਈ, ਮਸਲਿਆਂ ਦੇ ਹੱਲ ਅਤੇ ਲੋੜੀਂਦੀਆਂ ਸਹੂਲਤਾਂ ਦੀ ਦਿਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਲਈ ਹੈਲਪਲਾਈਨ ਨੰਬਰ 9855475547 ਜਾਰੀ ਕੀਤਾ ਗਿਆ ਹੈ ਜਿਸ ‘ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤ ਕੀਤੀ ਜਾ ਸਕਦੀ ਹੈ। ਓਹਨਾਂ ਕਿਹਾ ਕਿ ਜੋ ਵਿਅਕਤੀ ਚੰਡੀਗੜ੍ਹ ਨਹੀਂ ਜਾ ਸਕਦੇ ਉਹ ਕੋਰ ਕਮੇਟੀ ਮੈਂਬਰਾਂ ਨੂੰ ਜ਼ਿਲ੍ਹਾ ਬਰਨਾਲਾ ਵਿੱਚ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਓਨ੍ਹਾਂ ਕਿਹਾ ਕਿ ਉਹ ਲਗਾਤਾਰ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਕੇ ਜ਼ਮੀਨੀ ਹਕੀਕਤ ਤੋਂ ਜਾਣੂੰ ਹੋ ਰਹੇ ਹਨ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸ਼ਿੱਦਤ ਨਾਲ ਕੰਮ ਕਰ ਰਹੇ ਹਨ। ਇਸ ਮੌਕੇ ਉਹਨਾਂ ਲੋਕਾਂ ਦੇ ਮਸਲੇ ਸੁਣੇ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ।

     ਇਸ ਮੌਕੇ ਵਿਧਾਇਕ ਸ. ਕੁਲਵੰਤ ਸਿੰਘ ਪੰਡੋਰੀ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਬਰਨਾਲਾ ਸਾਹਿਤਕਾਰਾਂ, ਚੇਤੰਨ ਲੋਕਾਂ ਦਾ ਜ਼ਿਲ੍ਹਾ ਹੈ। ਓਹਨਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਭਗਤ ਸਿੰਘ ਦੀ ਸੋਚ ਉੱਤੇ ਪਹਿਰਾ ਦਿੰਦੇ ਹੋਏ ਸਮਾਜ ਸੇਵੀ ਕਾਰਜ ਕਰਨ ਅਤੇ ਖੇਡਾਂ ਨਾਲ ਜੁੜਨ।

ਇਸ ਤੋਂ ਪਹਿਲਾਂ ਮਨੁੱਖੀ ਅਧਿਕਾਰ ਕਮਿਸ਼ਨ ਦੀ ਜ਼ਿਲ੍ਹਾ ਬਰਨਾਲਾ ਦੀ ਕੋਰ ਕਮੇਟੀ ਮੈਂਬਰ ਸਟੇਟ ਐਵਾਰਡੀ ਭੋਲਾ ਸਿੰਘ ਵਿਰਕ ਨੇ ਸੰਬੋਧਨ ਕਰਦੇ ਮੁੱਖ ਮਹਿਮਾਨ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਅਤੇ ਵਿਸ਼ੇਸ਼ ਮਹਿਮਾਨ ਹਲਕਾ ਵਿਧਾਇਕ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਪੰਜਾਬ ਵਿਧਾਨ ਸਭਾ ਕੁਲਵੰਤ ਸਿੰਘ ਪੰਡੋਰੀ ਸਮੇਤ ਸਮੂਹ ਪਤਵੰਤਿਆਂ ਦਾ ਸਵਾਗਤ ਕੀਤਾ।

ਇਸ ਮੌਕੇ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਸਮੇਤ ਵੱਖ ਵੱਖ ਸੰਸਥਾਵਾਂ ਵਲੋਂ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਦਾ ਸਨਮਾਨ ਕੀਤਾ ਗਿਆ।

  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ,  ਐੱਸ ਡੀ ਐਮ ਬਰਨਾਲਾ ਡਾ. ਅਜੀਤਪਾਲ ਸਿੰਘ ਚਹਿਲ, ਐੱਸ ਡੀ ਐਮ ਮਹਿਲ ਕਲਾਂ ਬੇਅੰਤ ਸਿੰਘ ਸਿੱਧੂ, ਸੁਪਰਡੈਂਟ ਜ਼ਿਲ੍ਹਾ ਜੇਲ੍ਹ ਬਰਨਾਲਾ ਐੱਸ ਐੱਸ ਨੰਦਗੜ੍ਹ, ਡੀ ਡੀ ਪੀ ਓ ਸਵਿੰਦਰ ਸਿੰਘ ਸਮੇਤ ਵੱਖ ਵੱਖ ਅਧਿਕਾਰੀ, ਕੋਰ ਕਮੇਟੀ ਮੈਂਬਰ ਜਤਿੰਦਰ ਦੇਵਗਨ, ਯੁੱਧ ਨਸ਼ਿਆਂ ਵਿਰੁੱਧ ਟੀਮ ਦੇ ਮੈਂਬਰ, ਸਮਾਜਸੇਵੀ ਸੰਸਥਾਵਾਂ ਦੇ ਨੁਮਾਇੰਦੇ, ਪੰਚਾਇਤੀ ਨੁਮਾਇੰਦੇ ਅਤੇ ਇਲਾਕਾ ਵਾਸੀ ਹਾਜ਼ਰ ਸਨ।


Posted

in

, ,

by

Comments

Leave a Reply

Your email address will not be published. Required fields are marked *