ਬੁਢਲਾਡਾ/ਮਾਨਸਾ, 20 ਮਈ :
ਪੰਜਾਬ ਵਿੱਚੋਂ ਨਸ਼ਿਆਂ ਦਾ ਕੋਹੜ ਖਤਮ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਪਿੰਡਾਂ ਵਿੱਚ ਨਸ਼ਾ ਰੋਕੂ ਰੱਖਿਆ ਕਮੇਟੀਆਂ ਅਤੇ ਪਿੰਡ ਵਾਸੀਆਂ ਨਾਲ ਮੀਟਿੰਗਾਂ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਨੇ ਅੱਜ ਬੁਢਲਾਡਾ ਹਲਕੇ ਦੇ ਪਿੰਡਾਂ ਬੀਰੋਕੇ ਕਲਾਂ, ਬੀਰੋਕੇ ਖੁਰਦ ਅਤੇ ਚੱਕ ਭਾਈਕੇ ਵਿਖੇ ਜੁੜੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕੀਤੇ ਸਮਾਗਮ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਸ਼ਾ ਤਸਕਰਾਂ ਖਿਲਾਫ਼ ਕੱਸੇ ਸ਼ਿਕੰਜੇ ਸਦਕਾ ਸਮੁੱਚੇ ਪੰਜਾਬ ਵਿੱਚ ਨਸ਼ਿਆਂ ਦੇ ਤਸਕਰਾਂ ਦਾ ਲੱਕ ਤੋੜ ਦਿੱਤਾ ਹੈ।ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਇਸ ਬਿਮਾਰੀ ਦੇ ਮੁਕੰਮਲ ਖਾਤਮੇ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਨਸ਼ਿਆਂ ਖਿਲਾਫ਼ ਵਿੱਢੀ ਇਸ ਜੰਗ ਵਿੱਚ ਸਰਕਾਰ ਦਾ ਸਾਥ ਦੇਣ ਲਈ ਸਾਰਿਆਂ ਨੂੰ ਸੱਦਾ ਦਿੱਤਾ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਵੱਲੋਂ ਦਿਖਾਈ ਸਖਤੀ ਦਾ ਨਤੀਜਾ ਹੈ ਕਿ ਨਸ਼ਾ ਤਸਕਰ ਜੇਲਾਂ ਵਿੱਚ ਬੰਦ ਕੀਤੇ ਜਾ ਰਹੇ ਹਨ । ਇਸ ਤੋਂ ਇਲਾਵਾ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਇਲਾਜ ਲਈ ਨਸ਼ਾ ਛਡਾਊ ਕੇਂਦਰ ਵਿੱਚ ਦਾਖਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਹਲਕੇ ਦੇ ਕਾਫ਼ੀ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਉਨ੍ਹਾਂ ਨੇ ਪ੍ਰਣ ਲਿਆ ਹੈ ਕਿ ਉਹ ਪਿੰਡਾਂ ਵਿੱਚ ਨਸ਼ਿਆਂ ਨੂੰ ਵੜਨ ਨਹੀਂ ਦੇਣਗੇ।
ਇਸ ਮੌਕੇ ਪਿੰਡਾਂ ਦੇ ਸਰਪੰਚਾਂ, ਪੰਚਾਂ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਮੋਹਤਵਰ ਵਿਅਕਤੀ ਮੌਜੂਦ ਸਨ।