ਮੁਕੇਰੀਆਂ/ਹੁਸ਼ਿਆਰਪੁਰ, 23 ਜੁਲਾਈ :
ਪੰਜਾਬ ਸਰਕਾਰ ਪੇਂਡੂ ਖੇਤਰਾਂ ਵਿਚ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਵਿਚ ਅੱਜ ਮਾਲ ਪੁਨਰਵਾਸ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਅਤੇ ਵਿਧਾਨ ਸਭਾ ਹਲਕਾ ਇੰਚਾਰਜ ਪ੍ਰੋਫੈਸਰ ਜੀ.ਐਸ. ਮੁਲਤਾਨੀ ਦੀ ਮੌਜੂਦਗੀ ਵਿਚ ਬਲਾਕ ਮੁਕੇਰੀਆਂ ਦੇ ਪਿੰਡ ਹਿਯਾਤਪੁਰ ਵਿਚ 62.45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਜਲ ਸਪਲਾਈ ਯੋਜਨਾ ਦਾ ਨੀਂਹ ਪੱਥਰ ਰੱਖਿਆ ਅਤੇ ਬਲਾਕ ਹਾਜੀਪੁਰ ਵਿਚ 54.50 ਲੱਖ ਰੁਪਏ ਦੀ ਲਾਗਤ ਨਾਲ ਬਣੀ ਜਲ ਸਪਲਾਈ ਯੋਜਨਾ ਦਾ ਉਦਘਾਟਨ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਤਰਜੀਹ ਹੈ ਕਿ ਹਰੇਕ ਪਿੰਡ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਸਹੂਲਤ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਬਿਮਾਰੀਆਂ ਵੀ ਘੱਟ ਹੋਣਗੀਆਂ। ਕੈਬਨਿਟ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਲੋੜਵੰਦ ਇਲਾਕਿਆਂ ਨੂੰ ਮੁੱਢਲੀਆਂ ਸਹੂਲਤਾਂ ਨਾਲ ਜੋੜਨ ਦੀ ਨੀਤੀ ਬਹੁਤ ਪ੍ਰਭਾਵਸ਼ਾਲੀ ਅਤੇ ਕੁਸ਼ਲ ਸਾਬਤ ਹੋ ਰਹੀ ਹੈ। ਸਭ ਤੋਂ ਪਹਿਲਾਂ ਮੁਕੇਰੀਆਂ ਦੇ ਪਿੰਡ ਹਿਯਾਤਪੁਰ ਵਿਖੇ 62.45 ਲੱਖ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਯੋਜਨਾ ਦਾ ਨੀਂਹ ਪੱਥਰ ਰੱਖਦੇ ਹੋਏ ਉਨ੍ਹਾਂ ਕਿਹਾ ਕਿ ਪਹਿਲਾਂ ਹਿਯਾਤਪੁਰ ਪਿੰਡ ਨੂੰ ਕੋਟਲੀ ਖਾਸ ਜਲ ਸਪਲਾਈ ਯੋਜਨਾ ਤਹਿਤ ਪਾਣੀ ਮਿਲ ਰਿਹਾ ਸੀ, ਪਰ ਇਸ ਵਿਚ ਸ਼ਾਮਿਲ ਹੋਰ ਪਿੰਡਾਂ ਕਾਰਨ ਹਿਯਾਤਪੁਰ ਨੂੰ ਲੋੜੀਂਦੀ ਪਾਣੀ ਸਪਲਾਈ ਨਹੀਂ ਮਿਲ ਰਹੀ ਸੀ।
ਹੁਣ ਇਸ ਪਿੰਡ ਨੂੰ ਵੱਖ ਕਰਕੇ ਇਕ ਨਵੀਂ ਜਲ ਸਪਲਾਈ ਯੋਜਨਾ ਬਣਾਈ ਜਾ ਰਹੀ ਹੈ। ਇਸ ਯੋਜਨਾ ਤਹਿਤ 200 ਐਮ.ਐਮ ਡਾਇਆਮੀਟਰ ਦਾ ਟਿਊਬਵੈੱਲ 150 ਮੀਟਰ ਦੀ ਡੂੰਘਾਈ ਤੱਕ ਲਗਾਇਆ ਜਾਵੇਗਾ, 50000 ਲੀਟਰ ਸਮਰੱਥਾ ਵਾਲੀ ਪਾਣੀ ਦੀ ਟੈਂਕੀ ਬਣਾਈ ਜਾਵੇਗੀ ਅਤੇ 5886 ਮੀਟਰ ਲੰਬੀ ਪਾਈਪਲਾਈਨ ਵਿਛਾਈ ਜਾਵੇਗੀ। ਇਸ ਤੋਂ ਇਲਾਵਾ 7.50 ਬੀ.ਐਚ.ਪੀ ਦੀ ਪੰਪਿੰਗ ਮਸ਼ੀਨਰੀ ਅਤੇ ਪੰਪ ਚੈਂਬਰ ਵੀ ਬਣਾਇਆ ਜਾਵੇਗਾ। ਇਹ ਯੋਜਨਾ ਕੁੱਲ 285 ਘਰਾਂ ਦੇ ਲੱਗਭਗ 1618 ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਏਗੀ ਅਤੇ ਇਸ ਦੀ ਦੇਖਭਾਲ ਪਿੰਡ ਦੀ ਪੰਚਾਇਤ ਦੁਆਰਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸਵੱਛ ਭਾਰਤ ਮਿਸ਼ਨ ਦੇ ਤਹਿਤ ਪਿੰਡ ਵਿਚ 46 ਪਖਾਨਿਆਂ ਦੇ ਨਿਰਮਾਣ ਲਈ 6.90 ਲੱਖ ਰੁਪਏ ਦੀ ਰਕਮ ਜਾਰੀ ਕੀਤੀ ਗਈ ਸੀ, ਜਿਸ ਦਾ ਕੰਮ ਪੂਰਾ ਹੋ ਗਿਆ ਹੈ।
ਇਸੇ ਤਰ੍ਹਾਂ ਕੈਬਨਿਟ ਮੰਤਰੀ ਨੇ ਬਲਾਕ ਹਾਜੀਪੁਰ ਅਧੀਨ ਪੈਂਦੇ ਪਿੰਡ ਡਾਲੋਵਾਲ ਵਿਚ ਵੀ 54.50 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਜਲ ਸਪਲਾਈ ਯੋਜਨਾ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾਂ ਡਾਲੋਵਾਲ ਪਿੰਡ ਦਗਨ ਜਲ ਸਪਲਾਈ ਯੋਜਨਾ ਅਧੀਨ ਸੀ, ਜਿਸ ਵਿਚ ਦਗਨ, ਡਾਲੋਵਾਲ ਅਤੇ ਬੰਬੋਵਾਲ ਤਿੰਨ ਪਿੰਡ ਸ਼ਾਮਿਲ ਸਨ। ਇਸ ਕਾਰਨ ਡਾਲੋਵਾਲ ਨੂੰ ਲੋੜੀਂਦੀ ਪਾਣੀ ਸਪਲਾਈ ਨਹੀਂ ਮਿਲ ਰਹੀ ਸੀ। ਹੁਣ ਇਸ ਨੂੰ ਵੱਖ ਕਰ ਦਿੱਤਾ ਗਿਆ ਹੈ ਅਤੇ ਇਕ ਨਵੀਂ ਜਲ ਸਪਲਾਈ ਯੋਜਨਾ ਲਾਗੂ ਕੀਤੀ ਗਈ ਹੈ। ਇਸ ਯੋਜਨਾ ਤਹਿਤ 200 ਐਮਐਮ ਡਾਇਆਮੀਟਰ ਦਾ ਟਿਊਬਵੈੱਲ 75 ਮੀਟਰ ਦੀ ਡੂੰਘਾਈ ਤੱਕ ਲਗਾਇਆ ਗਿਆ ਹੈ, 50000 ਲੀਟਰ ਸਮਰੱਥਾ ਵਾਲੀ ਪਾਣੀ ਦੀ ਟੈਂਕੀ ਲਗਾਈ ਗਈ ਹੈ ਅਤੇ 4176 ਮੀਟਰ ਲੰਬੀ ਪਾਈਪਲਾਈਨ ਵਿਛਾਈ ਗਈ ਹੈ। ਇਸ ਦੇ ਨਾਲ ਹੀ 6.00 ਬੀ.ਐਚ.ਪੀ ਪੰਪਿੰਗ ਮਸ਼ੀਨਰੀ ਅਤੇ ਪੰਪ ਚੈਂਬਰ ਵੀ ਬਣਾਏ ਗਏ ਹਨ। ਇਹ ਯੋਜਨਾ 160 ਘਰਾਂ ਦੇ 1045 ਲੋਕਾਂ ਨੂੰ ਸਾਫ਼ ਪਾਣੀ ਸਪਲਾਈ ਕਰੇਗੀ। ਇਸ ਦੀ ਦੇਖਭਾਲ ਗ੍ਰਾਮ ਪੰਚਾਇਤ ਵੱਲੋਂ ਕੀਤੀ ਜਾ ਰਹੀ ਹੈ ਅਤੇ ਪੰਚਾਇਤ ਕੋਲ ਇਸ ਲਈ 48000 ਰੁਪਏ ਦੀ ਰਕਮ ਵੀ ਉਪਲਬੱਧ ਹੈ। ਇਸ ਤੋਂ ਇਲਾਵਾ ਸਵੱਛ ਭਾਰਤ ਮਿਸ਼ਨ ਤਹਿਤ ਡਾਲੋਵਾਲ ਵਿਚ 48 ਪਖਾਨਿਆਂ ਦੇ ਨਿਰਮਾਣ ਲਈ 7.20 ਲੱਖ ਰੁਪਏ ਦੀ ਰਕਮ ਖ਼ਰਚ ਕੀਤੀ ਗਈ ਹੈ ਅਤੇ ਇਹ ਕੰਮ ਵੀ ਪੂਰਾ ਹੋ ਗਿਆ ਹੈ।
ਇਸ ਦੌਰਾਨ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਮੁੰਡੀਆ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਵਿਸਥਾਰ ਵਿਚ ਚਰਚਾ ਕੀਤੀ ਅਤੇ ਕਿਹਾ ਕਿ ਅਕਤੂਬਰ ਤੋਂ ਸ਼ੁਰੂ ਹੋ ਰਹੀ ਇਸ ਮਹੱਤਵਾਕਾਂਖੀ ਯੋਜਨਾ ਤਹਿਤ, ਪੰਜਾਬ ਸਰਕਾਰ ਸੂਬੇ ਦੇ ਹਰੇਕ ਨਾਗਰਿਕ ਲਈ ਨਕਦੀ ਰਹਿਤ ਸਿਹਤ ਬੀਮਾ ਯਕੀਨੀ ਬਣਾ ਰਹੀ ਹੈ। ਇਸ ਯੋਜਨਾ ਤਹਿਤ ਸੂਬੇ ਦੇ ਸਾਰੇ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਪ੍ਰਦਾਨ ਕੀਤਾ ਜਾਵੇਗਾ, ਤਾਂ ਜੋ ਉਹ ਬਿਨਾਂ ਕਿਸੇ ਵਿੱਤੀ ਬੋਝ ਦੇ ਮਿਆਰੀ ਡਾਕਟਰੀ ਸਹੂਲਤਾਂ ਪ੍ਰਾਪਤ ਕਰ ਸਕਣ। ਇਹ ਯੋਜਨਾ ਖਾਸ ਕਰਕੇ ਉਨ੍ਹਾਂ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ ਜੋ ਵਿੱਤੀ ਤੌਰ ‘ਤੇ ਕਮਜ਼ੋਰ ਹਨ ਅਤੇ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਲੋੜੀਂਦੇ ਪੈਸੇ ਇਕੱਠੇ ਕਰਨ ਵਿਚ ਅਸਮਰੱਥ ਹਨ। ਇਸ ਪਹਿਲਕਦਮੀ ਨਾਲ ਨਾ ਸਿਰਫ਼ ਸਿਹਤ ਸੇਵਾਵਾਂ ਦੀ ਪਹੁੰਚ ਵਧੇਗੀ, ਸਗੋਂ ਲੋਕਾਂ ਦਾ ਸਰਕਾਰ ‘ਤੇ ਵਿਸ਼ਵਾਸ ਵੀ ਮਜ਼ਬੂਤ ਹੋਵੇਗਾ।
ਉਨ੍ਹਾਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ‘ਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿਚ ਇਕ ਵਿਸ਼ਾਲ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਨਸ਼ੇ ਦੀ ਤਸਕਰੀ ‘ਤੇ ਸਖ਼ਤੀ ਨਾਲ ਪਾਬੰਦੀ ਲਗਾਉਣ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਨਸ਼ੇ ਦੀ ਲਤ ਤੋਂ ਪੀੜਤ ਲੋਕਾਂ ਦੇ ਮੁੜ ਵਸੇਬੇ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਇਸ ਦੇ ਨਾਲ ਹੀ ਜਾਗਰੂਕਤਾ ਪ੍ਰੋਗਰਾਮਾਂ ਰਾਹੀਂ ਨੌਜਵਾਨਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜੋ ਉਹ ਇਸ ਬੁਰਾਈ ਤੋਂ ਦੂਰ ਰਹਿਣ। ਇਸ ਮੁਹਿੰਮ ਦਾ ਉਦੇਸ਼ ਨਾ ਸਿਰਫ਼ ਨਸ਼ੇ ਦੀ ਲਤ ਨੂੰ ਖਤਮ ਕਰਨਾ ਹੈ, ਸਗੋਂ ਸਮਾਜ ਵਿਚ ਇਕ ਸਿਹਤਮੰਦ ਅਤੇ ਸਕਾਰਾਤਮਕ ਵਾਤਾਵਰਨ ਨੂੰ ਉਤਸ਼ਾਹਿਤ ਕਰਨਾ ਵੀ ਹੈ। ਇਸ ਮੌਕੇ ਮੁੱਖ ਇੰਜੀਨੀਅਰ ਰਾਜੇਸ਼ ਦੂਬੇ, ਐਸ.ਈ ਮਹੇਸ਼ ਕੁਮਾਰ, ਐਕਸੀਅਨ ਤਲਵਾੜਾ ਅਨੁਜ ਸ਼ਰਮਾ, ਐਸ.ਡੀ.ਓ ਰਮਿਤ ਠਾਕੁਰ, ਜੇ.ਈ ਮਨਜੀਤ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
