ਧੂਰੀ, 23 ਮਈ: ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਅੱਜ ਧੂਰੀ ਦੇ ਵਾਰਡ ਨੰਬਰ 9 ਵਿੱਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਮਨਦੀਪ ਕੌਰ ਦੇ ਹੱਕ ਵਿੱਚ ਜ਼ੋਰਦਾਰ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਮਨਦੀਪ ਕੌਰ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਨਗਰ ਕੌਂਸਲ ਵਿੱਚ ਭੇਜਣ।
ਇਸ ਦੌਰਾਨ ਸੰਬੋਧਨ ਕਰਦਿਆਂ ਹਰਪਾਲ ਜੁਨੇਜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਚਹੁੰ ਪੱਖੀ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਵਿਕਾਸ ਦੇ ਆਧਾਰ ‘ਤੇ ਹੀ ਪਾਰਟੀ ਵੱਲੋਂ ਨਗਰ ਕੌਂਸਲ ਚੋਣਾਂ ਵਿੱਚ ਲੋਕਾਂ ਕੋਲੋਂ ਸਮਰਥਨ ਮੰਗਿਆ ਜਾ ਰਿਹਾ ਹੈ।
ਉਨ੍ਹਾਂ ਵਾਰਡ ਨੰਬਰ 9 ਦੇ ਵਸਨੀਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਧੂਰੀ ਸ਼ਹਿਰ ਵਿੱਚ ਪਿਛਲੇ ਚਾਰ ਸਾਲਾਂ ਦੌਰਾਨ ਹੋਏ ਵਿਕਾਸ ਕਾਰਜ ਸਭ ਦੇ ਸਾਹਮਣੇ ਹਨ ਅਤੇ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਬਾਕੀ ਰਹਿੰਦੇ ਕੰਮ ਮੁਕੰਮਲ ਹੋਣ ਉਪਰੰਤ ਧੂਰੀ ਸੂਬੇ ਦਾ ਇੱਕ ਮਾਡਲ ਸ਼ਹਿਰ ਬਣੇਗਾ।
ਚੋਣ ਪ੍ਰਚਾਰ ਦੌਰਾਨ ਧੂਰੀ ਹਲਕੇ ਦੇ ਮੀਡੀਆ ਕੋਆਰਡੀਨੇਟਰ ਮੰਨੂ ਸ਼ਰਮਾ ਬੇਨੜਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸ ਮੌਕੇ ਵਾਰਡ ਨੰਬਰ 9 ਦੇ ਰਾਮਗੜੀਆ ਪਰਿਵਾਰ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਦੀਪ ਕੌਰ ਦੇ ਹੱਕ ਵਿੱਚ ਖੁੱਲ੍ਹ ਕੇ ਸਮਰਥਨ ਦਾ ਐਲਾਨ ਕਰਦਿਆਂ ਵਿਸ਼ਵਾਸ ਜਤਾਇਆ ਕਿ ਉਹ ਵੱਡੀ ਲੀਡ ਨਾਲ ਜਿੱਤ ਦਰਜ ਕਰਨਗੇ।
ਇਸ ਮੌਕੇ ਬਲਵਿੰਦਰ ਸਿੰਘ ਬਿੱਲੂ, ਰਣਧੀਰ ਸਿੰਘ ਧੀਰਾ ਸਮੇਤ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਵਾਰਡ ਨੰਬਰ 9 ਦੇ ਨਿਵਾਸੀ ਹਾਜ਼ਰ ਸਨ।
