ਤਰਨ ਤਾਰਨ, 18 ਫਰਵਰੀ :- ਪੰਜਾਬ ਸਰਕਾਰ ਵਪਾਰੀਆਂ ਅਤੇ ਉਦਯੋਗਪਤੀਆਂ ਲਈ ਪਾਰਦਰਸ਼ੀ, ਸਰਲ ਅਤੇ ਸੁਰੱਖਿਅਤ ਵਪਾਰਕ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ ਨੇ ਅੱਜ ਰਾਜ ਕਰ ਕਮਿਸ਼ਨਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਕ ਬਾਠ ਰੋਡ ‘ਤੇ ਲਗਾਏ ਵਿਸ਼ੇਸ਼ ਜ਼ਿਲ੍ਹਾ ਪੱਧਰੀ ਟਰੇਡਰਸ ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਤਾਂ ਜੋ ਵਪਾਰਕ ਸਰਗਰਮੀਆਂ ਨੂੰ ਹੋਰ ਤੇਜ਼ੀ ਮਿਲ ਸਕੇ।ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਅਗਵਾਈ ਹੇਠ ਜੀ.ਐਸ.ਟੀ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਏ ਗਏ ਇਸ ਜ਼ਿਲ੍ਹਾ ਪੱਧਰੀ ਕੈਂਪ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਲੋੜਾਂ ਬਾਰੇ ਵਿਚਾਰ-ਵਟਾਂਦਰਾ ਕਰਨਾ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਪੂਰਾ ਸਹਿਯੋਗ ਪ੍ਰਦਾਨ ਕਰਨਾ ਹੈ।
ਇਸ ਮੌਕੇ ਵਪਾਰੀਆਂ ਵੱਲੋਂ ਵੱਖ-ਵੱਖ ਮੁੱਦਿਆਂ, ਜਿਵੇਂ ਕਿ ਬੁਨਿਆਦੀ ਢਾਂਚੇ, ਸਹੂਲਤਾਂ, ਸੁਰੱਖਿਆ ਅਤੇ ਪ੍ਰਸ਼ਾਸਕੀ ਪ੍ਰਕਿਰਿਆਵਾਂ ਨੂੰ ਸੌਖਾ ਬਣਾਉਣ ਸਬੰਧੀ ਆਪਣੇ ਸੁਝਾਅ ਸਾਂਝੇ ਕੀਤੇ ਗਏ। ਵਧੀਕ ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਇਹ ਸਾਰੇ ਸੁਝਾਅ ਸਬੰਧਿਤ ਵਿਭਾਗਾਂ ਤੱਕ ਪਹੁੰਚਾ ਕੇ ਜਲਦੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਵਿਧਾਇਕ ਤਰਨ ਤਾਰਨ ਹਰਮੀਤ ਸਿੰਘ ਸੰਧੂ ਦੇ ਭਰਾਤਾ ਰਾਜਬੀਰ ਸਿੰਘ ਸੰਧੂ ਨੇ ਕਿਹਾ ਕਿ ਵਪਾਰੀ ਵਰਗ ਪੰਜਾਬ ਦੀ ਆਰਥਿਕ ਤਰੱਕੀ ਦਾ ਮਹੱਤਵਪੂਰਨ ਹਿੱਸਾ ਹੈ ਅਤੇ ਸਰਕਾਰ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਬੈਠਕਾਂ ਰਾਹੀਂ ਸਰਕਾਰ ਅਤੇ ਵਪਾਰੀਆਂ ਦਰਮਿਆਨ ਸਿੱਧਾ ਸੰਵਾਦ ਮਜ਼ਬੂਤ ਹੋਵੇਗਾ।
ਮੀਟਿੰਗ ਦੌਰਾਨ ਪੰਜਾਬ ਸਟੇਟ ਟਰੇਡਰਸ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਹਰਮਨਦੀਪ ਸਿੰਘ ਮੈਣੀ ਨੇ ਕਿਹਾ ਕਿ ਟਰੇਡ ਕਮਿਸ਼ਨ ਵੱਲੋਂ ਬਲਾਕ ਪੱਧਰ ਉੱਤੇ ਵੀ ਵਪਾਰੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।
ਇਸ ਮੌਕੇ ਵਪਾਰੀਆਂ ਨੇ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਲਈ ਲਏ ਜਾ ਰਹੇ ਲੋਕਪੱਖੀ ਫ਼ੈਸਲਿਆਂ ਦੀ ਪ੍ਰਸੰਸਾ ਕਰਦਿਆਂ ਭਵਿੱਖ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਇਸ ਦੌਰਾਨ ਏ.ਈ.ਟੀ.ਸੀ ਅੰਜਲੀ ਸਿੰਘ ਅਤੇ ਸਿਮਰਨਦੀਪ ਸਿੰਘ ਬਰਾੜ ਨੇ ਆਏ ਮਹਿਮਾਨਾਂ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ ਅਤੇ ਵਿਭਾਗ ਵੱਲੋਂ ਵਪਾਰੀਆਂ ਲਈ ਕੀਤੀਆਂ ਪਹਿਲਕਦਮੀਆਂ ਦਾ ਜ਼ਿਕਰ ਕੀਤਾ।
ਇਸ ਮੌਕੇ ਐਸ.ਡੀ.ਐਮ ਤਰਨ ਤਾਰਨ ਗੁਰਮੀਤ ਸਿੰਘ ਮਾਨ, ਚੇਅਰਮੈਨ ਅਮਰਿੰਦਰ ਸਿੰਘ, ਚੇਅਰਮੈਨ ਦਿਲਬਾਗ ਸਿੰਘ, ਜੀ.ਐਮ ਜ਼ਿਲ੍ਹਾ ਉਦਯੋਗ ਕੇਂਦਰ ਸੁਖਪਾਲ ਸਿੰਘ, ਡੀ.ਐਫ.ਐਸ.ਸੀ ਜਸਮੀਤ ਕੌਰ, ਈ.ਟੀ.ਓ ਸੁਖਪ੍ਰੀਤ ਕੌਰ ਤੇ ਕੁਲਦੀਪ ਸਿੰਘ, ਆੜਤੀਆ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਕਰਿਆਨਾ ਯੂਨੀਅਨ ਦੇ ਪ੍ਰਧਾਨ ਸੁਖਵੀਰ ਸਿੰਘ, ਸ਼ੈਲਰ ਯੂਨੀਅਨ ਦੇ ਪ੍ਰਧਾਨ ਅਵਤਾਰ ਸਿੰਘ ਤਨੇਜਾ ਹਰਜਿੰਦਰ ਸਿੰਘ ਸੰਧੂ, ਵਰਿੰਦਰ ਮੋਹਨ ਸਿੰਘ, ਵਿਨੇ ਮਲਹੋਤਰਾ ਭਿੱਖੀਵਿੰਡ ਤੂੰ ਇਲਾਵਾ ਵੱਖ-ਵੱਖ ਵਪਾਰਕ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਚੇਅਰਮੈਨਾਂ ਅਤੇ ਪ੍ਰਧਾਨਾਂ ਤੋਂ ਇਲਾਵਾ ਜ਼ਿਲ੍ਹੇ ਭਰ ‘ਚੋਂ ਵਪਾਰੀ ਭਰਾ ਮੌਜੂਦ ਸਨ।
