ਕੀਰਤਪੁਰ ਸਾਹਿਬ 01 ਮਈ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਨਗਰ ਸਿੱਖ ਇਤਿਹਾਸ ਦਾ ਅਟੁੱਟ ਹਿੱਸਾ ਹੈ ਅਤੇ ਇਸ ਦੀ ਮਹਾਨਤਾ ਸੰਗਤਾਂ ਨੂੰ ਪ੍ਰੇਰਿਤ ਕਰਦੀ ਰਹੀ ਹੈ।
ਉਨ੍ਹਾਂ ਦੱਸਿਆ ਕਿ 1 ਮਈ 1626 ਨੂੰ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਇਸ ਨਗਰ ਦੀ ਸਥਾਪਨਾ ਕੀਤੀ ਗਈ ਸੀ। ਇਹ ਪਵਿੱਤਰ ਧਰਤੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਗੁਰੂ ਗੋਬਿੰਦ ਸਿੰਘ ਜੀ ਤੱਕ ਕਈ ਗੁਰੂ ਸਾਹਿਬਾਨ ਦੀ ਚਰਨ ਛੋਹ ਨਾਲ ਧੰਨ ਹੋਈ ਹੈ, ਜਦਕਿ ਗੁਰੂ ਹਰਰਾਇ ਸਾਹਿਬ ਅਤੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਵੀ ਇੱਥੇ ਹੀ ਹੋਇਆ।
ਉਨ੍ਹਾਂ ਕਿਹਾ ਕਿ ਕੀਰਤਪੁਰ ਸਾਹਿਬ ਵਿੱਚ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ, ਗੁਰਦੁਆਰਾ ਚਰਨ ਕੰਵਲ ਸਾਹਿਬ, ਗੁਰਦੁਆਰਾ ਪਾਤਾਲਪੁਰੀ ਸਾਹਿਬ ਅਤੇ ਹੋਰ ਇਤਿਹਾਸਕ ਅਸਥਾਨ ਸਿੱਖ ਧਰਮ ਦੀ ਸ਼ਾਨ ਨੂੰ ਦਰਸਾਉਂਦੇ ਹਨ। ਇਹ ਸਥਾਨ ਨਾ ਸਿਰਫ ਧਾਰਮਿਕ ਮਹੱਤਤਾ ਰੱਖਦੇ ਹਨ, ਸਗੋਂ ਇਤਿਹਾਸ ਅਤੇ ਆਧਿਆਤਮਿਕਤਾ ਦਾ ਵਿਲੱਖਣ ਮੇਲ ਵੀ ਪੇਸ਼ ਕਰਦੇ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਰਤਪੁਰ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਗਏ ਹਨ। ਸ਼ਹਿਰ ਦੇ ਦਾਖਲੇ ‘ਤੇ ਚੌਂਕ ਦਾ ਸੁੰਦਰੀਕਰਨ , ਸਰਕਾਰੀ ਸਕੂਲ ਨੂੰ ਸਕੂਲ ਆਫ਼ ਐਮੀਨੈਂਸ ਬਣਾਉਣਾ, ਹਸਪਤਾਲ ਦਾ ਆਧੁਨਿਕ ਨਵੀਨੀਕਰਨ ਅਤੇ ਆਮ ਆਦਮੀ ਕਲੀਨਿਕ ਦੀ ਸਥਾਪਨਾ ਵਰਗੇ ਕਈ ਪ੍ਰੋਜੈਕਟ ਸਫਲਤਾਪੂਰਵਕ ਮੁਕੰਮਲ ਕੀਤੇ ਗਏ ਹਨ। ਇਸ ਦੇ ਨਾਲ ਹੀ ਗੁਰਦੁਆਰਾ ਪਾਤਾਲਪੁਰੀ ਸਾਹਿਬ ਨੇੜੇ ਸਤਲੁਜ ਦਰਿਆ ਨੂੰ ਸਾਫ ਰੱਖਣ ਲਈ ਸੀਵਰੇਜ ਟ੍ਰੀਟਮੈਂਟ ਪਲਾਂਟ ਲਗਾਇਆ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਐਸਟਰੋਟਰਫ਼ ਫੁੱਟਬਾਲ ਗ੍ਰਾਊਂਡ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਰਗੀ ਪਵਿੱਤਰ ਧਰਤੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸੇਵਾ ਕਰਦੇ ਰਹਿਣਗੇ।
