ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਨੇ ਐਲਾਨੀ ਗਜ਼ਟਿਡ ਛੁੱਟੀ, 31 ਜੁਲਾਈ ਨੂੰ ਪੰਜਾਬ ਭਰ ‘ਚ ਰਹੇਗੀ ਛੁੱਟੀ

ਚੰਡੀਗੜ੍ਹ, 29 ਜੁਲਾਈ-

ਪੰਜਾਬ ਦੇ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਜੀ ਦੀ ਅਮੀਰ ਵਿਰਾਸਤ ਦੇ ਸਨਮਾਨ ਅਤੇ ਕੰਬੋਜ ਭਾਈਚਾਰੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਇਸ ਮਹਾਨ ਆਜ਼ਾਦੀ ਘੁਲਾਟੀਏ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।

ਅੱਜ ਇਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਭਵਾਨੀਗੜ੍ਹ-ਸੁਨਾਮ-ਭੀਖੀ-ਕੋਟਸ਼ਮੀਰ ਸੜਕ ਦਾ ਨਾਮ “ਸ਼ਹੀਦ ਊਧਮ ਸਿੰਘ ਮਾਰਗ” ਰੱਖਣ ਦਾ ਵੀ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਹਾਨ ਇਨਕਲਾਬੀ ਆਜ਼ਾਦੀ ਘੁਲਾਟੀਏ ਸਰਦਾਰ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਉਨ੍ਹਾਂ ਦੀ ਜਨਮ ਭੂਮੀ ਸੁਨਾਮ ਵਿਖੇ ਇੱਕ ਰਾਜ ਪੱਧਰੀ ਸਮਾਗਮ ਕਰਵਾਉਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 31 ਜੁਲਾਈ ਨੂੰ ਇਸ ਰਾਜ ਸਮਾਗਮ ਦੌਰਾਨ ਅਧਿਕਾਰਤ ਤੌਰ ‘ਤੇ ਸ਼ਹੀਦ ਊਧਮ ਸਿੰਘ ਦੇ ਨਾਮ ‘ਤੇ ਸੜਕ ਦਾ ਨਾਮ ਰੱਖਣਗੇ।

ਉਨ੍ਹਾਂ ਨੇ ਲੰਡਨ ਜਾ ਕੇ ਜਲ੍ਹਿਆਂਵਾਲਾ ਬਾਗ਼ ਕਤਲੇਆਮ ਦਾ ਬਦਲਾ ਲੈਣ ਵਾਲੇ ਸ਼ਹੀਦ ਊਧਮ ਸਿੰਘ ਜੀ ਦੀ ਸ਼ਾਨਾਮੱਤੀ ਵਿਰਾਸਤ ਦੇ ਸਨਮਾਨ ਵਿੱਚ ਇਹ ਉਪਰਾਲੇ ਕਰਨ ਲਈ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਸ. ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।

ਸ੍ਰੀ ਅਮਨ ਅਰੋੜਾ ਨੇ ਕੇਂਦਰ ਸਰਕਾਰ ਨੂੰ ਪਟਿਆਲਾ-ਭਵਾਨੀਗੜ੍ਹ ਸੜਕ ਦਾ ਨਾਮ ਸ਼ਹੀਦ ਊਧਮ ਸਿੰਘ ਜੀ ਦੇ ਨਾਮ ‘ਤੇ ਰੱਖਣ ਦੀ ਵੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਹ ਮਾਮਲਾ ਕੇਂਦਰ ਸਰਕਾਰ ਕੋਲ ਵੀ ਉਠਾਇਆ ਜਾ ਰਿਹਾ ਹੈ।

ਜਲਾਲਾਬਾਦ ਤੋਂ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਅਤੇ ਪੰਜਾਬ ਰਾਜ ਬੀ.ਸੀ. ਕਮਿਸ਼ਨ ਦੇ ਚੇਅਰਮੈਨ ਡਾ. ਮਲਕੀਅਤ ਸਿੰਘ ਥਿੰਦ ਨੇ ਵੀ ਕੰਬੋਜ ਭਾਈਚਾਰੇ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕਰਨ ਲਈ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਭਾਈਚਾਰੇ ਦੀਆਂ ਮੰਗਾਂ ਦੀ ਪੂਰਤੀ ਨੂੰ ਯਕੀਨੀ ਬਣਾਉਣ, ਇਸ ਸ਼ਹੀਦ ਦੇ ਸਨਮਾਨ ਲਈ ਅਣਥੱਕ ਯਤਨਾਂ ਲਈ ਸ੍ਰੀ ਅਮਨ ਅਰੋੜਾ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ।

Leave a Reply

Your email address will not be published. Required fields are marked *