ਬਟਾਲਾ, 30 ਜੂਨ ( ) ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਹੋਰ ਵਰਗਾਂ ਦੀ ਉੱਨਤੀ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਨੂੰ ਵੀ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਅਧੀਨ ਵਿੱਤੀ ਸਾਲ 2025-26 ਦੌਰਾਨ 245 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਗਿਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ 2 ਲੱਖ 70 ਹਜ਼ਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਅਧੀਨ ਕਵਰ ਕਰਨ ਦਾ ਟੀਚਾ ਰੱਖਿਆ ਹੈ। ਇਹ ਟੀਚਾ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਜੀਵਨ ਪੱਧਰ ਨੂੰ ਉੱਚਾ ਲਿਜਾਣ ਵਿੱਚ ਸਹਾਈ ਸਿੱਧ ਹੋਵੇਗਾ।
ਉਨਾਂ ਨੇ ਕਿਹਾ ਕਿ ਪਿੱਛਲੇ ਵਿੱਤੀ ਸਾਲ ਦੌਰਾਨ ਵੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਅਧੀਨ 2 ਲੱਖ 36 ਹਜ਼ਾਰ 575 ਵਿਦਿਆਰਥੀਆਂ ਨੂੰ ਕਵਰ ਕੀਤਾ ਗਿਆ ਸੀ ਅਤੇ ਰਾਜ ਸਰਕਾਰ ਦੇ ਹਿੱਸੇ ਵੱਜੋ 266.57 ਕਰੋੜ ਰੁਪਏ ਦੀ ਰਾਸ਼ੀ ਅਦਾ ਕੀਤੀ ਗਈ ਸੀ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਵਿਦਿਆਰਥੀਆਂ ਪਾਸੋਂ ਆਨ-ਲਾਈਨ ਐਪਲੀਕੇਸ਼ਨਾਂ ਪ੍ਰਾਪਤ ਕਰਨ ਲਈ ਜਲਦ ਹੀ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ਖੋਲਿਆ ਜਾ ਰਿਹਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਸਕੀਮ ਸਬੰਧੀ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਲਈ ਜ਼ਿਲ੍ਹਾ ਪੱਧਰ ਤੇ ਜਾਗਰੂਕਤਾ ਕੈਂਪ ਲਗਾਏ ਜਾਣਗੇ।