ਤਰਨ ਤਾਰਨ, 19 ਜੁਲਾਈ:
ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਤਹਿਤ ਅੱਜ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਢੋਟੀਆਂ, ਡੁੱਗਰੀ, ਉਸਮਾਂ,ਰੂੜ੍ਹੀਵਾਲਾ, ਸੁਹਾਵਾ ਅਤੇ ਠੱਠੀਆਂ ਮਹੰਤਾਂ ਵਿਖੇ ਲੋਕਾਂ ਨੂੰ ਸੰਬੋਧਨ ਕੀਤਾ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿਆਪਕ ਤੌਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਨੂੰ ਜੜੋਂ ਖਤਮ ਕੀਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ, ਕਸਬਿਆਂ ਦੇ ਸ਼ਹਿਰਾਂ ਤੱਕ ਪੁਹੰਚ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਵਿਰੁੱਧ ਲਾਮਬੰਦ ਕਰਨ ਦੇ ਨਾਲ-ਨਾਲ ਜੋ ਲੋਕ ਕਿਸੇ ਕਾਰਨ ਨਸ਼ਿਆਂ ਦੇ ਜਾਲ ਵਿੱਚ ਫਸ ਗਏ ਹਨ, ਉਨਾਂ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਵਿੱਚ ਨਸ਼ੇ ਦੀ ਬਿਮਾਰੀ ਤੋਂ ਪੀੜ੍ਹਤ ਵਿਅਕਤੀਆਂ ਦਾ ਇਲਾਜ ਮੁਫ਼ਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਨਸ਼ੇ ਦਾ ਜ਼ਹਿਰ ਸਖ਼ਤੀ ਨਾਲ ਤੇ ਲੋਕਾਂ ਦੇ ਸਹਿਯੋਗ ਨਾਲ ਖ਼ਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਚੇਨ ਤੋੜਨ ਲਈ ਹਰ ਇਕ ਨਾਗਰਿਕ ਨੂੰ ਆਪਣੀ ਜਿੰਮੇਵਾਰੀ ਸਮਝਣੀ ਪਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਜਾਣਕਾਰੀ ਵਟਸਐਪ ਨੰਬਰ 9779100200 ‘ਤੇ ਸਾਂਝੀ ਕੀਤੀ ਜਾ ਸਕਦੀ ਹੈ ਤੇ ਜਾਣਕਾਰੀ ਦੇਣ ਵਾਲੇ ਦੀ ਪਛਾਣ ਵੀ ਗੁਪਤ ਰੱਖੀ ਜਾਵੇਗੀ।
ਉਹਨਾਂ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ ਪੰਜਾਬ ਸਰਕਾਰ ਲਗਾਤਾਰ ਕਾਰਵਾਈਆਂ ਅਮਲ ਵਿਚ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ‘ਤੇ ਕਾਰਵਾਈ ਕਰਨ ਦੇ ਨਾਲ-ਨਾਲ ਜੋ ਵੀ ਨਸ਼ਾ ਤਸਕਰਾਂ ਦੀ ਹਮਾਇਤ ਕਰਦਾ ਹੈ, ਉਨ੍ਹਾਂ ਖਿਲਾਫ ਵੀ ਸਖਤ ਐਕਸ਼ਨ ਲਏ ਜਾ ਰਹੇ ਹਨ।
ਉਨ੍ਹਾਂ ਪਿੰਡਾਂ ਦੇ ਪੰਚਾਂ-ਸਰਪੰਚਾਂ ਅਤੇ ਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ ਅਤੇ ਇਨ੍ਹਾਂ ਦੀਆਂ ਜ਼ਮਾਨਤਾਂ ਨਾ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ।
ਇਸ ਮੌਕੇ ਕੈਬਨਿਟ ਮੰਤਰੀ ਨੇ ਨੌਜਵਾਨਾਂ ਨੂੰ ਵਿੱਦਿਅਕ ਮੁਕਾਬਲਿਆਂ, ਖੇਡਾਂ, ਸੱਭਿਆਚਾਰ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਵਾਲੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਕਿਹਾ ਕਿ ਜੋ ਵੀ ਸਾਡਾ ਨੋਜਵਾਨ ਭਰਾ ਨਸ਼ੇ ਦੀ ਬਿਮਾਰੀ ਦੀ ਲਪੇਟ ਵਿੱਚ ਆ ਚੁੱਕਾ ਹੈ ਉਸ ਨੂੰ ਵੀ ਘਬਰਾਉਣ ਦੀ ਲੋੜ ਨਹੀਂ, ਬਲਕਿ ਪੰਜਾਬ ਸਰਕਾਰ ਉਸਦਾ ਮੁਫਤ ਇਲਾਜ ਕਰਵਾ ਰਹੀ ਹੈ ਤੇ ਸਮਾਜ ਦੀ ਮੁੱਖ ਧਾਰਾ ਨਾਲ ਜੋੜ ਰਹੀ ਹੈ।
ਇਸ ਦੌਰਾਨ ਕੈਬਨਿਟ ਮੰਤਰੀ ਨੇ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਸਬੰਧੀ ਸਾਥ ਦੇਣ ਦੀ ਸਹੁੰ ਵੀ ਚੁਕਾਈ।
ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ, ਪਿੰਡਾਂ ਦੇ ਪੰਚ-ਸਰਪੰਚ, ਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰ, ਸਿਹਤ ਵਿਭਾਗ, ਪੰਚਾਇਤ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।