ਤਪਾ, 12 ਅਪ੍ਰੈਲ
ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ. ਬੈਨਿਥ ਵੱਲੋਂ ਅੱਜ ਸਬ ਡਵੀਜ਼ਨਲ ਹਸਪਤਾਲ ਤਪਾ ਦਾ ਅਚਨਚੇਤੀ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਸਪਤਾਲ ਵਿਖੇ ਮਿਲ ਰਹੀਆਂ ਵੱਖ-ਵੱਖ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਵੀ ਲਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁਢਲਾ ਫਰਜ਼ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣਾ ਹੈ। ਇਸ ਮੌਕੇ ਉਨ੍ਹਾਂ ਐਮਰਜੈਂਸੀ, ਓ.ਪੀ.ਡੀ., ਫਾਰਮੇਸੀ, ਫਾਰਮੇਸੀ ਸਟੋਰ, ਜੱਚਾ-ਬੱਚਾ ਵਿਭਾਗ, ਆਈ.ਪੀ.ਡੀ. ਵਿੱਚ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਉਨ੍ਹਾਂ ਇਲਾਜ ਅਧੀਨ ਮਰੀਜ਼ਾਂ ਨਾਲ ਗੱਲ-ਬਾਤ ਵੀ ਕੀਤੀ। ਉਨ੍ਹਾਂ ਸਟਾਫ ਨਾਲ ਮੀਟਿੰਗ ਕੀਤੀ ਤੇ ਸਾਰਿਆਂ ਨੂੰ ਸਮੇਂ ਦੀ ਪਾਬੰਦੀ ਤੇ ਅਨੁਸ਼ਾਸਨ ਵਿੱਚ ਰਹਿਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਲੋੜਵੰਦ ਤੇ ਯੋਗ ਵਰਗ ਨੂੰ ਮਿਲਣ ਵਾਲੇ ਆਯੂਸ਼ਮਾਨ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਆਰ.ਬੀ.ਐਸ.ਕੇ. ਜੇ.ਐਸ.ਵਾਈ. ਤੇ ਹੋਰ ਵੱਖ ਵੱਖ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਤੇ ਕਰਮਚਾਰੀ ਆਪਣਾ ਕੰਮ ਸਮੇਂ ਸਿਰ ਤੇ ਇਮਾਨਦਾਰੀ ਨਾਲ ਕਰਨ ਤਾਂ ਜੋ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ.ਇੰਦੂ ਬਾਂਸਲ ਨੇ ਉਨ੍ਹਾਂ ਨੂੰ ਲੋਕ ਹਿੱਤ ਵਿੱਚ ਲਗਾਤਾਰ ਤੇ ਹੋਰ ਬਿਹਤਰ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਡਾ. ਸ਼ਿਖਾ ਅਗਰਵਾਲ, ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ, ਫਾਰਮੇਸੀ ਅਫਸਰ ਹਰਪਾਲ ਸਿੰਘ, ਨਰਸਿੰਗ ਸਿਸਟਰ ਸਵਰਨ ਕੌਰ ਸਮੇਤ ਹਸਪਤਾਲ ਦਾ ਸਮੂਹ ਸਟਾਫ ਹਾਜ਼ਰ ਸੀ।