‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਸੰਗਰੂਰ ਪ੍ਰਸ਼ਾਸਨ ਤੇ ਪੁਲਿਸ ਦਾ ਸਾਂਝਾ ਹੰਭਲਾ

ਸੰਗਰੂਰ, 28 ਅਪ੍ਰੈਲ: ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਪੰਜਾਬ ਸਰਕਾਰ ਵੱਲੋਂ ਅਰੰਭੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾ ਕੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਮਿਲਜੁਲ ਕੇ ਹੰਭਲਾ ਮਾਰਨ ਦੀ ਲੋੜ ‘ਤੇ ਜ਼ੋਰ ਦਿੱਤਾ ਹੈ।

ਅੱਜ ਇੱਥੇ ਜ਼ਿਲ੍ਹਾ ਅਧਿਕਾਰੀਆਂ ਨਾਲ ਇੱਕ ਜਾਇਜ਼ਾ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਲਿਆ ਅਹਿਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ ਅਤੇ ਪਿੰਡ ਪੱਧਰ ‘ਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।

ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਵੱਲੋਂ ਜਿੱਥੇ ਪ੍ਰਸ਼ਾਸਨ ਦੀ ਨਸ਼ਿਆਂ ਦੇ ਤਸਕਰਾਂ ਵੱਲੋਂ ਨਜਾਇਜ਼ ਕਬਜ਼ੇ ਕਰਕੇ ਕੀਤੀਆਂ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਵਿੱਚ ਸਹਿਯੋਗ ਕੀਤਾ ਜਾ ਰਿਹਾ ਹੈ, ਉਥੇ ਹੀ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਸਖ਼ਤ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਦੇ ਗੈਰਕਾਨੂੰਨੀ ਕਾਰੋਬਾਰ ‘ਤੇ ਪੂਰੀ ਤਰ੍ਹਾਂ ਨਕੇਲ ਪਾਉਣ ਲਈ ਪੁਲਿਸ ਵੱਲੋਂ ਖਾਸ ਮੁਹਿੰਮ ਚਲਾਈ ਜਾ ਰਹੀ ਹੈ।

ਸਰਤਾਜ ਸਿੰਘ ਚਾਹਲ ਨੇ ਹੋਰ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਗੁਪਤ ਤੌਰ ‘ਤੇ ਪੁਲਿਸ ਨਾਲ ਸਾਂਝੀ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਤਾਂ ਜੋ ਸਮਾਜ ਵਿਰੋਧੀ ਤੱਤਾਂ ਦਾ ਖੁਰਾ ਖੋਜ ਮਿਟਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਨੇ ਇਸ ਦੌਰਾਨ ਵੀਡੀਸੀਜ਼ ਦੇ ਮੈਂਬਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਆਮ ਲੋਕਾਂ ਦਾ ਵੱਡਾ ਸਮਰਥਨ ਮਿਲ ਰਿਹਾ ਹੈ, ਜੋ ਇਸ ਮੁਹਿੰਮ ਦੀ ਸਫਲਤਾ ਲਈ ਬਹੁਤ ਜ਼ਰੂਰੀ ਹੈ।

ਉਨ੍ਹਾਂ ਸਾਰੇ ਵਰਗਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਇਸ ਜੰਗ ਨੂੰ ਜਿੱਤਣ ਲਈ ਹਰ ਨਾਗਰਿਕ ਆਪਣਾ ਯੋਗਦਾਨ ਪਾਏ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅੱਗੇ ਆਵੇ।

ਮੀਟਿੰਗ ਦੌਰਾਨ ਏਡੀਸੀ (ਦਿਹਾਤੀ ਵਿਕਾਸ) ਸੁਖਚੈਨ ਸਿੰਘ ਪਾਪੜਾ ਸਮੇਤ ਸਮੂਹ ਐਸ ਡੀ ਐਮਜ਼, ਡੀਐਸਪੀਜ਼ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।


Posted

in

,

by

Comments

Leave a Reply

Your email address will not be published. Required fields are marked *