ਬਰਨਾਲਾ, 2 ਅਕਤੂਬਰ– ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੀ ਨੁਹਾਰ ਬਦਲਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ, ਅੱਜ ਗਾਂਧੀ ਜਯੰਤੀ ਦੇ ਪਵਿੱਤਰ ਮੌਕੇ ‘ਤੇ ਨਗਰ ਨਿਗਮ ਬਰਨਾਲਾ ਵੱਲੋਂ 22 ਏਕੜ ਕਾਲੋਨੀ ਸਥਿਤ ਅੰਬੇਡਕਰ ਪਾਰਕ ਵਿਖੇ ਇੱਕ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਹ ਅਭਿਆਨ ਐੱਮ ਪੀ ਸੰਗਰੂਰ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ ਅਤੇ ਨਗਰ ਨਿਗਮ ਬਰਨਾਲਾ ਦੇ ਮੇਅਰ ਸ. ਹਸਨਪ੍ਰੀਤ ਸਿੰਘ ਭਾਰਦਵਾਜ ਦੀ ਅਗਵਾਈ ਹੇਠ ਸਫ਼ਲਤਾਪੂਰਵਕ ਚਲਾਇਆ ਗਿਆ।
ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਗਰਵਾਲ ਵੈੱਲਫੇਅਰ ਬੋਰਡ ਦੇ ਚੇਅਰਮੈਨ ਸ੍ਰੀ ਮੱਖਣ ਲਾਲ ਗਰਗ ਅਤੇ ਸਮਾਜ ਸੇਵੀ (ਰਿਟਾਇਰਡ ਕਾਨੂੰਗੋ) ਸ੍ਰੀ ਰਾਜੇਸ਼ ਭੁਟਾਨੀ ਨੇ ਦੱਸਿਆ ਕਿ ਇਸ ਦਾ ਮੁੱਖ ਮਕਸਦ ਬਰਨਾਲਾ ਨੂੰ ਸਾਫ਼-ਸੁਥਰਾ ਅਤੇ ਹਰਾ-ਭਰਾ ਸ਼ਹਿਰ ਬਣਾਉਣਾ ਹੈ। ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਸਫ਼ਾਈ ਪ੍ਰਤੀ ਵਿਚਾਰਾਂ ਤੋਂ ਪ੍ਰੇਰਨਾ ਲੈਂਦਿਆਂ ਅੱਜ ਸਵੇਰੇ ਨਗਰ ਨਿਗਮ ਦੀਆਂ ਟੀਮਾਂ, ਸਮਾਜ ਸੇਵੀ ਸੰਸਥਾਵਾਂ ਅਤੇ ਅਧਿਕਾਰੀਆਂ ਨੇ ਵੱਡੀ ਗਿਣਤੀ ਵਿੱਚ ਇਕੱਤਰ ਹੋ ਕੇ ਸ਼ਹਿਰ ਨੂੰ ਸਾਫ਼ ਰੱਖਣ ਦਾ ਅਹਿਦ ਲਿਆ। ਇਸ ਦੌਰਾਨ ਪਾਰਕ ਦੇ ਅੰਦਰੂਨੀ ਰਸਤਿਆਂ, ਆਲੇ-ਦੁਆਲੇ ਖਿਲਰੇ ਕੂੜੇ-ਕਰਕਟ ਅਤੇ ਸੜਕਾਂ ਕਿਨਾਰੇ ਪਈਆਂ ਮਿੱਟੀ ਦੀਆਂ ਢੇਰੀਆਂ ਨੂੰ ਚੁੱਕਿਆ ਗਿਆ, ਜਿਸ ਨਾਲ ਸ਼ਹਿਰ ਦੀ ਸੁੰਦਰਤਾ ਵਧਣ ਦੇ ਨਾਲ-ਨਾਲ ਆਵਾਜਾਈ ਦੀ ਰੁਕਾਵਟ ਵੀ ਦੂਰ ਹੋਈ।
ਇਸ ਮੌਕੇ ਮੇਅਰ ਹਸਨਪ੍ਰੀਤ ਭਾਰਦਵਾਜ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਸਿਰਫ਼ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦਾ ਨੈਤਿਕ ਫ਼ਰਜ਼ ਹੈ। ਲੋਕਾਂ ਦੇ ਸਾਥ ਤੋਂ ਬਿਨਾਂ ਪੂਰਨ ਸਫ਼ਾਈ ਦਾ ਸੁਪਨਾ ਸਾਕਾਰ ਨਹੀਂ ਹੋ ਸਕਦਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਖੁੱਲ੍ਹੀਆਂ ਥਾਵਾਂ ‘ਤੇ ਸੁੱਟਣ ਦੀ ਬਜਾਏ ਨਗਰ ਨਿਗਮ ਦੀਆਂ ਗੱਡੀਆਂ ਵਿੱਚ ਹੀ ਪਾਉਣ। ਇਸ ਦੇ ਨਾਲ ਹੀ ਉਨ੍ਹਾਂ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਦਾ ਸੁਨੇਹਾ ਵੀ ਦਿੱਤਾ।
ਨਗਰ ਨਿਗਮ ਦੇ ਇੰਸਪੈਕਟਰ ਅੰਕੁਸ਼ ਸਿੰਗਲਾ ਅਤੇ ਜਗਰਾਜ ਸਿੰਘ ਨੇ ਦੱਸਿਆ ਕਿ ਇਹ ਸਫ਼ਾਈ ਮੁਹਿੰਮ ਸ਼ਹਿਰ ਦੇ ਵੱਖ-ਵੱਖ ਵਾਰਡਾਂ, ਬਾਜ਼ਾਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਸ਼ਹਿਰ ਦੇ ਸੁੰਦਰੀਕਰਨ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ।
ਇਸ ਮੌਕੇ ਹਾਜ਼ਰ ਸ਼ਹਿਰ ਵਾਸੀਆਂ ਮੱਖਣ ਲਾਲ, ਰਕੇਸ਼ ਕੁਮਾਰ, ਲਾਜਪਤ ਗਰਗ, ਗੁਰਪ੍ਰੀਤ ਸਿੱਧੂ, ਅਰਸ਼ਦੀਪ ਸਿੱਧੂ ਅਤੇ ਨੀਟੂ ਪਲਾਈ ਵਾਲੇ ਆਦਿ ਨੇ ਨਗਰ ਨਿਗਮ ਦੀ ਇਸ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਜਿੱਥੇ ਸ਼ਹਿਰ ਦੀ ਦਿੱਖ ਬਦਲੇਗੀ, ਉੱਥੇ ਹੀ ਗੰਦਗੀ ਤੋਂ ਫੈਲਣ ਵਾਲੀਆਂ ਭਿਆਨਕ ਬਿਮਾਰੀਆਂ ਤੋਂ ਵੀ ਛੁਟਕਾਰਾ ਮਿਲੇਗਾ।

Leave a Reply