‘ਮਿਸ਼ਨ ਕਲੀਨ ਪੰਜਾਬ’ ਤਹਿਤ ਮੋਰਿੰਡਾ ਸ਼ਹਿਰ ਦੀ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਜ਼ੋਰਾਂ ’ਤੇ

ਮੋਰਿੰਡਾ, 1 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਕੂੜਾ-ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਨਗਰ ਕੌਂਸਲ ਮੋਰਿੰਡਾ ਵੱਲੋਂ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਸਫ਼ਾਈ ਕਾਰਜਾਂ ਨੂੰ ਵਿਸ਼ੇਸ਼ ਤਰਜੀਹ ਦਿੰਦਿਆਂ ਕੂੜੇ ਦੇ ਢੇਰਾਂ ਦੀ ਸਫ਼ਾਈ, ਨਾਲਿਆਂ ਦੀ ਸਫ਼ਾਈ, ਸੜਕਾਂ ਦੇ ਕਿਨਾਰਿਆਂ ਅਤੇ ਰੋਡ ਬਰਮਾਂ ਦੀ ਸਫ਼ਾਈ ਸਮੇਤ ਜਨਤਕ ਸਥਾਨਾਂ ਨੂੰ ਸਾਫ਼-ਸੁਥਰਾ ਬਣਾਉਣ ਦੇ ਕਾਰਜ ਕੀਤੇ ਜਾ ਰਹੇ ਹਨ।

ਇਸ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਅਗਵਾਈ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ ਅਤੇ ਹਲਕਾ ਇੰਚਾਰਜ ਸ੍ਰੀ ਚਮਕੌਰ ਸਾਹਿਬ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਸਫ਼ਾਈ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਅਤੇ ਨਗਰ ਕੌਂਸਲ ਦੀਆਂ ਟੀਮਾਂ ਨੂੰ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਯਕੀਨੀ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।

ਵਿਧਾਇਕ ਡਾ. ਚਰਨਜੀਤ ਸਿੰਘ ਅਤੇ ਹਲਕਾ ਇੰਚਾਰਜ ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਵਾਤਾਵਰਣ ਪੱਖੋਂ ਬਿਹਤਰ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਸਿਰਫ਼ ਇੱਕ ਸਫ਼ਾਈ ਮੁਹਿੰਮ ਨਹੀਂ, ਸਗੋਂ ਲੋਕਾਂ ਵਿੱਚ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਦੀ ਜ਼ਿੰਮੇਵਾਰੀ ਅਤੇ ਜਾਗਰੂਕਤਾ ਪੈਦਾ ਕਰਨ ਦਾ ਇੱਕ ਮਹੱਤਵਪੂਰਨ ਉਪਰਾਲਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚਲਾਈ ਜਾ ਰਹੀ ਇਹ ਵਿਸ਼ੇਸ਼ ਮੁਹਿੰਮ 8 ਸਤੰਬਰ ਤੱਕ ਜਾਰੀ ਰਹੇਗੀ। ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਫ਼ਾਈ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ ਤਾਂ ਜੋ ਜਨਤਕ ਥਾਵਾਂ, ਸੜਕਾਂ, ਨਾਲਿਆਂ ਅਤੇ ਹੋਰ ਸੰਵੇਦਨਸ਼ੀਲ ਸਥਾਨਾਂ ’ਤੇ ਸਫ਼ਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਵਿਧਾਇਕ ਡਾ. ਚਰਨਜੀਤ ਸਿੰਘ ਅਤੇ ਸ. ਜਸਵੀਰ ਸਿੰਘ ਗੜ੍ਹੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਦੁਕਾਨਾਂ ਅਤੇ ਕਾਰੋਬਾਰੀ ਅਦਾਰਿਆਂ ਦੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਅਤੇ ਕੂੜਾ ਸੜਕਾਂ ਜਾਂ ਜਨਤਕ ਸਥਾਨਾਂ ’ਤੇ ਸੁੱਟਣ ਦੀ ਬਜਾਏ ਨਿਰਧਾਰਤ ਸਥਾਨਾਂ ’ਤੇ ਹੀ ਪਾਉਣ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਸਿਰਫ਼ ਸਰਕਾਰ, ਪ੍ਰਸ਼ਾਸਨ ਜਾਂ ਨਗਰ ਕੌਂਸਲ ਦੀ ਜ਼ਿੰਮੇਵਾਰੀ ਨਹੀਂ, ਬਲਕਿ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਹਰੇਕ ਨਾਗਰਿਕ ਆਪਣੇ ਆਲੇ-ਦੁਆਲੇ ਦੀ ਸਫ਼ਾਈ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਸਹਿਯੋਗ ਦੇਵੇ ਤਾਂ ਮੋਰਿੰਡਾ ਸ਼ਹਿਰ ਨੂੰ ਸਾਫ਼, ਸੁੰਦਰ ਅਤੇ ਸੁਚੱਜਾ ਬਣਾਉਣ ਦੇ ਟੀਚੇ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ‘ਮਿਸ਼ਨ ਕਲੀਨ ਪੰਜਾਬ’ ਨਾਲ ਵੱਧ ਤੋਂ ਵੱਧ ਜੁੜਨ ਅਤੇ ਸਫ਼ਾਈ ਪ੍ਰਤੀ ਲੋਕ ਲਹਿਰ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ।

ਇਸ ਮੁਹਿੰਮ ਤਹਿਤ ਨਗਰ ਕੌਂਸਲ ਮੋਰਿੰਡਾ ਦੀਆਂ ਸਫ਼ਾਈ ਟੀਮਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਸਫ਼ਾਈ ਕਾਰਜ ਕੀਤੇ ਗਏ। ਇਸ ਦੌਰਾਨ ਕੂੜੇ ਦੇ ਢੇਰਾਂ ਨੂੰ ਹਟਾਉਣ ਦੇ ਨਾਲ-ਨਾਲ ਨਾਲਿਆਂ, ਸੜਕਾਂ ਦੇ ਕਿਨਾਰਿਆਂ, ਰੋਡ ਬਰਮਾਂ ਅਤੇ ਹੋਰ ਜਨਤਕ ਸਥਾਨਾਂ ਦੀ ਸਫ਼ਾਈ ਕੀਤੀ ਗਈ। ਸਫ਼ਾਈ ਕਾਰਜਾਂ ਦੌਰਾਨ ਇਕੱਠੇ ਹੋਏ ਕੂੜੇ ਅਤੇ ਹੋਰ ਰਹਿੰਦ-ਖੂੰਹਦ ਨੂੰ ਮੌਕੇ ਤੋਂ ਹਟਾ ਕੇ ਨਿਰਧਾਰਤ ਸਥਾਨਾਂ ’ਤੇ ਪਹੁੰਚਾਇਆ ਗਿਆ।

ਐਸ.ਡੀ.ਐਮ. ਚੇਤਨ ਬੰਗੜ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਨਗਰ ਕੌਂਸਲ ਨਾਲ ਲਗਾਤਾਰ ਤਾਲਮੇਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਮੁਹਿੰਮ ਦੌਰਾਨ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਲੋੜ ਅਨੁਸਾਰ ਵਿਸ਼ੇਸ਼ ਸਫ਼ਾਈ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਵੀ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਕਾਰਜ ਸਾਧਕ ਅਫ਼ਸਰ ਗੁਰਦੀਪ ਸਿੰਘ ਨੇ ਦੱਸਿਆ ਕਿ ਨਗਰ ਕੌਂਸਲ ਮੋਰਿੰਡਾ ਦੀਆਂ ਟੀਮਾਂ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜ ਲਗਾਤਾਰ ਜਾਰੀ ਰੱਖੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਸਫ਼ਾਈ ਯਕੀਨੀ ਬਣਾਉਣ ਲਈ ਤਾਇਨਾਤ ਕੀਤਾ ਗਿਆ ਹੈ ਅਤੇ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਮੌਕੇ ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਜਗਪਾਲ ਸਿੰਘ ਜੌਲੀ, ਮਾਰਕੀਟ ਕਮੇਟੀ ਮੋਰਿੰਡਾ ਦੇ ਸਾਬਕਾ ਚੇਅਰਮੈਨ ਐਨ ਪੀ ਰਾਣਾ, ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਚਮਕੌਰ ਸਾਹਿਬ ਅਮਨਦੀਪ ਸਿੰਘ ਮਾਂਗਟ, ਸੂਬਾ ਜੁਆਇੰਟ ਸਕੱਤਰ ਨਿਰਮਲ ਪ੍ਰੀਤ ਸਿੰਘ ਮਿਹਰਬਾਨ ਤੋਂ ਇਲਾਵਾ ਹੋਰ ਪਤਵੰਤੇ ਸੱਜਣ, ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।


Posted

in

by

Comments

Leave a Reply

Your email address will not be published. Required fields are marked *