ਗੁਰਦਾਸਪੁਰ, 23 ਜੁਲਾਈ (       ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡਾਂ ਵਿੱਚ ਲਗਾਤਾਰ ਵੱਡਾ ਹੁੰਗਾਰਾ ਮਿਲ ਰਿਹਾ ਹੈ। ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡਾਂ ਨਰਪੁਰ, ਪਰਸੋ ਕਾ ਪਿੰਡ ਅਤੇ ਦਾਖਲਾ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਵਿਸ਼ੇਸ਼ ਜਾਗਰੂਕਤਾ ਸਭਾਵਾਂ ਕੀਤੀਆਂ ਗਈਆਂ, ਜਿਨ੍ਹਾਂ ਦੀ ਅਗਵਾਈ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾ, ਸੀਨੀਅਰ ਆਗੂ ਹਨੀ ਬਹਿਲ, ਨਸ਼ਾ ਮੁਕਤੀ ਯਾਤਰਾ ਦੇ ਹਲਕਾ ਕੋਆਰਡੀਨੇਟਰ ਨੀਰਜ ਸਲਹੋਤਰਾ ਅਤੇ ਸੁੱਚਾ ਸਿੰਘ ਮੁਲਤਾਨੀ ਵੱਲੋਂ ਕੀਤੀ ਗਈ।

ਪਿੰਡ ਨਰਪੁਰ, ਪਰਸੋ ਕਾ ਪਿੰਡ ਅਤੇ ਦਾਖਲਾ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਹੋਈਆਂ ਜਾਗਰੂਕਤਾ ਸਭਾਵਾਂ ਦੌਰਾਨ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਭਾਰਤ ਭੂਸ਼ਨ ਸ਼ਰਮਾ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢਣਾ ਅਤੇ ਉਨ੍ਹਾਂ ਨੂੰ ਰੌਸ਼ਨ ਭਵਿੱਖ ਵੱਲ ਲਿਜਾਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਿਲਾਫ਼ ਜੰਗ ਨੂੰ ਪੂਰੀ ਗੰਭੀਰਤਾ ਨਾਲ ਲੜ ਰਹੀ ਹੈ ਅਤੇ ਇਸ ਦੇ ਲਈ ਜ਼ਮੀਨੀ ਪੱਧਰ `ਤੇ ਜਾਗਰੂਕਤਾ ਫੈਲਾਈ ਜਾ ਰਹੀ ਹੈ।

ਇਸ ਮੌਕੇ `ਤੇ ਉਨ੍ਹਾਂ ਪਿੰਡ ਵਾਸੀਆਂ, ਖ਼ਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਇਲਾਕੇ ਦੇ ਵਸਨੀਕਾਂ ਨੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦਾ ਸਮੂਹਿਕ ਤੌਰ `ਤੇ ਪ੍ਰਣ ਲਿਆ। ਪਿੰਡ ਦੇ ਵਸਨੀਕਾਂ ਨੇ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਦੀ ਜ਼ਮਾਨਤ ਨਹੀਂ ਦੇਣਗੇ ਅਤੇ ਅਜਿਹੇ ਅਨਸਰਾਂ ਦਾ ਮੁਕੰਮਲ ਬਾਈਕਾਟ ਕਰਨਗੇ।

ਇਸ ਮੌਕੇ ਪਿੰਡ ਨਰਪੁਰ ਦੇ ਸਰਪੰਚ ਬਲਰਾਜ ਸਿੰਘ, ਪਰਸੋ ਕਾ ਪਿੰਡ ਦੇ ਸਰਪੰਚ ਬਲਵਿੰਦਰ ਸਿੰਘ, ਪਿੰਡ ਦਾਖਲਾ ਦੇ ਸਰਪੰਚ ਰਣਜੀਤ ਸਿੰਘ, ਸਰਪੰਚ ਓਂਕਾਰ ਸਿੰਘ ਨਾਗੀ ਹਯਾਤ ਨਗਰ ਤੋਂ ਇਲਾਵਾ ਇਲਾਕੇ ਦੇ ਹੋਰ ਮੁਹਤਬਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *