ਜਲੰਧਰ, 7 ਜੁਲਾਈ : ਡੀ.ਆਈ.ਜੀ. ਜਲੰਧਰ ਰੇਂਜ ਨਵੀਨ ਸਿੰਗਲਾ ਵੱਲੋਂ ਬੀਤੀ ਰਾਤ ਆਦਮਪੁਰ ਦੇ ਗਾਂਧੀ ਨਗਰ ਵਿਖੇ ਵਾਪਰੀ ਅੱਗ ਦੀ ਘਟਨਾ ਦਾ ਜਾਇਜ਼ਾ ਲੈਣ ਲਈ ਮੌਕੇ ਦਾ ਦੌਰਾ ਕੀਤਾ ਗਿਆ। ਇਸ ਮੌਕੇ ਐਸ.ਐਸ.ਪੀ. ਜਲੰਧਰ ਦਿਹਾਤੀ ਪੁਲਿਸ ਹਰਵਿੰਦਰ ਸਿੰਘ ਵਿਰਕ ਵੀ ਉਨ੍ਹਾਂ ਨਾਲ ਮੌਜੂਦ ਸਨ।
ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਡੀ.ਆਈ.ਜੀ. ਨੇ ਦੱਸਿਆ ਕਿ ਤਿੰਨ ਅਛਪਛਾਤੇ ਵਿਅਕਤੀਆਂ ਵੱਲੋਂ ਬੋਤਲ ਵਿੱਚ ਤੇਲ ਪਾ ਕੇ ਉਸ ਨੂੰ ਅੱਗ ਲਗਾਕੇ ਘਰ ਦੇ ਗੇਟ ’ਤੇ ਸੁੱਟਿਆ ਗਿਆ ਸੀ, ਜਿਸ ਨਾਲ ਗੇਟ ਨੂੰ ਅੱਗ ਲੱਗ ਗਈ ਸੀ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੂਚਨਾ ਮਿਲਣ ’ਤੇ ਤੁਰੰਤ ਪੁਲਿਸ ਪਾਰਟੀ ਮੌਕੇ ‘ਤੇ ਭੇਜੀ ਗਈ।
ਸ਼੍ਰੀ ਸਿੰਗਲਾ ਨੇ ਅੱਗੇ ਦੱਸਿਆ ਕਿ ਪੁਲਿਸ ਵੱਲੋਂ ਇਸ ਘਟਨਾ ਦੀ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਦਮਪੁਰ ਦੇ ਗਾਂਧੀ ਨਗਰ ਵਿੱਚ ਵਾਪਰੀ ਇਸ ਘਟਨਾ ਨੂੰ ਜਲਦ ਟਰੇਸ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਣਪਛਾਤੇ ਵਿਅਕਤੀਆਂ ਵਿਰੁੱਧ ਐਫ.ਆਈ.ਆਰ. ਨੰਬਰ 109 ਮਿਤੀ 6.07.2025 ਨੂੰ ਬੀਐਨਐਸ, 2023 ਦੀ ਧਾਰਾ 326(ਜੀ), 324(4), 61(2) (ਆਈ.ਪੀ.ਸੀ. ਦੀ ਧਾਰਾ 436, 427, 511) ਤਹਿਤ ਦਰਜ ਕੀਤੀ ਗਈ ਹੈ।
ਡੀ.ਆਈ.ਜੀ. ਜਲੰਧਰ ਰੇਂਜ ਨੇ ਇਸ ਮੌਕੇ ਆਦਮਪੁਰ ਪੁਲਿਸ ਸਟੇਸ਼ਨ ਦੇ ਐਸ.ਐਚ.ਓ. ਨੂੰ ਸ਼ੱਕੀ ਵਿਅਕਤੀਆਂ ਨੂੰ ਜਾਂਚ ਵਿੱਚ ਸ਼ਾਮਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਸੀ.ਸੀ.ਟੀ.ਵੀ. ਫੁਟੇਜ, ਸਥਾਨਕ ਖੁਫੀਆ ਜਾਣਕਾਰੀ ਅਤੇ ਤਕਨੀਕੀ ਨਿਗਰਾਨੀ ਦੀ ਵਰਤੋਂ ਕਰਕੇ ਜਲਦ ਦੋਸ਼ੀਆਂ ਦਾ ਪਤਾ ਲਾਉਣ ’ਤੇ ਜ਼ੋਰ ਦਿੱਤਾ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਅਮਨ ਸ਼ਾਂਤੀ ਕਾਇਮ ਰੱਖਣ ਲਈ ਸਖਤੀ ਨਾਲ ਕਾਨੂੰਨ ਵਿਵਸਥਾ ਲਾਗੂ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਸ਼੍ਰੀ ਸਿੰਗਲਾ ਨੇ ਕਿਹਾ ਕਿ ਗਲਤ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਵੀ ਜਲੰਧਰ ਦਿਹਾਤੀ ਪੁਲਿਸ ਵਲੋਂ ਵੱਡੀ ਕਾਰਵਾਈ ਕਰਦਿਆਂ ਸ਼ਾਹਕੋਟ ਵਿਖੇ ਪੁਲਿਸ ਮੁਕਾਬਲੇ ਦੌਰਾਨ ਫਿਰੌਤੀ ਮੰਗਣ ਵਾਲੇ 2 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਪਾਸੋਂ ਦੋ ਦੇਸੀ ਪਿਸਤੌਲ, ਗੋਲੀ ਸਿੱਕਾ ਅਤੇ 110 ਨਸ਼ੀਲੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ।