ਰਾਜ ਸਰਕਾਰ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਅਤੇ ਲੋੜੀਂਦੀ ਬਿਜਲੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ – ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 11 ਜੂਨ (       ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਪ੍ਰਤੀ ਪੂਰੀ ਤਰ੍ਹਾਂ ਸੁਹਿਰਦ ਹੈ ਅਤੇ ਰਾਜ ਸਰਕਾਰ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਅਤੇ ਲੋੜੀਂਦੀ ਬਿਜਲੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਪ੍ਰਗਟਾਵਾ ਕਰਦਿਆਂ ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਆਪਣੇ ਕਿਸਾਨਾਂ ਦੀ ਸਹਾਇਤਾ ਲਈ ਲੋੜੀਂਦੇ ਕਦਮ ਚੁੱਕੇ ਹਨ ਅਤੇ ਕਿਸਾਨਾਂ ਨੂੰ ਝੋਨੇ ਦੀ ਫਸਲ ਲਈ ਰੋਜ਼ਾਨਾਂ 8 ਘੰਟੇ ਤੋਂ ਵੀ ਵੱਧ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ।

ਉਨ੍ਹਾਂ ਕਿਹਾ ਕਿ ਝੋਨੇ ਦੀ ਬਿਜਾਈ ਦੇ ਮੌਜੂਦਾ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਵੱਲੋਂ ਪੜਾਅਵਾਰ ਸਮਾਂ ਸਾਰਣੀ ਅਪਣਾਈ ਗਈ ਹੈ। ਇਸ ਸਮਾਂ ਸਾਰਣੀ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, 15 ਮਈ ਤੋਂ 31 ਮਈ, 2025 ਤੱਕ ਡੀ.ਐਸ.ਆਰ. ਦੀ ਆਗਿਆ ਦਿੱਤੀ ਗਈ ਸੀ, ਇਸ ਦੇ  ਨਾਲ ਹੀ ਜ਼ਿਲ੍ਹਿਆਂ ਵਿੱਚ ਪੜਾਅਵਾਰ ਢੰਗ ਨਾਲ ਬਿਜਾਈ ਸ਼ੁਰੂ ਕੀਤੀ ਗਈ।

ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਸਰਹੱਦੀ ਅਤੇ ਨਹਿਰੀ ਸਿੰਜਾਈ ਵਾਲੇ ਜ਼ਿਲ੍ਹਿਆਂ ਜਿਵੇਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਵਿੱਚ 1 ਜੂਨ ਨੂੰ ਬਿਜਾਈ ਸ਼ੁਰੂ ਕੀਤੀ ਗਈ ਸੀ। ਇਸ ਉਪਰੰਤ 5 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਅੰਮ੍ਰਿਤਸਰ, ਰੂਪਨਗਰ, ਐਸ.ਏ.ਐਸ ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ ਸ਼ੁਰੂ ਕੀਤੀ ਗਈ ਸੀ। ਇਸੇ ਤਰ੍ਹਾਂ ਬਾਕੀ ਜ਼ਿਲ੍ਹਿਆਂ ਲੁਧਿਆਣਾ, ਮਾਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਵੀ 9 ਜੂਨ ਤੋਂ ਬਿਜਾਈ ਦਾ ਕੰਮ ਸ਼ੁਰੂ ਹੋ ਗਿਆ ਹੈ।

ਵਿਧਾਇਕ ਸ. ਰੰਧਾਵਾ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ.ਵੱਲੋਂ ਖੇਤੀਬਾੜੀ ਲਈ ਇਸ ਮਹੱਤਵਪੂਰਨ ਸਮੇਂ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਵਿਆਪਕ ਉਪਾਅ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਡੀ.ਐਸ.ਆਰ. ਅਧੀਨ ਖੇਤਰਾਂ ਨੂੰ 15 ਮਈ ਤੋਂ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ, ਜਦੋਂ ਕਿ ਝੋਨੇ ਦੀ ਆਮ ਬਿਜਾਈ ਦੇ ਸ਼ਡਿਊਲ ਅਨੁਸਾਰ ਯਕੀਨੀ ਸਪਲਾਈ ਮਿਲ ਰਹੀ ਹੈ। ਇਸ ਤੋਂ ਇਲਾਵਾ, ਰਿਹਾਇਸ਼ੀ ਅਤੇ ਉਦਯੋਗਿਕ ਖੇਤਰਾਂ ਨੂੰ ਨਿਰਵਿਘਨ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *