ਜ਼ਿਲ੍ਹੇ ਅੰਦਰ ਗੈਸ ਅਤੇ ਪੈਟਰੋਲ-ਡੀਜ਼ਲ ਦੀ ਕੋਈ ਘਾਟ ਨਹੀਂ ਹੈ: ਵਧੀਕ ਡਿਪਟੀ ਕਮਿਸ਼ਨਰ

ਮਾਨਸਾ, 11 ਮਾਰਚ :

          ਜ਼ਿਲ੍ਹੇ ਅੰਦਰ ਐਲ.ਪੀ.ਜੀ. ਗੈਸ ਅਤੇ ਪੈਟਰੋਲ-ਡੀਜ਼ਲ ਦੀ ਕੋਈ ਘਾਟ ਨਹੀਂ ਹੈ ਇਸ ਲਈ ਜ਼ਿਲ੍ਹਾ ਵਾਸੀਆਂ ਨੂੰ ਬੇਵਜ੍ਹਾ ਘਬਰਾਉਣ ਦੀ ਕੋਈ ਜ਼ਰੂਰਤ ਨਹੀਂ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਪੈਟਰੋਲ ਪੰਪਾਂ ਅਤੇ ਗੈਸ ਏਜੰਸੀਆਂ ਦੇ ਮਾਲਕਾਂ ਨਾਲ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ ਤੋਂ ਇਲਾਵਾ ਜ਼ਿਲ੍ਹੇ ਦੀਆਂ ਗੈਸ ਏਜੰਸੀਆਂ ਅਤੇ ਪੈਟਰੋਲ ਪੰਪਾਂ ਦੇ ਮਾਲਕ ਅਤੇ ਨੁਮਾਇੰਦੇ ਮੌਜੂਦ ਸਨ।

          ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਪੈਟਰੋਲ ਪੰਪਾਂ ਅਤੇ ਗੈਸ ਏਜੰਸੀਆਂ ਦੀ ਸਪਲਾਈ ਦੀ ਸਥਿਤੀ ਬਾਰੇ ਜਾਣਕਾਰੀ ਹਾਸਿਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਮਾਨਸਾ ਵਿੱਚ ਗੈਸ ਅਤੇ ਪੈਟਰੋਲ-ਡੀਜ਼ਲ ਦੀ ਸਪਲਾਈ ਸੰਤੋਸ਼ਜਨਕ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ, ਖੁਰਾਕ ਸਪਲਾਈ ਵਿਭਾਗ ਅਤੇ ਤੇਲ ਕੰਪਨੀਆਂ ਇਸ ਮਾਮਲੇ ਵਿੱਚ ਸਮੂਹ ਗੈਸ ਏਜੰਸੀਆਂ ਅਤੇ ਪੈਟਰੋਲ ਪੰਪਾਂ ਉੱਪਰ ਪੂਰੀ ਨਿਗਰਾਨੀ ਰੱਖ ਰਹੀਆਂ ਹਨ। ਜੇਕਰ ਲੋਕਾਂ ਨੂੰ ਕੋਈ ਵੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਤੇਲ ਕੰਪਨੀਆਂ, ਖੁਰਾਕ ਸਪਲਾਈ ਵਿਭਾਗ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

          ਉਨ੍ਹਾਂ ਗੈਸ ਕੰਪਨੀਆਂ ਅਤੇ ਪੈਟਰੋਲ ਪੰਪਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਮੰਗ ਅਨੁਸਾਰ ਗੈਸ ਅਤੇ ਪੈਟਰੋਲ-ਡੀਜ਼ਲ ਦੀ ਸਪਲਾਈ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਮਿਲਾਵਟ ਜਾਂ ਕਾਲਾਬਜ਼ਾਰੀ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਬੰਧਤ ਪੈਟਰੋਲ ਪੰਪ ਉਪਰ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡਰੰਮਾਂ ਆਦਿ ਦਾ ਇਸਤੇਮਾਲ ਕਰਕੇ ਪੈਟਰੋਲ-ਡੀਜ਼ਲ ਬੇਵਜ੍ਹਾ ਸਟੋਰ ਨਾ ਕੀਤਾ ਜਾਵੇ ਕਿਉਂਕਿ ਇਸ ਤਰ੍ਹਾਂ ਨਾਲ ਸਟੋਰ ਕੀਤੇ ਪੈਟਰੋਲ/ਡੀਜ਼ਲ ਨੂੰ ਅੱਗ ਲੱਗਣ ਦਾ ਖ਼ਤਰਾ ਹੋਣ ਕਰਕੇ ਕੋਈ ਵੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ।

          ਜ਼ਿਲ੍ਹਾ ਖੁਰਾਕ ਤੇ ਫੂਡ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਕੁੱਲ 20 ਗੈਸ ਏਜੰਸੀਆਂ ਕੰਮ ਕਰ ਰਹੀਆਂ ਹਨ ਜੋ ਕਿ ਅੰਦਾਜਨ 2 ਲੱਖ 70 ਹਜ਼ਾਰ ਕੁਨੈਕਸ਼ਨਾਂ ਮੁਤਾਬਿਕ ਐਲ.ਪੀ.ਜੀ. ਸਿਲੰਡਰਾਂ ਦੀ ਸਪਲਾਈ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਘਰੇਲੂ ਐਲ.ਪੀ.ਜੀ. ਦੀ ਸਪਲਾਈ ਸਬੰਧੀ ਕੋਈ ਵੀ ਸਮੱਸਿਆ ਨਹੀਂ ਹੈ ਅਤੇ ਘਰੇਲੂ ਐਲ.ਪੀ.ਜੀ. ਦੀ ਸਪਲਾਈ ਪਹਿਲ ਦੇ ਅਧਾਰ ਤੇ ਕੀਤੀ ਜਾ ਰਹੀ ਹੈ।

          ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕਰੀਬ 148 ਪੈਟਰੋਲ ਪੰਪ ਕੰਮ ਕਰ ਰਹੇ ਹਨ ਅਤੇ ਪੈਟਰੋਲ-ਡੀਜ਼ਲ ਦੀ ਸਪਲਾਈ ਵਿੱਚ ਕੋਈ ਕਮੀ ਨਹੀਂ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਮੱਧ ਪੂਰਬੀ ਏਸ਼ੀਆ ਦੀ ਜੰਗ ਦੇ ਹਾਲਾਤ ਕਾਰਨ 2-3 ਦਿਨ ਲਈ ਅਚਾਨਕ ਮੰਗ ਵੱਧ ਗਈ ਸੀ ਜਿਸ ਨੂੰ ਪੂਰਾ ਕਰਨ ਲਈ ਵਾਧੂ ਸਪਲਾਈ ਦਿੱਤੀ ਗਈ ਸੀ ਪਰ ਹੁਣ ਮੰਗ ਆਮ ਪੱਧਰ ‘ਤੇ ਆ ਚੁੱਕੀ ਹੈ ਜਿਸ ਨੂੰ ਜ਼ਰੂਰਤ ਅਨੁਸਾਰ ਪੂਰਾ ਕੀਤਾ ਜਾ ਰਿਹਾ ਹੈ।


Posted

in

by

Comments

Leave a Reply

Your email address will not be published. Required fields are marked *