ਜਲੰਧਰ, 26 ਅਪ੍ਰੈਲ: ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਢੰਗ ਨਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਐਤਵਾਰ ਸ਼ਾਮ ਤੱਕ 386256 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 385627 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਖ਼ਰੀਦ ਕੀਤੀ ਫ਼ਸਲ ਦੀ ਕਿਸਾਨਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ 936 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਏਜੰਸੀ ਵਾਰ ਖ਼ਰੀਦ ਦਾ ਵੇਰਵਾ ਦਿੰਦਿਆਂ ਸ਼੍ਰੀ ਵਾਲੀਆ ਨੇ ਦੱਸਿਆ ਕਿ ਪਨਗਰੇਨ ਵੱਲੋਂ 111494 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 103247 ਮੀਟ੍ਰਿਕ ਟਨ, ਪਨਸਪ ਵੱਲੋਂ 91576 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 49186 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 29785 ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 339 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲਿਫ਼ਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਖ਼ਰੀਦ ਉਪਰੰਤ ਮੰਡੀਆਂ ’ਚੋਂ ਨਿਰਧਾਰਿਤ ਸਮੇਂ ਦੇ ਅੰਦਰ ਫ਼ਸਲ ਦੀ ਚੁਕਾਈ ਯਕੀਨੀ ਬਣਾਈ ਜਾਵੇ।
ਸ਼੍ਰੀ ਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਦੀ ਵਚਨਬੱਧ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਚਾਰੂ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।
ਓਧਰ, ਨਿਰਵਿਘਨ ਖ਼ਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਵੱਲੋਂ ਮੰਡੀਆਂ ਦੇ ਲਗਾਤਾਰ ਦੌਰੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਬਾਹਰਲੇ ਰਾਜਾਂ ਤੋਂ ਕਣਕ ਦੀ ਅਣ ਅਧਿਕਾਰਤ ਸਪਲਾਈ ਨੂੰ ਰੋਕਣ ਲਈ ਚੌਕਸੀ ਵਜੋਂ ਨਾਕੇ ਵੀ ਲਾਏ ਜਾ ਰਹੇ ਹਨ।
