ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 27 ਸਤੰਬਰ 2026: ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਕੋਟ ਈਸੇ ਖਾਂ, ਜ਼ਿਲ੍ਹਾ ਮੋਗਾ ਵਿਖੇ ਤਾਇਨਾਤ ਸਟੇਸ਼ਨ ਹਾਊਸ ਅਫਸਰ (ਐਸ.ਐਚ.ਓ.) ਇੰਸਪੈਕਟਰ ਸੁਨੀਤਾ ਬਾਵਾ ਅਤੇ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਗੁਰਅਵਤਾਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਜ਼ਿਲ੍ਹਾ ਮੋਗਾ ਦੇ ਪਿੰਡ ਨੂਰਪੁਰ ਹਕੀਮਾਂ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਪੀ.ਐਚ.ਜੀ. ਗੁਰਅਵਤਾਰ ਸਿੰਘ ਨੇ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਧਮਕੀ ਦਿੱਤੀ ਸੀ ਕਿ ਅਜਿਹਾ ਨਾ ਕਰਨ ‘ਤੇ ਸ਼ਿਕਾਇਤਕਰਤਾ ਨੂੰ ਥਾਣਾ ਕੋਟ ਈਸੇ ਖਾਂ ਵਿਖੇ ਪਹਿਲਾਂ ਤੋਂ ਦਰਜ ਇੱਕ ਮਾਮਲੇ ਵਿੱਚ ਫਸਾ ਦਿੱਤਾ ਜਾਵੇਗਾ। ਬਾਅਦ ਵਿੱਚ ਮੁਲਜ਼ਮ 80,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ। ਮੁਲਜ਼ਮ ਪੀ.ਐਚ.ਜੀ. ਗੁਰਅਵਤਾਰ ਸਿੰਘ ਸ਼ਿਕਾਇਤਕਰਤਾ ਤੋਂ ਪਹਿਲਾਂ ਹੀ 20,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਸੀ ਅਤੇ 60,000 ਰੁਪਏ ਹੋਰ ਮੰਗ ਰਿਹਾ ਸੀ। ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਰਿਸ਼ਵਤ ਦੀ 50,000 ਰੁਪਏ ਦੀ ਕਿਸ਼ਤ ਐਸ.ਐਚ.ਓ. ਸੁਨੀਤਾ ਬਾਵਾ ਲਈ ਸੀ।

ਰਿਸ਼ਵਤ ਦੀ ਰਕਮ ਨਾ ਦੇਣ ਦੀ ਇੱਛਾ ਸਦਕਾ ਸ਼ਿਕਾਇਤਕਰਤਾ ਨੇ ਵੀ.ਬੀ. ਰੇਂਜ ਫਿਰੋਜ਼ਪੁਰ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵੀ.ਬੀ. ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਮੁਲਜ਼ਮ ਪੀ.ਐਚ.ਜੀ. ਗੁਰਅਵਤਾਰ ਸਿੰਘ ਤੋਂ 50,000 ਰੁਪਏ ਰਿਸ਼ਵਤ ਦੀ ਰਕਮ ਲੈਂਦਿਆਂ ਮੁਲਜ਼ਮ ਇੰਸਪੈਕਟਰ ਸੁਨੀਤਾ ਬਾਵਾ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਵੀ.ਬੀ. ਥਾਣਾ ਫਿਰੋਜ਼ਪੁਰ ਵਿਖੇ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅੱਗੇ ਤਫ਼ਤੀਸ਼ ਜਾਰੀ ਹੈ।


Posted

in

by

Comments

Leave a Reply

Your email address will not be published. Required fields are marked *