
ਜਲੰਧਰ, 11 ਅਗਸਤ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਯੁਵਕ ਸੇਵਾਵਾਂ ਵਿਭਾਗ ਵੱਲੋਂ ਮਾਨਤਾ ਪ੍ਰਾਪਤ ਯੁਵਕ ਸੇਵਾਵਾਂ ਕਲੱਬ ਵਰਿਆਣਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਯੁਵਕ ਸੇਵਾਵਾਂ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਵੀ ਦਾਰਾ ਨੇ ‘ਯੁੱਧ ਨਸ਼ਿਆਂ ਵਿਰੁੱਧ’ ਗੀਤ ਗਾ ਕੇ ਲੋਕਾਂ ਨੂੰ ਨਸ਼ਿਆਂ ਦੀ ਲਾਹਣਤ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬੀ ਦੁਨੀਆ ਦੇ ਜਿਹੜੇ ਵੀ ਕੋਨੇ ਵਿੱਚ ਗਏ ਹਨ, ਉਨ੍ਹਾਂ ਮਿਸਾਲਾਂ ਕਾਇਮ ਕੀਤੀਆਂ ਹਨ। ਉਨ੍ਹਾਂ ਪੰਜਾਬੀਆਂ ਨੂੰ ਤੁੰਦਰੁਸਤੀ ਅਤੇ ਖੇਡਾਂ ਦੇ ਖੇਤਰ ਵਿੱਚ ਵੀ ਮਿਸਾਲਾਂ ਕਾਇਮ ਕਰਨ ਲਈ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨਸ਼ੈਲੀ ਅਪਨਾਉਣ ਅਤੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਦਾ ਸੱਦਾ ਦਿੱਤਾ।
ਪ੍ਰੋਗਰਾਮ ਦੌਰਾਨ ਪਿੰਡ ਦੀ ਸਮੁੱਚੀ ਪੰਚਾਇਤ ਨੇ ਨਸ਼ਿਆਂ ਖਿਲਾਫ਼ ਲੜਾਈ ਵਿੱਚ ਸਰਗਰਮ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਵਰਿਆਣਾ ਕਲੱਬ ਦੇ ਪ੍ਰਧਾਨ ਮੋਹਿਤ ਬੱਗਾ ਅਤੇ ਪਿੰਡ ਦੇ ਪਤਵੰਤੇ ਸੱਜਣ ਵੀ ਮੌਜੂਦ ਸਨ। ਪ੍ਰੋਗਰਾਮ ਦੇ ਅਖੀਰ ਵਿੱਚ ਪਿੰਡ ਦੀ ਪੰਚਾਇਤ ਨੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਏ ਗਏ ਇਸ ਜਾਗਰੂਕਤਾ ਪ੍ਰੋਗਰਾਮ ਲਈ ਵਿਸ਼ੇਸ਼ ਧੰਨਵਾਦ ਕੀਤਾ।