ਨੰਗਲ 15 ਮਾਰਚ : ਹਲਕੇ ਦੇ ਪਿੰਡ ਹਰਸਾਬੇਲਾ ਵਿੱਚ ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਅ ਲਈ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋ 7.50 ਕਰੋੜ ਰੁਪਏ ਦੀ ਲਾਗਤ ਨਾਲ ਡੰਗੇ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਜੈਕਟ ਦਾ ਮਕਸਦ ਪਿੰਡ ਅਤੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਹਰ ਸਾਲ ਆਉਣ ਵਾਲੇ ਹੜ੍ਹਾਂ ਦੇ ਖਤਰੇ ਤੋਂ ਬਚਾਉਣਾ ਹੈ। ਸਥਾਨਕ ਵਸਨੀਕਾਂ ਨੇ ਇਸ ਪ੍ਰੋਜੈਕਟ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪਿੰਡ ਦੀ ਜਮੀਨ, ਘਰਾਂ ਅਤੇ ਫਸਲਾਂ ਨੂੰ ਵੱਡਾ ਸੁਰੱਖਿਆ ਕਵਚ ਮਿਲੇਗਾ।
ਇਸ ਮੌਕੇ ਪਿੰਡ ਦੀ ਪੰਚਾਇਤ ਨੂੰ ਹੋਰ ਵਿਕਾਸ ਕਾਰਜਾਂ ਨੂੰ ਤੀਜ਼ੀ ਨਾਲ ਅੱਗੇ ਵਧਾਉਣ ਲਈ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਵੀ ਭੇਟ ਕੀਤਾ ਗਿਆ। ਪਿੰਡ ਵਿੱਚ ਗਲੀਆਂ ਅਤੇ ਪੁੱਲੀਆਂ ਦੇ ਨਿਰਮਾਣ ਦੇ ਕੰਮ ਵੀ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਨਾਲ ਪਿੰਡ ਦੀ ਬੁਨਿਆਦੀ ਢਾਂਚਾਗਤ ਸੁਵਿਧਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਲਈ ਧੰਨਵਾਦ ਪ੍ਰਗਟਾਇਆ ਅਤੇ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਵਿਕਾਸੀ ਕੰਮ ਜਾਰੀ ਰਹਿਣਗੇ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਨ੍ਹਾਂ ਲਈ ਹਲਕੇ ਦੇ ਹਰ ਪਿੰਡ ਦਾ ਵਿਕਾਸ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਵਿਸ਼ਵਾਸ ਅਤੇ ਸਹਿਯੋਗ ਨਾਲ ਹੀ ਇਹ ਵਿਕਾਸ ਯਾਤਰਾ ਸੰਭਵ ਹੋ ਰਹੀ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਵਾਇਆ ਕਿ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾ ਰਹੇ ਇਹ ਕੰਮ ਸਮੇਂ ਸਿਰ ਅਤੇ ਉੱਚ ਗੁਣਵੱਤਾ ਨਾਲ ਪੂਰੇ ਕੀਤੇ ਜਾਣਗੇ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਨੇ ਅੰਤ ਵਿੱਚ ਕਿਹਾ ਕਿ ਲੋਕਾਂ ਵੱਲੋਂ ਦਿੱਤਾ ਗਿਆ ਪਿਆਰ ਅਤੇ ਵਿਸ਼ਵਾਸ ਉਨ੍ਹਾਂ ਲਈ ਸਭ ਤੋਂ ਵੱਡੀ ਤਾਕਤ ਹੈ। “ਤੁਸੀਂ ਆਪਣੇ ਪੁੱਤ ‘ਤੇ ਜੋ ਵਿਸ਼ਵਾਸ ਕੀਤਾ ਹੈ, ਉਸ ਲਈ ਮੈਂ ਹਮੇਸ਼ਾਂ ਰਿਣੀ ਰਹਾਂਗਾ। ਮੈਂ ਵਾਅਦਾ ਕਰਦਾ ਹਾਂ ਕਿ ਆਪਣੇ ਹਲਕੇ ਦੇ ਹਰ ਪਿੰਡ ਅਤੇ ਹਰ ਪਰਿਵਾਰ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਦਾ ਰਹਾਂਗਾ ਅਤੇ ਸਰਬਪੱਖੀ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦੇਵਾਂਗਾ। ਇਸ ਮੌਕੇ ਪਿੰਡ ਵਾਸੀਆਂ ਨੇ ਵੀ ਵਿਕਾਸ ਕਾਰਜਾਂ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
